ਅੰਮ੍ਰਿਤਸਰ ‘ਚ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 36 ਕਿਲੋ ਹੈਰੋਇਨ ਬਰਾਮਦ, 4 ਮੁਲਜ਼ਮ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 36 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ ਵਿੱਚ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 36 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਨੂੰ ਸਰਹੱਦੀ ਇਲਾਕਿਆਂ ਵਿੱਚ ਐਕਟਿਵ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਮੁਤਾਬਕ ਇਹ ਨੈੱਟਵਰਕ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਸਥਿਤ ਲੋਪੋਕੇ ਇਲਾਕੇ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਮੁਲਜ਼ਮ ਸਰਹੱਦ ਨੇੜੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਬਾਅਦ ਵਿੱਚ ਇਨ੍ਹਾਂ ਨੂੰ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਸਨ।
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 36 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਵੱਡੀ ਬਰਾਮਦਗੀ ਤੋਂ ਬਾਅਦ ਪੁਲਿਸ ਹੁਣ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।
ਅੰਮ੍ਰਿਤਸਰ ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ
ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਹੈਰੋਇਨ ਦੀ ਖੇਪ ਕਿੱਥੋਂ ਭੇਜੀ ਜਾਂਦੀ ਸੀ, ਇਸ ਨੂੰ ਕੌਣ ਪ੍ਰਾਪਤ ਕਰਦਾ ਸੀ ਅਤੇ ਪੰਜਾਬ ਦੇ ਕਿਹੜੇ-ਕਿਹੜੇ ਇਲਾਕਿਆਂ ਵਿੱਚ ਇਸ ਦੀ ਸਪਲਾਈ ਕੀਤੀ ਜਾਣੀ ਸੀ।
ਇਹ ਵੀ ਪੜ੍ਹੋ
ਇਸ ਤੋਂ ਇਲਾਵਾ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਸਥਾਨਕ ਸੰਪਰਕਾਂ ਦਾ ਪਤਾ ਲਗਾਉਣਾ ਵੀ ਜਾਂਚ ਦਾ ਅਹਿਮ ਹਿੱਸਾ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।
