ਅੰਮ੍ਰਿਤਸਰ ‘ਚ ਰੇਡ ਦੌਰਾਨ ਨਿਹੰਗ ਦੀ ਹੋਈ ਮੌਤ, ਪਰਿਵਾਰ ਨੇ ਅੰਤਿਮ ਸਸਕਾਰ ਤੋਂ ਕੀਤਾ ਮਨ੍ਹਾ; ਪੁਲਿਸ ਨੇ ਨਕਾਰੇ ਆਰੋਪ
ਅੰਮ੍ਰਿਤਸਰ ਦੇ ਹਲਕਾ ਮਜੀਠਾ ਇਲਾਕੇ ਦੇ ਇੱਕ ਪਿੰਡ ਬਾਬੁਵਾਲ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਨਿਹੰਗ ਸਿੰਘ ਵਿਅਕਤੀ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ 'ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੀਤੀ ਗਈ ਰੇਡ ਦੌਰਾਨ ਘਰ ਦੇ ਮੈਂਬਰਾਂ ਨਾਲ ਕੁੱਟਮਾਰ ਕੀਤੀ ਗਈ
ਅੰਮ੍ਰਿਤਸਰ ਦੇ ਹਲਕਾ ਮਜੀਠਾ ਇਲਾਕੇ ਦੇ ਇੱਕ ਪਿੰਡ ਬਾਬੁਵਾਲ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਨਿਹੰਗ ਸਿੰਘ ਵਿਅਕਤੀ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਕੀਤੀ ਗਈ ਰੇਡ ਦੌਰਾਨ ਘਰ ਦੇ ਮੈਂਬਰਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਪਰਿਵਾਰ ਦੇ ਮੁਖੀ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਹੈ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਤੜਕੇ ਪੁਲਿਸ ਦੇ ਪੰਜ ਮੁਲਾਜ਼ਮ ਉਨ੍ਹਾਂ ਦੇ ਘਰ ਪਹੁੰਚੇ ਅਤੇ ਘਰ ਦੀ ਤਲਾਸ਼ੀ ਲਈ। ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਨੇ ਬਿਨਾਂ ਕੋਈ ਢੁੱਕਵਾਂ ਸਬੂਤ ਮਿਲੇ ਘਰ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮ੍ਰਿਤਕ ਅਤੇ ਉਸਦੇ ਪੁੱਤਰ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਹੱਥਾਂ ਅਤੇ ਪੈਰਾਂ ‘ਤੇ ਸੱਟਾਂ ਦੇ ਨਿਸ਼ਾਨ ਹਨ ਅਤੇ ਪੁਲਿਸ ਨੇ ਡੰਡਿਆਂ ਨਾਲ ਹਮਲਾ ਕੀਤਾ ਹੈ।
ਚਸ਼ਮਦੀਦ ਅਤੇ ਪਿੰਡ ਵਾਸੀਆਂ ਦੇ ਗੰਭੀਰ ਆਰੋਪ
ਘਟਨਾ ਦੇ ਇੱਕ ਚਸ਼ਮਦੀਦ ਨੇ ਦਾਅਵਾ ਕੀਤਾ ਕਿ ਉਸ ਨੇ ਆਪਣੀਆਂ ਅੱਖਾਂ ਸਾਹਮਣੇ ਪੁਲਿਸ ਅਤੇ ਪਰਿਵਾਰ ਵਿਚਕਾਰ ਹੋਈ ਝੜਪ ਦੇਖੀ ਹੈ। ਉਸ ਨੇ ਕਿਹਾ ਕਿ ਮ੍ਰਿਤਕ ਦੀ ਉਮਰ ਕਰੀਬ 65 ਸਾਲ ਸੀ ਅਤੇ ਉਸ ਨਾਲ ਕੀਤੀ ਗਈ ਕੁੱਟਮਾਰ ਬਹੁਤ ਮਾੜੀ ਸੀ। ਪਿੰਡ ਵਾਸੀਆਂ ਨੇ ਵੀ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਅਕਸਰ ਲੋਕਾਂ ਨੂੰ ਘਰਾਂ ਵਿੱਚੋਂ ਚੁੱਕ ਕੇ ਲੈ ਜਾਂਦੀ ਹੈ ਅਤੇ ਬਾਅਦ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕਰ ਦਿੰਦੀ ਹੈ।
