ਅੰਮ੍ਰਿਤਸਰ ‘ਚ AAP ਆਗੂ ‘ਤੇ ਦਿਨ-ਦਿਹਾੜੇ ਫਾਈਰਿੰਗ, ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ, ਦੋਵਾਂ ਦਾ ਇਲਾਜ ਜਾਰੀ

Updated On: 

28 May 2026 16:22 PM IST

Firing on AAP Leader Jaipal Singh: ਜੈਪਾਲ ਸਿੰਘ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਹਨ ਅਤੇ ਪਹਿਲਾਂ ਚੋਣ ਵੀ ਲੜ ਚੁੱਕੇ ਹਨ। ਪੂਰਾ ਮਾਮਲਾ ਨਿੱਜੀ ਰੰਜ਼ਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜੈਪਾਲ 'ਤੇ ਦੋ ਤੋਂ ਤਿੰਨ ਰਾਊਂਡ ਫਾਇਰਿੰਗ ਕੀਤੀ ਗਈ। ਸੂਤਰਾਂ ਮੁਤਾਬਕ ਜੈਪਾਲ ਸਿੰਘ ਦਾ ਕਿਸੇ ਸਾਬਕਾ ਪੁਲਿਸ ਅਧਿਕਾਰੀ ਨਾਲ ਝਗੜਾ ਸੀ ਤੇ ਉਸ ਨੇ ਹੀ ਉਸ 'ਤੇ ਫਾਇਰਿੰਗ ਕੀਤੀ ਹੈ।

ਅੰਮ੍ਰਿਤਸਰ ਚ AAP ਆਗੂ ਤੇ ਦਿਨ-ਦਿਹਾੜੇ ਫਾਈਰਿੰਗ, ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ, ਦੋਵਾਂ ਦਾ ਇਲਾਜ ਜਾਰੀ

ਅੰਮ੍ਰਿਤਸਰ ਦੇ ਕੋਟ ਆਤਮਾ ਰਾਮ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਛੋਟੀ ਜਿਹੀ ਤਕਰਾਰ ਗੋਲੀਬਾਰੀ ਵਿੱਚ ਤਬਦੀਲ ਹੋ ਗਈ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਜੈਪਾਲ ਸਿੰਘ ਅਤੇ ਇੱਕ ਹੋਰ ਵਿਅਕਤੀ ਨਰਿੰਦਰ ਸਿੰਘ ਜਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ ਵੀ ਹਸਪਤਾਲ ਪਹੁੰਚੇ ਅਤੇ ਜਖਮੀ ਜੈਪਾਲ ਸਿੰਘ ਦਾ ਹਾਲ-ਚਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਉਨ੍ਹਾਂ ਦੇ ਹਲਕੇ ਵਿੱਚ ਗੋਲੀਬਾਰੀ ਹੋਈ ਹੈ ਅਤੇ ਜੈਪਾਲ ਸਿੰਘ ਅਮਨਦੀਪ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਡਾਕਟਰਾਂ ਨਾਲ ਗੱਲ ਕਰਕੇ ਮਰੀਜ਼ਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ ਹੈ ਅਤੇ ਪੂਰੀ ਘਟਨਾ ਬਾਰੇ ਅਜੇ ਵਿਸਥਾਰ ਨਾਲ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਸਿਆਸੀ ਰੰਜਿਸ਼ ਦੀ ਨਹੀਂ ਹੋਈ ਪੁਸ਼ਟੀ

ਡਾ. ਨਿੱਝਰ ਨੇ ਦੱਸਿਆ ਕਿ ਜੈਪਾਲ ਸਿੰਘ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਹਨ ਅਤੇ ਪਹਿਲਾਂ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਘਟਨਾ ਦੇ ਅਸਲ ਕਾਰਨ ਕੀ ਸਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੰਜਿਸ਼ ਦੀ ਪੁਸ਼ਟੀ ਨਹੀਂ ਹੋਈ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।

ਇਸ ਮੌਕੇ ਵਾਰਡ ਨੰਬਰ 47 ਤੋਂ ਕੌਂਸਲਰ ਵਰਪਾਲ ਸਿੰਘ ਬੱਬਰ ਨੇ ਦੱਸਿਆ ਕਿ ਜੈਪਾਲ ਸਿੰਘ ਉਨ੍ਹਾਂ ਦੇ ਕਰੀਬੀ ਸਾਥੀ ਹਨ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਮੁਤਾਬਕ ਸ਼ੁਰੂਆਤੀ ਜਾਣਕਾਰੀ ਅਨੁਸਾਰ ਗੱਡੀ ਖੜੀ ਕਰਨ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਹੋਈ ਸੀ, ਜੋ ਬਾਅਦ ਵਿੱਚ ਹਿੰਸਕ ਝਗੜੇ ਵਿੱਚ ਬਦਲ ਗਈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਜੈਪਾਲ ਸਿੰਘ ਨੂੰ ਇੱਕ ਗੋਲੀ ਲੱਗ ਗਈ, ਜਦਕਿ ਹੋਰ ਫਾਇਰ ਵੀ ਕੀਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਜੈਪਾਲ ਸਿੰਘ ਦੇ ਪੁੱਤਰ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਆਰੋਪੀ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ – ਪੁਲਿਸ

ਉੱਥੇ ਹੀ ਥਾਣਾ ਬੀ ਡਿਵੀਜ਼ਨ ਦੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਓਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਕੋਟ ਆਤਮਾ ਰਾਮ ਇਲਾਕੇ ਵਿੱਚ ਵਾਪਰੀ। ਉਨ੍ਹਾਂ ਕਿਹਾ ਕਿ ਕਰਨ ਨਾਮਕ ਨੌਜਵਾਨ ਵੱਲੋਂ ਗੱਡੀ ਪਾਰਕ ਕਰਨ ਨੂੰ ਲੈ ਕੇ ਤਜਿੰਦਰ ਸਿੰਘ ਨਾਲ ਬਹਿਸ ਹੋਈ ਸੀ। ਇਸ ਤੋਂ ਬਾਅਦ ਦੋਵੇਂ ਧਿਰਾਂ ਵਿੱਚ ਝੜਪ ਹੋ ਗਈ ਅਤੇ ਮਾਮਲਾ ਇੰਨਾ ਵੱਧ ਗਿਆ ਕਿ ਦੋਵੇਂ ਪਾਸਿਆਂ ਤੋਂ ਗੋਲੀਆਂ ਚੱਲੀਆਂ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਵਿੱਚ ਜੈਪਾਲ ਸਿੰਘ ਅਤੇ ਨਰਿੰਦਰ ਸਿੰਘ ਜਖਮੀ ਹੋਏ ਹਨ ਅਤੇ ਦੋਵੇਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੀ ਧਿਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲੀ ਸੈਲਫ ਡਿਫੈਂਸ ਵਿੱਚ ਚਲਾਈ ਗਈ ਸੀ। ਫਿਲਹਾਲ ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us