ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਇਸ ਸਬੰਧੀ ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਤਿਮ ਸਸਕਾਰ ਦੇ ਪ੍ਰਬੰਧਾਂ ਤੇ ਅਗਲੇ ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਨੇ ਦੱਸਿਆ ਕਿ ਗੁਰਮਤਿ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਉਣ ਲਈ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਪੁਲਿਸ ਹਿਰਾਸਤ 'ਚ ਆਪਣੇ ਘਰ ਪਹੁੰਚਣਗੇ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅੱਜ ਆਪਣੀ ਦਾਦੀ ਮਾਤਾ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਇਸ ਸਬੰਧੀ ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿੰਡ ‘ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਤਿਮ ਸਸਕਾਰ ਦੇ ਪ੍ਰਬੰਧਾਂ ਤੇ ਅਗਲੇ ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਨੇ ਦੱਸਿਆ ਕਿ ਗੁਰਮਤਿ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਉਣ ਲਈ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਪੁਲਿਸ ਹਿਰਾਸਤ ‘ਚ ਆਪਣੇ ਘਰ ਪਹੁੰਚਣਗੇ। ਇਸ ਤੋਂ ਬਾਅਦ ਉਨ੍ਹਾਂ ਦੀ ਦਾਦੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਯਾਤਰਾ ਦੇ ਰੂਪ ‘ਚ ਸਸਕਾਰ ਵਾਲੀ ਥਾਂ ‘ਤੇ ਲਿਜਾਇਆ ਜਾਵੇਗਾ। ਅਦਾਲਤ ਦੇ ਹੁਕਮਾਂ ਅਨੁਸਾਰ ਦੁਪਹਿਰ 3 ਵਜੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਮੁੜ ਆਪਣੀ ਹਿਰਾਸਤ ‘ਚ ਲੈ ਲਵੇਗਾ।
ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਇਲਾਵਾ 22 ਅਤੇ 23 ਨਵੰਬਰ ਨੂੰ ਹੋਣ ਵਾਲੀ ਫੁੱਲ ਚੁਗਣ ਦੀ ਰਸਮ ਤੇ ਅੰਤਿਮ ਅਰਦਾਸ ‘ਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਨਿੱਜੀ ਜ਼ਮੀਨ ‘ਤੇ ਹੋਵੇਗਾ ਅੰਤਿਮ ਸਸਕਾਰ, ਸੰਗਤ ਲਈ ਲੰਗਰ ਦੇ ਪ੍ਰਬੰਧ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਦਾਦੀ ਮਾਤਾ ਜੀ ਦਾ ਅੰਤਿਮ ਸਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੀ ਨਿੱਜੀ ਜ਼ਮੀਨ ‘ਤੇ ਕੀਤਾ ਜਾਵੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਪਾਰਕਿੰਗ, ਲੰਗਰ ਤੇ ਚਾਹ-ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਿੰਡ ਦੇ ਅੰਦਰ ਭੀੜ ਇਕੱਠੀ ਕਰਨ ਦੀ ਬਜਾਏ ਸਿੱਧਾ ਸਸਕਾਰ ਵਾਲੀ ਥਾਂ ‘ਤੇ ਪਹੁੰਚ ਕੇ ਮਾਤਾ ਜੀ ਦੇ ਅੰਤਿਮ ਦਰਸ਼ਨ ਕਰਨ।
ਡਿਬਰੂਗੜ੍ਹ ਤੋਂ ਪੰਜਾਬ ਲਿਆਉਣ ਲਈ ਖਰਚੇ 19 ਲੱਖ ਰੁਪਏ ਤੋਂ ਵੱਧ
ਸੁਖਚੈਨ ਸਿੰਘ ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪਰਿਵਾਰ ਨੂੰ ਸਰਕਾਰੀ ਖਾਤੇ ‘ਚ 19 ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਉਣੀ ਪਈ ਹੈ। ਉਨ੍ਹਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਆਉਣ-ਜਾਣ ਦੇ ਖਰਚੇ ਵਜੋਂ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਸ ਤੋਂ ਇਲਾਵਾ ਹਰਜੀਤ ਸਿੰਘ ਲਈ 6 ਲੱਖ 64 ਹਜ਼ਾਰ ਰੁਪਏ ਅਤੇ ਸੁਖਮਨਜੀਤ ਸਿੰਘ ਲਈ 2 ਲੱਖ 63 ਹਜ਼ਾਰ ਰੁਪਏ ਤੋਂ ਵੱਧ ਦੀ ਰਕਮ ਵੱਖਰੇ ਤੌਰ ‘ਤੇ ਅਦਾ ਕੀਤੀ ਗਈ ਹੈ।
ਸ਼ਾਂਤੀ ਬਣਾਈ ਰੱਖਣ ਦੀ ਅਪੀਲ, ਹਥਿਆਰ ਲਿਆਉਣ ਤੇ ਨਾਅਰੇਬਾਜ਼ੀ ਤੋਂ ਕੀਤਾ ਮਨ੍ਹਾ
ਅਦਾਲਤ ਦੀਆਂ ਸਖ਼ਤ ਹਦਾਇਤਾਂ ਦਾ ਹਵਾਲਾ ਦਿੰਦਿਆਂ ਪਰਿਵਾਰ ਅਤੇ ਤਾਲਮੇਲ ਕਮੇਟੀ ਨੇ ਸੰਗਤ ਨੂੰ ਸ਼ਾਂਤੀ ਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇਕਰ ਮੌਕੇ ‘ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਹੁੰਦੀ ਹੈ ਜਾਂ ਕਾਨੂੰਨ ਵਿਵਸਥਾ ਵਿਗੜਨ ਦਾ ਖ਼ਦਸ਼ਾ ਪੈਦਾ ਹੁੰਦਾ ਹੈ ਤਾਂ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਵਾਪਸ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਸਕਦਾ ਹੈ।
ਇਸ ਦੇ ਮੱਦੇਨਜ਼ਰ ਪਰਿਵਾਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਨਾਲ ਹਥਿਆਰ ਲੈ ਕੇ ਨਾ ਆਵੇ ਤੇ ਨਾ ਹੀ ਕਿਸੇ ਤਰ੍ਹਾਂ ਦੀ ਨਾਅਰੇਬਾਜ਼ੀ ਕਰੇ। ਇਹ ਦੁੱਖ ਦੀ ਘੜੀ ਹੈ, ਇਸ ਲਈ ਸਾਰੇ ਲੋਕ ਸੰਜਮ ਤੇ ਅਨੁਸ਼ਾਸਨ ਬਣਾਈ ਰੱਖਣ ਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵਿੱਚ ਸ਼ਾਮਲ ਹੋਣ।