ਮ੍ਰਿਤਕ ਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਘਰ ਆਉਂਦਿਆਂ ਹੀ ਉਸਦੇ ਪਿਤਾ ਅਤੇ ਭਰਾ ਨੂੰ ਆਪਣੇ ਨਾਲ ਲੈ ਗਈ ਸੀ। ਉਸਦਾ ਦੋਸ਼ ਹੈ ਕਿ ਪੁਲਿਸ ਨੇ ਉਸਦੇ ਪਿਤਾ ਦੀਆਂ ਬਾਂਹਾਂ ਤੱਕ ਤੋੜ ਦਿੱਤੀਆਂ ਅਤੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪਰਿਵਾਰ ਦਾ ਕਹਿਣਾ ਹੈ ਕਿ ਭਾਵੇਂ ਮ੍ਰਿਤਕ ਨਸ਼ੇ ਦਾ ਆਦੀ ਸੀ, ਪਰ ਉਸ ਨੇ ਕਦੇ ਵੀ ਨਸ਼ਾ ਵੇਚਣ ਦਾ ਕੰਮ ਨਹੀਂ ਕੀਤਾ। ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
FIR ਦਰਜ ਹੋਣ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ
ਪਰਿਵਾਰਿਕ ਮੈਂਬਰਾਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਫਆਈਆਰ (FIR) ਦਰਜ ਨਹੀਂ ਕੀਤੀ ਜਾਂਦੀ, ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਸਬੰਧੀ ਪੂਰੇ ਪਿੰਡ ਵਿੱਚ ਭਾਰੀ ਰੋਸ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਇਨਸਾਫ਼ ਦੀ ਮੰਗ ‘ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ
ਪੁਲਿਸ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਉਧਰ, ਥਾਣਾ ਮਜੀਠਾ ਦੇ ਡੀਐਸਪੀ ਕਮਲ ਮੀਤ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਵੱਲੋਂ ਪੁਲਿਸ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਦੱਸਿਆ ਕਿ ਦਲੇਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ ਅਤੇ ਪੁਲਿਸ ਇੱਕ ਜਾਂਚ ਦੇ ਸਿਲਸਿਲੇ ਵਿੱਚ ਉੱਥੇ ਰੇਡ ਕਰਨ ਗਈ ਸੀ। ਡੀਐਸਪੀ ਅਨੁਸਾਰ, ਰੇਡ ਕਰਨ ਤੋਂ ਬਾਅਦ ਪੁਲਿਸ ਪਾਰਟੀ ਵਾਪਸ ਆ ਗਈ ਸੀ ਅਤੇ ਬਾਅਦ ਵਿੱਚ ਉਸ ਵਿਅਕਤੀ ਦੀ ਮੌਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਕੁੱਟਮਾਰ ਨਹੀਂ ਕੀਤੀ ਗਈ।
ਡੀਐਸਪੀ ਨੇ ਅੱਗੇ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਨਜ਼ਰ ਆ ਰਹੀਆਂ ਸੱਟਾਂ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪਿੰਡ ਵਿੱਚ ਮਾਹੌਲ ਗਮਗੀਨ ਅਤੇ ਤਣਾਅਪੂਰਨ ਬਣਿਆ ਹੋਇਆ ਹੈ, ਜਦਕਿ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ਼ ਦੀ ਮੰਗ ‘ਤੇ ਡਟੇ ਹੋਏ ਹਨ ਅਤੇ ਹੁਣ ਸਭ ਦੀਆਂ ਨਜ਼ਰਾਂ ਪੋਸਟਮਾਰਟਮ ਰਿਪੋਰਟ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।
