ਅੰਮ੍ਰਿਤਸਰ ਸਥਿਤ ਬੈਂਕ ‘ਚ ਦਿਨ-ਦਿਹਾੜੇ ਚੱਲੀ ਗੋਲੀ, ਮੈਨੇਜਰ ਗੰਭੀਰ ਜ਼ਖ਼ਮੀ; ਜਾਂਚ ‘ਚ ਜੁਟੀ ਪੁਲਿਸ
ਅੰਮ੍ਰਿਤਸਰ ਦੇ ਮਾਲ ਰੋਡ ਤੇ ਸਥਿਤ ਯੈੱਸ ਬੈਂਕ ਦੀ ਬ੍ਰਾਂਚ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਬੈਂਕ ਮੈਨੇਜਰ ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਮੈਨੇਜਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਅੰਮ੍ਰਿਤਸਰ ਦੇ ਮਾਲ ਰੋਡ ਤੇ ਸਥਿਤ ਯੈੱਸ ਬੈਂਕ ਦੀ ਬ੍ਰਾਂਚ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਦੌਰਾਨ ਬੈਂਕ ਮੈਨੇਜਰ ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਮੈਨੇਜਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁੱਢਲੀ ਜਾਂਚ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਸ਼ੁਰੂ ਹੋਈ ਸੀ, ਜੋ ਬਾਅਦ ਵਿੱਚ ਹੱਥੋਪਾਈ ਵਿੱਚ ਬਦਲ ਗਈ ਅਤੇ ਇਸੇ ਦੌਰਾਨ ਗੋਲੀ ਚੱਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਤੁਰੰਤ ਮੌਕੇ ਤੇ ਪਹੁੰਚ ਗਈਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਬੈਂਕ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਰਿਲੇਸ਼ਨਸ਼ਿਪ ਮੈਨੇਜਰ ਗੌਰਵ ਦੀਵਾਨ ਨਾਲ ਉਲਝੇ ਬਾਹਰੋਂ ਆਏ ਲੋਕ
ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਬੁੱਧਵਾਰ ਦੁਪਹਿਰ ਉਸ ਸਮੇਂ ਵਾਪਰੀ ਜਦੋਂ ਕੁਝ ਵਿਅਕਤੀ ਮਾਲ ਰੋਡ ਸਥਿਤ ਯੈੱਸ ਬੈਂਕ ਵਿੱਚ ਦਾਖ਼ਲ ਹੋਏ। ਉਨ੍ਹਾਂ ਦਾ ਬੈਂਕ ਨਾਲ ਕਿਸੇ ਵਿੱਤੀ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਗੱਲਬਾਤ ਵਧਦਿਆਂ ਹੀ ਮਾਮਲਾ ਬੈਂਕ ਦੇ ਅਧਿਕਾਰੀ ਗੌਰਵ ਦੀਵਾਨ ਕੋਲ ਪਹੁੰਚ ਗਿਆ। ਦੋਵਾਂ ਧਿਰਾਂ ਦਰਮਿਆਨ ਤਕਰਾਰ ਐਨੀ ਵਧ ਗਈ ਕਿ ਬਾਹਰੋਂ ਆਏ ਵਿਅਕਤੀ ਆਪੇ ਤੋਂ ਬਾਹਰ ਹੋ ਗਏ ਅਤੇ ਉਨ੍ਹਾਂ ਨੇ ਗੋਲੀ ਚਲਾ ਦਿੱਤੀ। ਇਹ ਗੋਲੀ ਗੌਰਵ ਦੀਵਾਨ ਦੇ ਪੈਰ ਤੇ ਲੱਗੀ, ਜਿਸ ਕਾਰਨ ਉਹ ਲਹੂ-ਲੁਹਾਣ ਹੋ ਕੇ ਜ਼ਮੀਨ ਤੇ ਡਿੱਗ ਪਏ। ਬੈਂਕ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਦੀਵਾਨ ਬ੍ਰਾਂਚ ਵਿੱਚ ਬਤੌਰ ਰਿਲੇਸ਼ਨਸ਼ਿਪ ਮੈਨੇਜਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਵਾਰਦਾਤ ਮਗਰੋਂ ਮੁਲਜ਼ਮ ਫ਼ਰਾਰ
ਗੋਲੀ ਚਲਾਉਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਮਗਰੋਂ ਬੈਂਕ ਅੰਦਰ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਸਟਾਫ਼ ਮੈਂਬਰਾਂ ਅਤੇ ਮੌਜੂਦ ਚਸ਼ਮਦੀਦਾਂ ਦੇ ਬਿਆਨ ਕਲਮਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ ਬੈਂਕ ਅਤੇ ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਹਾਲੇ ਤੱਕ ਪੁਲਿਸ ਵੱਲੋਂ ਕੋਈ ਰਸਮੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਜਾਰੀ ਹੈ।


