ਅੰਮ੍ਰਿਤਸਰ ‘ਚ ਹਥਿਆਰਾਂ ਦੀ ਵੱਡੀ ਖੇਪ ਬਰਾਮਦ, ਪੁਲਿਸ ਨੇ 6 ਪਿਸਤੌਲਾਂ ਤੇ 10 ਮੈਗਜ਼ੀਨਾਂ ਸਣੇ 2 ਤਸਕਰ ਕੀਤੇ ਕਾਬੂ

Updated On: 

17 Aug 2026 16:45 PM IST

ਅੰਮ੍ਰਿਤਸਰ ਅਧੀਨ ਪੈਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਗੈਰ-ਕਾਨੂੰਨੀ ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੇ ਹਨ।

ਅੰਮ੍ਰਿਤਸਰ ਚ ਹਥਿਆਰਾਂ ਦੀ ਵੱਡੀ ਖੇਪ ਬਰਾਮਦ, ਪੁਲਿਸ ਨੇ 6 ਪਿਸਤੌਲਾਂ ਤੇ 10 ਮੈਗਜ਼ੀਨਾਂ ਸਣੇ 2 ਤਸਕਰ ਕੀਤੇ ਕਾਬੂ

ਅੰਮ੍ਰਿਤਸਰ ਅਧੀਨ ਪੈਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਗੈਰ-ਕਾਨੂੰਨੀ ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਭਕਨਾ ਵਾਸੀ ਕੈਪਟਨਪ੍ਰੀਤ ਸਿੰਘ ਉਰਫ਼ ਸੰਧੂ ਪੁੱਤਰ ਹਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਬਗੀਚਾ ਸਿੰਘ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ 16 ਅਗਸਤ 2026 ਨੂੰ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰਬਰ 360 ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਵਾਂ ਖ਼ਿਲਾਫ਼ ਅਸਲਾ ਐਕਟ (ਆਰਮਜ਼ ਐਕਟ) ਦੀ ਧਾਰਾ 25(8), 54 ਅਤੇ 59 ਤਹਿਤ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਵਿਛਾਇਆ ਜਾਲ

ਮਿਲੀ ਜਾਣਕਾਰੀ ਮੁਤਾਬਕ ਏ.ਐੱਸ.ਆਈ. ਜਗਤਾਰ ਸਿੰਘ ਸੀ.ਆਈ.ਏ. ਸਟਾਫ਼ ਦੀ ਟੀਮ ਸਮੇਤ ਸ਼ੱਕੀ ਵਿਅਕਤੀਆਂ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਪੁਲਿਸ ਪਾਰਟੀ ਜਦੋਂ ਰਾਜ ਪੈਲੇਸ ਨੇੜੇ ਜੀ.ਟੀ. ਰੋਡ, ਅਟਾਰੀ ਵਿਖੇ ਮੌਜੂਦ ਸੀ ਤਾਂ ਉਸੇ ਦੌਰਾਨ ਇੱਕ ਖ਼ਾਸ ਮੁਖ਼ਬਰ ਨੇ ਗੁਪਤ ਇਤਲਾਹ ਦਿੱਤੀ ਕਿ ਕੈਪਟਨਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਸਰਹੱਦ ਪਾਰ ਪਾਕਿਸਤਾਨ ਤੋਂ ਨਾਜਾਇਜ਼ ਹਥਿਆਰ ਅਤੇ ਗੋਲਾ-ਸਿੱਕਾ ਮੰਗਵਾ ਕੇ ਇਲਾਕੇ ਵਿੱਚ ਸਪਲਾਈ ਕਰਨ ਦਾ ਨਾਜਾਇਜ਼ ਧੰਦਾ ਕਰਦੇ ਹਨ।

ਮੁਖ਼ਬਰ ਨੇ ਇਹ ਵੀ ਪੁਖ਼ਤਾ ਜਾਣਕਾਰੀ ਦਿੱਤੀ ਕਿ ਦੋਵੇਂ ਮੁਲਜ਼ਮ ਇੱਕ ਕਾਲੇ ਰੰਗ ਦੇ ਹੀਰੋ ਹੋਂਡਾ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਰਾਮਪੁਰਾ ਤੋਂ ਅੰਮ੍ਰਿਤਸਰ ਸ਼ਹਿਰ ਵੱਲ ਆ ਰਹੇ ਹਨ ਅਤੇ ਰਸਤੇ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੂੰ ਹਥਿਆਰਾਂ ਦੀ ਖੇਪ ਸੌਂਪਣ ਦੀ ਫ਼ਿਰਾਕ ਵਿੱਚ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਇਲਾਕੇ ਵਿੱਚ ਸਖ਼ਤ ਨਾਕਾਬੰਦੀ ਕਰ ਦਿੱਤੀ ਅਤੇ ਦੋਵਾਂ ਸ਼ੱਕੀਆਂ ਨੂੰ ਘੇਰ ਕੇ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ 30 ਬੋਰ ਦੇ ਹਥਿਆਰ ਅਤੇ ਮੋਟਰਸਾਈਕਲ ਜ਼ਬਤ

ਪੁਲਿਸ ਟੀਮ ਵੱਲੋਂ ਮੌਕੇ ‘ਤੇ ਕੀਤੀ ਗਈ ਬਾਰੀਕੀ ਨਾਲ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .30 ਬੋਰ ਦੇ 6 ਨਾਜਾਇਜ਼ ਪਿਸਤੌਲ ਅਤੇ 10 ਜ਼ਿੰਦਾ ਮੈਗਜ਼ੀਨ ਬਰਾਮਦ ਕੀਤੇ ਗਏ। ਪੁਲਿਸ ਨੇ ਬਰਾਮਦ ਕੀਤੇ ਹਥਿਆਰਾਂ ਦੇ ਨਾਲ-ਨਾਲ ਤਸਕਰੀ ਲਈ ਵਰਤਿਆ ਜਾ ਰਿਹਾ ਕਾਲੇ ਰੰਗ ਦਾ ਹੀਰੋ ਹੋਂਡਾ ਸਪਲੈਂਡਰ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਕੇ ਜ਼ਬਤ ਕਰ ਲਿਆ ਹੈ।

ਹਥਿਆਰਾਂ ਦੇ ਨੈੱਟਵਰਕ ਦੀ ਡੂੰਘਾਈ ਨਾਲ ਪੜਤਾਲ ਜਾਰੀ

ਪੁਲਿਸ ਪ੍ਰਸ਼ਾਸਨ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ ਇਹ ਹਥਿਆਰ ਕਿਹੜੇ ਰਸਤੇ ਰਾਹੀਂ ਮੰਗਵਾਏ ਗਏ ਸਨ ਅਤੇ ਇਨ੍ਹਾਂ ਦੀ ਡਿਲੀਵਰੀ ਅੱਗੇ ਕਿਨ੍ਹਾਂ ਵਿਅਕਤੀਆਂ ਜਾਂ ਗਿਰੋਹਾਂ ਨੂੰ ਦਿੱਤੀ ਜਾਣੀ ਸੀ। ਹਾਲਾਂਕਿ ਪਾਕਿਸਤਾਨ ਤੋਂ ਹਥਿਆਰ ਲਿਆਉਣ ਅਤੇ ਸਪਲਾਈ ਕਰਨ ਦਾ ਖ਼ੁਲਾਸਾ ਮੁਖ਼ਬਰ ਦੀ ਸੂਚਨਾ ‘ਤੇ ਆਧਾਰਿਤ ਹੈ, ਪਰ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਪਿਛੋਕੜ ਅਤੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ।

Loading...
Unable to load recommendations.
Follow Us