ਅੰਮ੍ਰਿਤਸਰ ‘ਚ NEET-UG ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਕੇਂਦਰਾਂ ਦੇ ਬਾਹਰ ਲਾਗੂ ਹੋਈ ਧਾਰਾ 163

Updated On: 

19 Jun 2026 21:39 PM IST

ਰਾਸ਼ਟਰੀ ਪ੍ਰੀਖਿਆ ਏਜੰਸੀ ਵੱਲੋਂ 21 ਜੂਨ ਨੂੰ ਲਈ ਜਾ ਰਹੀ 'ਨੀਟ' ਪ੍ਰੀਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਨੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿੱਚ ਧਾਰਾ 163 ਲਾਗੂ ਕਰਕੇ ਇਕੱਠੇ ਹੋਣ ਅਤੇ ਲਾਊਡਸਪੀਕਰਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਸੁਚਾਰੂ ਪ੍ਰਬੰਧਾਂ ਲਈ ਵਿਸ਼ੇਸ਼ ਤਾਲਮੇਲ ਟੀਮ ਵੀ ਬਣਾਈ ਗਈ ਹੈ।

ਅੰਮ੍ਰਿਤਸਰ ਚ NEET-UG ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਕੇਂਦਰਾਂ ਦੇ ਬਾਹਰ ਲਾਗੂ ਹੋਈ ਧਾਰਾ 163

ਰਾਸ਼ਟਰੀ ਪ੍ਰੀਖਿਆ ਏਜੰਸੀ ਵੱਲੋਂ ਆਉਂਦੀ 21 ਜੂਨ ਨੂੰ ਦੇਸ਼ ਭਰ ਵਿੱਚ ਕਰਵਾਈ ਜਾ ਰਹੀ ਨੀਟ (NEET-UG 2026) ਦੀ ਪ੍ਰੀਖਿਆ ਨੂੰ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਅਮਨ-ਅਮਾਨ, ਪਾਰਦਰਸ਼ੀ ਅਤੇ ਨਕਲ ਰਹਿਤ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਪ੍ਰੀਖਿਆ ਦੀ ਅਹਿਮੀਅਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਨੇ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਇਹ ਸਖ਼ਤ ਆਦੇਸ਼ 21 ਜੂਨ ਨੂੰ ਪ੍ਰੀਖਿਆ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਲਾਗੂ ਰਹਿਣਗੇ।

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋਣ ‘ਤੇ ਰਹੇਗੀ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨੀਟ ਦੀ ਇਹ ਪ੍ਰੀਖਿਆ ਪੈੱਨ ਅਤੇ ਪੇਪਰ ਮੋਡ ਰਾਹੀਂ ਦੁਪਹਿਰ 2:00 ਵਜੇ ਤੋਂ ਲੈ ਕੇ ਸ਼ਾਮ 5:30 ਵਜੇ ਤੱਕ ਕਰਵਾਈ ਜਾਵੇਗੀ। ਪ੍ਰੀਖਿਆ ਦੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਿਖੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਧਾਰਾ 163 ਲਾਗੂ: ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।

ਲਾਊਡਸਪੀਕਰਾਂ ‘ਤੇ ਪਾਬੰਦੀ: ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਵਿਦਿਆਰਥੀਆਂ ਦੀ ਇਕਾਗਰਤਾ ਭੰਗ ਹੋਣ ਤੋਂ ਬਚਾਉਣ ਅਤੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ ਲਾਊਡਸਪੀਕਰ, ਡੀ.ਜੇ. (DJ) ਜਾਂ ਕਿਸੇ ਵੀ ਹੋਰ ਕਿਸਮ ਦੇ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਯੰਤਰਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਰੋਕ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ (SSP ਦੇਹਾਤੀ), ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਮੂਹ ਐੱਸ.ਡੀ.ਐੱਮਜ਼ ਅਤੇ ਤਹਿਸੀਲਦਾਰਾਂ ਨੂੰ ਇਨ੍ਹਾਂ ਹੁਕਮਾਂ ਨੂੰ ਜ਼ਮੀਨੀ ਪੱਧਰ ‘ਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਜੇਕਰ ਕੋਈ ਵੀ ਅਨਸਰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨਿਰਵਿਘਨ ਪ੍ਰਬੰਧਾਂ ਲਈ ਵਿਸ਼ੇਸ਼ ਤਾਲਮੇਲ ਟੀਮ ਦਾ ਗਠਨ

ਪ੍ਰੀਖਿਆ ਦੇਣ ਆਉਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਇੱਕ ਵਿਆਪਕ ਕੰਟਰੋਲ ਅਤੇ ਤਾਲਮੇਲ ਪ੍ਰਣਾਲੀ ਤਿਆਰ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਉੱਚ ਪੱਧਰੀ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਇਸ ਵਿਸ਼ੇਸ਼ ਟੀਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪ੍ਰੀਖਿਆ ਦੇ ਦੌਰਾਨ ਸਾਰੇ ਕੇਂਦਰਾਂ ‘ਤੇ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਬਿਜਲੀ ਦੀ ਸਪਲਾਈ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਤੁਰੰਤ ਮੈਡੀਕਲ ਸਹਾਇਤਾ ਅਤੇ ਪੁਲਿਸ ਸੁਰੱਖਿਆ ਵਰਗੀਆਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣ, ਤਾਂ ਜੋ ਬਾਹਰੋਂ ਆਉਣ ਵਾਲੇ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Follow Us