ਵੜਿੰਗ ਦੇ ਫੈਸਲੇ ਨੂੰ ਮਿਲਿਆ ਹਾਈਕਮਾਨ ਦਾ ਸਮਰਥਨ, 2 ਆਗੂਆਂ ਨੂੰ ਨਹੀਂ ਕੀਤਾ ਸ਼ਾਮਲ
Punjab Congress: ਵੜਿੰਗ ਦੇ ਵਿਰੋਧੀ ਮੰਨੇ ਜਾਂਦੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ 'ਤੇ ਇਨ੍ਹਾਂ ਆਗੂਆਂ ਦੀ ਵਾਪਸੀ ਲਈ ਦਬਾਅ ਪਾਉਣ ਦਾ ਇਲਜ਼ਾਮ ਲਗਾਇਆ ਗਿਆ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਵਾਪਸੀ ਦਾ ਸਮਰਥਨ ਕੀਤਾ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2 ਅਜਿਹੇ ਆਗੂਆਂ ਨੂੰ ਪਾਰਟੀ ‘ਚ ਮੁੜ ਤੋਂ ਸ਼ਾਮਲ ਕਰਨ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਹੈ। ਰਾਜਾ ਅਨੁਸਾਰ ਇਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਵਿਰੁੱਧ ਕੰਮ ਕੀਤਾ ਸੀ।ਵੜਿੰਗ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਦੋਵੇਂ ਆਗੂ ਕਾਂਗਰਸ ਦੇ ਮੁੱਢਲੇ ਮੈਂਬਰ ਵੀ ਨਹੀਂ ਸਨ ਅਤੇ ਚੋਣਾਂ ਦੌਰਾਨ ਉਨ੍ਹਾਂ ਵਿਰੁੱਧ ਪ੍ਰਚਾਰ ਕੀਤਾ ਸੀ। ਇਨ੍ਹਾਂ ਵਿੱਚ ਕਮਲਜੀਤ ਸਿੰਘ ਕੜੇਵਾਲ ਅਤੇ ਕਰਨ ਕੜੇਵਾਲ ਦੇ ਨਾਂ ਸਾਹਮਣੇ ਆਏ ਹਨ। ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲੜੀਆਂ ਸਨ ਤੇ ਜਿੱਤੇ ਸਨ।
ਇਹ ਵਿਵਾਦ ਉਦੋਂ ਹੋਰ ਵਧ ਗਿਆ ਜਦੋਂ ਵੜਿੰਗ ਦੇ ਵਿਰੋਧੀ ਮੰਨੇ ਜਾਂਦੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ‘ਤੇ ਇਨ੍ਹਾਂ ਆਗੂਆਂ ਦੀ ਵਾਪਸੀ ਲਈ ਦਬਾਅ ਪਾਉਣ ਦਾ ਇਲਜ਼ਾਮ ਲਗਾਇਆ ਗਿਆ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਵਾਪਸੀ ਦਾ ਸਮਰਥਨ ਕੀਤਾ ਸੀ।
ਵੜਿੰਗ ਦੇ ਫੈਸਲੇ ਨੂੰ ਹਾਈਕਮਾਨ ਦਾ ਸਮਰਥਨ
ਹਾਲਾਂਕਿ, ਪਾਰਟੀ ਹਾਈਕਮਾਨ ਨੇ ਵੜਿੰਗ ਦੇ ਸਟੈਂਡ ਨੂੰ ਮਹੱਤਵ ਦਿੰਦੇ ਹੋਏ, ਦੋਵਾਂ ਨੇਤਾਵਾਂ ਦੇ ਮੁੜ ਪ੍ਰਵੇਸ਼ ਨੂੰ ਰੱਦ ਕਰ ਦਿੱਤਾ ਹੈ। ਇਸ ਕਦਮ ਨੂੰ ਉਪ ਚੋਣਾਂ ਤੋਂ ਪਹਿਲਾਂ ਪਾਰਟੀ ‘ਚ ਏਕਤਾ ਅਤੇ ਅਨੁਸ਼ਾਸਨ ਬਣਾਈ ਰੱਖਣ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਕਮਲਜੀਤ ਸਿੰਘ ਕੜਵਾਲ ਨੇ ਕਿਹਾ ਕਿ ਮੈਨੂੰ ਅਜੇ ਤੱਕ ਪਾਰਟੀ ਵੱਲੋਂ ਕਿਸੇ ਵੀ ਤਰ੍ਹਾਂ ਦਾ ਪੱਤਰ ਜਾਂ ਨੋਟਿਸ ਨਹੀਂ ਮਿਲਿਆ ਹੈ। ਮੈਂ ਅੱਜ ਸਵੇਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਣ ਆਸ਼ੂ ਨਾਲ ਵੀ ਗੱਲ ਕੀਤੀ। ਅਜਿਹੀ ਕੋਈ ਗੱਲ ਨਹੀਂ ਹੈ। ਕੁਝ ਅਜਿਹੇ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਜੋ ਜਿੱਥੇ ਵੀ ਜਾਂਦੇ ਹਨ, ਮਾਹੌਲ ਖਰਾਬ ਕਰ ਦਿੰਦੇ ਹਨ।