ਅੰਮ੍ਰਿਤਸਰ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਜਿਲਦਾਂ ਨੁਕਸਾਨੀਆਂ
ਅੰਮ੍ਰਿਤਸਰ ਦੇ ਵਡਾਲੀ ਇਲਾਕੇ ਦੇ ਨੇੜੇ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ (ਬਾਬਾ ਸੰਗਤ ਸਿੰਘ ਜੀ) ਵਿਖੇ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਸਾਹਿਬ ਦੇ ਸੁਖਾਸਨ ਅਸਥਾਨ 'ਤੇ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਦੀਆਂ ਜਿਲਦਾਂ ਨੁਕਸਾਨੀਆਂ ਗਈਆਂ ਹਨ।
ਅੰਮ੍ਰਿਤਸਰ ਦੇ ਵਡਾਲੀ ਇਲਾਕੇ ਦੇ ਨੇੜੇ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ (ਬਾਬਾ ਸੰਗਤ ਸਿੰਘ ਜੀ) ਵਿਖੇ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਸਾਹਿਬ ਦੇ ਸੁਖਾਸਨ ਅਸਥਾਨ ‘ਤੇ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਦੀਆਂ ਜਿਲਦਾਂ ਨੁਕਸਾਨੀਆਂ ਗਈਆਂ ਹਨ। ਹਾਲਾਂਕਿ, ਮਿਲੀ ਜਾਣਕਾਰੀ ਦੇ ਮੁਤਾਬਕ ਪਾਵਨ ਅੰਗ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਹੋਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ।
ਪੱਖਾ ਗਰਮ ਹੋਣ ਕਾਰਨ ਹੋਇਆ ਸ਼ਾਰਟ ਸਰਕਟ
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਏਸੀਪੀ ਕੰਵਲਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੁਰਦੁਆਰਾ ਸਾਹਿਬ ਦੇ ਸੁਖਾਸਨ ਵਾਲੇ ਸਥਾਨ ‘ਤੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰਾਤ ਦੇ ਸਮੇਂ ਚੱਲ ਰਿਹਾ ਪੱਖਾ ਜ਼ਿਆਦਾ ਗਰਮ ਹੋ ਗਿਆ ਸੀ, ਜਿਸ ਕਾਰਨ ਉਸ ਵਿੱਚ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਉਹ ਪੱਖਾ ਹੇਠਾਂ ਡਿੱਗ ਗਿਆ, ਜਿਸ ਦੀ ਲਪੇਟ ਵਿੱਚ ਆਉਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਜਿਲਦਾਂ ਨੂੰ ਨੁਕਸਾਨ ਪਹੁੰਚਿਆ।
ਸ਼ਿਕਾਇਤ ਮਿਲਣ ਤੋਂ ਬਾਅਦ ਹੋਵੇਗੀ ਅਗਲੀ ਕਾਨੂੰਨੀ ਕਾਰਵਾਈ
ਏਸੀਪੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਅਜੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੁਲਿਸ ਨੂੰ ਕੋਈ ਵੀ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਸਪੱਸ਼ਟ ਤੌਰ ‘ਤੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀ ਵੀ ਰਿਪੋਰਟ ਅਤੇ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ, ਉਸ ਦੇ ਆਧਾਰ ‘ਤੇ ਹੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗੁਰਦੁਆਰਾ ਸਾਹਿਬ ‘ਚ ਨਹੀਂ ਲੱਗੇ ਸਨ ਸੀਸੀਟੀਵੀ ਕੈਮਰੇ
ਪੁਲਿਸ ਅਧਿਕਾਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਜੇਕਰ ਉੱਥੇ ਕੈਮਰੇ ਲੱਗੇ ਹੁੰਦੇ ਤਾਂ ਘਟਨਾ ਦੇ ਸਾਰੇ ਹਾਲਾਤ ਅਤੇ ਕਾਰਨ ਹੋਰ ਵੀ ਸਪੱਸ਼ਟ ਰੂਪ ਵਿੱਚ ਸਾਹਮਣੇ ਆ ਸਕਦੇ ਸਨ। ਇਸੇ ਕਾਰਨ ਹੁਣ ਜਾਂਚ ਟੀਮ ਵੱਲੋਂ ਹੋਰ ਤਕਨੀਕੀ ਪਹਿਲੂਆਂ ਅਤੇ ਮੌਕੇ ਤੋਂ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ ਹੀ ਸਾਰੇ ਤੱਥਾਂ ਦੀ ਡੂੰਘਾਈ ਨਾਲ ਪੁਸ਼ਟੀ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ ਰਿਪੋਰਟ
ਦੂਜੇ ਪਾਸੇ, ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦੇ ਵੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਆਪਣੇ ਪੱਧਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾ ਨਿਭਾ ਰਹੇ ਗ੍ਰੰਥੀ ਸਿੰਘਾਂ ਤੋਂ ਵੀ ਪੂਰੀ ਜਾਣਕਾਰੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਇੱਕ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਧਾਰਮਿਕ ਮਰਿਆਦਾ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ, ਘਟਨਾ ਵਿੱਚ ਨੁਕਸਾਨੇ ਗਏ ਪਾਵਨ ਸਰੂਪਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੂਰੀ ਸ਼ਰਧਾ ਅਤੇ ਮਰਿਆਦਾ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਜਾਇਆ ਗਿਆ ਹੈ, ਜਿੱਥੇ ਸਿੱਖ ਮਰਿਆਦਾ ਦੇ ਅਨੁਸਾਰ ਅਗਲੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
