ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸੈਸ਼ਨ ਵਿੱਚ ਨਹੀਂ ਹੋ ਸਕਣਗੇ ਸ਼ਾਮਲ

Updated On: 

12 Mar 2025 13:06 PM

Amritpal Singh's Parliament Absence: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਨਹੀਂ ਦਿੱਤੀ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਦੀ 60 ਦਿਨਾਂ ਤੋਂ ਵੱਧ ਗੈਰਹਾਜ਼ਰੀ ਕਾਰਨ ਸੰਸਦੀ ਸੀਟ ਖ਼ਤਰੇ ਵਿੱਚ ਪੈ ਸਕਦੀ ਸੀ, ਪਰ ਕਮੇਟੀ ਨੇ ਛੁੱਟੀ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਅੰਤਿਮ ਫੈਸਲਾ ਸਪੀਕਰ ਲੈਣਗੇ। ਉਹ NSA ਤਹਿਤ ਜੇਲ੍ਹ ਵਿੱਚ ਬੰਦ ਹਨ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸੈਸ਼ਨ ਵਿੱਚ ਨਹੀਂ ਹੋ ਸਕਣਗੇ ਸ਼ਾਮਲ
Follow Us On

ਅਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਦੀ ਚੋਣ ਜਿੱਤਣ ਵਾਲੇ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਤੋਂ ਰਾਹਤ ਨਹੀਂ ਮਿਲੀ ਹੈ। ਉਹ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਹਾਲਾਂਕਿ, ਸੰਸਦ ਵੱਲੋਂ ਛੁੱਟੀ ਮਨਜ਼ੂਰ ਕੀਤੇ ਜਾਣ ਤੋਂ ਬਾਅਦ, ਹਾਈ ਕੋਰਟ ਨੇ ਉਹਨਾਂਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਇਸ ਦੇ ਨਾਲ ਹੀ, ਉਹਨਾਂ ਦੀ ਮੈਂਬਰਸ਼ਿਪ ਵੀ ਬਰਕਰਾਰ ਰਹੇਗੀ।

ਆਪਣੀ ਪਟੀਸ਼ਨ ਵਿੱਚ, ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਜੇਕਰ ਉਹ ਲਗਾਤਾਰ 60 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਦੀ ਖਡੂਰ ਸਾਹਿਬ ਸੰਸਦੀ ਸੀਟ ਖ਼ਤਰੇ ਵਿੱਚ ਪੈ ਜਾਵੇਗੀ, ਜਿਸ ਨਾਲ ਉਨ੍ਹਾਂ ਦੇ 19 ਲੱਖ ਵੋਟਰ ਪ੍ਰਤੀਨਿਧਤਾ ਤੋਂ ਵਾਂਝੇ ਰਹਿ ਜਾਣਗੇ।

ਸੰਸਦ ਦੇ ਨਿਯਮਾਂ ਅਨੁਸਾਰ, ਜੇਕਰ ਕੋਈ ਸੰਸਦ ਮੈਂਬਰ ਲਗਾਤਾਰ 60 ਦਿਨਾਂ ਤੱਕ ਸਦਨ ​​ਵਿੱਚ ਹਾਜ਼ਰ ਨਹੀਂ ਹੁੰਦਾ ਅਤੇ ਉਸਦੀ ਗੈਰਹਾਜ਼ਰੀ ਨੂੰ ਮਨਜ਼ੂਰੀ ਨਹੀਂ ਦਿੱਤੀ ਜਾਂਦੀ, ਤਾਂ ਉਸਦੀ ਮੈਂਬਰਸ਼ਿਪ ਖਤਮ ਕੀਤੀ ਜਾ ਸਕਦੀ ਹੈ।

ਕਮੇਟੀ ਨੇ ਕੀਤੀ ਸਿਫਾਰਿਸ

ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਬਿਰਲਾ ਨੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀਆਂ ਬੇਨਤੀਆਂ ‘ਤੇ ਵਿਚਾਰ ਕਰਨ ਲਈ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ, ਜਿਸਦੀ ਅਗਵਾਈ ਭਾਜਪਾ ਸੰਸਦ ਮੈਂਬਰ ਅਤੇ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਕਰ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੀ ਬੇਨਤੀ ‘ਤੇ ਵਿਚਾਰ ਕਰਨ ਤੋਂ ਬਾਅਦ, ਕਮੇਟੀ ਨੇ ਉਨ੍ਹਾਂ ਨੂੰ ਗੈਰਹਾਜ਼ਰੀ ਲਈ ਛੁੱਟੀ ਦੇਣ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਅੰਤਿਮ ਫੈਸਲਾ ਲੋਕ ਸਭਾ ਸਪੀਕਰ ਦੁਆਰਾ ਲਿਆ ਜਾਵੇਗਾ।

54 ਦਿਨ ਦੀ ਛੁੱਟੀ ਲਈ ਅਰਜ਼ੀ

ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਹਨਾਂ ਨੇ ਲੋਕ ਸਭਾ ਸਪੀਕਰ ਨੂੰ ਦੋ ਬੇਨਤੀਆਂ ਸੌਂਪੀਆਂ ਸਨ ਜਿਸ ਵਿੱਚ ਉਹਨਾਂ ਨਜ਼ਰਬੰਦੀ ਕਾਰਨ ਸੰਸਦ ਤੋਂ ਗੈਰਹਾਜ਼ਰੀ ਦੀ ਇਜਾਜ਼ਤ ਮੰਗੀ ਗਈ ਸੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ 54 ਦਿਨਾਂ ਦੀ ਛੁੱਟੀ ਲਈ ਅਰਜ਼ੀ ਦਿੱਤੀ ਹੈ। ਜਿਸ ਵਿੱਚ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ) ਅਤੇ 25 ਨਵੰਬਰ ਤੋਂ 20 ਦਸੰਬਰ (26 ਦਿਨ) ਸ਼ਾਮਿਲ ਹਨ।

ਹੁਣ ਅੰਮ੍ਰਿਤਪਾਲ ਨੂੰ ਛੁੱਟੀ ਮਿਲਣ ਤੋਂ ਬਾਅਦ ਉਹਨਾਂ ਦੀ ਲੋਕ ਸਭਾ ਮੈਂਬਰਸ਼ਿਪ ਬਰਕਰਾਰ ਰਹੇਗੀ। ਹਾਲਾਂਕਿ ਉਹ ਕਦੋਂ ਸੰਸਦ ਦੀ ਬੈਠਕ ਵਿੱਚ ਹਿੱਸਾ ਲੈਣ ਸਕਣਗੇ ਅਜੇ ਇਹ ਸਵਾਲ ਬਰਕਰਾਰ ਹੈ।