MP ਅੰਮ੍ਰਿਤਪਾਲ ਨੂੰ ਦਿੱਲੀ ਦੇ ਸੇਫ਼ ਹਾਊਸ ‘ਚ ਰੱਖਿਆ, ਭਲਕੇ ਫ਼ਲਾਈਟ ਰਾਹੀਂ ਲਿਆਂਦਾ ਜਾਵੇਗਾ ਅੰਮ੍ਰਿਤਸਰ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਦਿੱਲੀ ਪਹੁੰਚ ਗਈ ਹੈ। ਫ਼ਿਲਹਾਲ ਉਨ੍ਹਾਂ ਨੂੰ ਦਿੱਲੀ ਵਿਖੇ ਇੱਕ ਸੇਫ਼ ਹਾਊਸ ਵਿੱਚ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿੱਥੋਂ ਕੱਲ੍ਹ ਸਵੇਰੇ ਸੰਸਦ ਮੈਂਬਰ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਦਿੱਲੀ ਪਹੁੰਚ ਗਈ ਹੈ। ਫ਼ਿਲਹਾਲ ਉਨ੍ਹਾਂ ਨੂੰ ਦਿੱਲੀ ਵਿਖੇ ਇੱਕ ਸੇਫ਼ ਹਾਊਸ ਵਿੱਚ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿੱਥੋਂ ਕੱਲ੍ਹ ਸਵੇਰੇ ਸੰਸਦ ਮੈਂਬਰ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਨਿਰਧਾਰਤ ਪ੍ਰੋਗਰਾਮ ਮੁਤਾਬਕ, ਸਵੇਰੇ 7:15 ਵਜੇ ਦਿੱਲੀ ਤੋਂ ਅੰਮ੍ਰਿਤਸਰ ਲਈ ਫ਼ਲਾਈਟ ਰਵਾਨਾ ਹੋਵੇਗੀ, ਜੋ ਸਵੇਰੇ 8:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇਗੀ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਿਲੀ ਕਸਟਡੀ ਪੈਰੋਲ ਤਹਿਤ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਜਾਇਆ ਜਾਵੇਗਾ, ਜਿੱਥੇ ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।
ਕਸਟਡੀ ਪੈਰੋਲ ਦਾ ਸਮਾਂ ਸਮਾਪਤ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਵਾਪਸ ਅੰਮ੍ਰਿਤਸਰ ਏਅਰਪੋਰਟ ਲੈ ਕੇ ਜਾਵੇਗੀ। ਉੱਥੋਂ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਦਿੱਲੀ ਲਈ ਫ਼ਲਾਈਟ ਉਡਾਣ ਭਰੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਸੰਸਦ ਮੈਂਬਰ ਦੀ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ 3 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਹਨ। ਅੰਮ੍ਰਿਤਪਾਲ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖ਼ਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਸਰਕਾਰੀ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।
ਮਾਹੌਲ ਵਿਗੜਿਆ ਤਾਂ ਤੁਰੰਤ ਵਾਪਸ ਲੈ ਜਾਵੇਗੀ ਪੁਲਿਸ
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਵਿਗੜਨ ਦੀ ਸਥਿਤੀ ਵਿੱਚ ਪੁਲਿਸ ਨੂੰ ਉਨ੍ਹਾਂ ਨੂੰ ਤੁਰੰਤ ਵਾਪਸ ਲਿਜਾਣ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ। ਅੰਮ੍ਰਿਤਸਰ ਅਦਾਲਤ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਇਹ ਵਿਸ਼ੇਸ਼ ਛੋਟ ਦਿੱਤੀ ਹੈ। ਅਦਾਲਤ ਦੇ ਹੁਕਮਾਂ ਮੁਤਾਬਕ, ਜੇਕਰ ਅੰਤਿਮ ਸਸਕਾਰ ਦੌਰਾਨ ਕਾਨੂੰਨ-ਵਿਵਸਥਾ ਭੰਗ ਹੁੰਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਫਿਰ ਅਜਿਹੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਵੀ ਨਜ਼ਰ ਆਉਂਦਾ ਹੈ, ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।
ਇਹ ਵੀ ਪੜ੍ਹੋ
ਤੁਰੰਤ ਪੰਜਾਬ ਤੋਂ ਬਾਹਰ ਲਿਜਾ ਸਕਦੀ ਹੈ ਪੁਲਿਸ
ਅਦਾਲਤ ਨੇ ਸਰਕਾਰ ਨੂੰ ਇਹ ਅਧਿਕਾਰ ਵੀ ਸੌਂਪਿਆ ਹੈ ਕਿ ਲੋੜ ਪੈਣ ‘ਤੇ ਅੰਮ੍ਰਿਤਪਾਲ ਸਿੰਘ ਨੂੰ ਸਿਰਫ਼ ਅੰਤਿਮ ਸਸਕਾਰ ਵਾਲੀ ਥਾਂ ਤੋਂ ਹੀ ਨਹੀਂ, ਸਗੋਂ ਤੁਰੰਤ ਪੰਜਾਬ ਤੋਂ ਬਾਹਰ ਵੀ ਲਿਜਾਇਆ ਜਾ ਸਕਦਾ ਹੈ। ਭਾਵ ਪੈਰੋਲ ਦੀ ਨਿਰਧਾਰਤ ਮਿਆਦ ਪੂਰੀ ਹੋਣ ਦੀ ਉਡੀਕ ਕੀਤੇ ਬਿਨਾਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਵਾਪਸ ਲਿਜਾਣ ਦਾ ਫ਼ੈਸਲਾ ਲਿਆ ਜਾ ਸਕੇਗਾ।
ਪੁਲਿਸ ਦੇ ਖ਼ਾਤੇ ਵਿੱਚ ਜਮ੍ਹਾਂ ਕਰਵਾਏ 10 ਲੱਖ ਰੁਪਏ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਛੱਡ ਕੇ ਆਉਣ ਲਈ ਉਨ੍ਹਾਂ ਦੇ ਪਰਿਵਾਰ ਨੇ ਪੁਲਿਸ ਦੇ ਸਰਕਾਰੀ ਖ਼ਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਹਨ। ਇਸ ਰਕਮ ਵਿੱਚੋਂ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ ‘ਤੇ ਖ਼ਰਚ ਹੋਣਗੇ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਆਉਣ-ਜਾਣ ਵਾਲੇ 5 ਪੁਲਿਸ ਮੁਲਾਜ਼ਮਾਂ ਦੀਆਂ ਟਿਕਟਾਂ ਸ਼ਾਮਲ ਹਨ।
