ਅੰਮ੍ਰਿਤਸਰ: ਨੰਗਲੀ ‘ਚ ਨਸ਼ਾ ਵੇਚਣ ਦਾ ਵਿਰੋਧ ਕਰਨ ਤੇ ਹਮਲੇ ਦਾ ਇਲਜ਼ਾਮ, ਕਹੀ ਦੇ ਵਾਰ ਨਾਲ ਨੌਜਵਾਨ ਜ਼ਖ਼ਮੀ; ਲੱਗੇ 5 ਟਾਂਕੇ
ਪੀੜਤ ਨੌਜਵਾਨ ਤੇ ਉਸ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਇਲਾਕੇ 'ਚ ਕਥਿਤ ਤੌਰ 'ਤੇ ਨਸ਼ਾ ਵੇਚਣ ਵਾਲੇ ਲੋਕਾਂ ਦਾ ਵਿਰੋਧ ਕਰਨ ਕਾਰਨ ਦੂਜੀ ਧਿਰ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਪਰਿਵਾਰ ਮੁਤਾਬਕ ਝਗੜੇ ਦੌਰਾਨ ਨੌਜਵਾਨ 'ਤੇ ਕਹੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਅੰਮ੍ਰਿਤਸਰ ਦੇ ਨੰਗਲੀ ਇਲਾਕੇ ਤੋਂ ਇੱਕ ਵਿਵਾਦ ਸਾਹਮਣੇ ਆਇਆ ਹੈ। ਇੱਥੇ ਨਸ਼ਾ ਵੇਚਣ ਦਾ ਕਥਿਤ ਤੌਰ ‘ਤੇ ਵਿਰੋਧ ਕਰਨ ‘ਤੇ ਇੱਕ ਪਰਿਵਾਰ ਨਾਲ ਕੁੱਟਮਾਰ ਕਰਨ ਤੇ ਨੌਜਵਾਨ ‘ਤੇ ਕਹੀ ਨਾਲ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਘਟਨਾ ‘ਚ ਨੌਜਵਾਨ ਦੀ ਬਾਂਹ ‘ਤੇ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਪੰਜ ਟਾਂਕੇ ਲਗਵਾਉਣੇ ਪਏ। ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਨਸ਼ਾ ਵੇਚਣ ਦਾ ਵਿਰੋਧ ਕਰਨ ‘ਤੇ ਹੋਇਆ ਝਗੜਾ
ਪੀੜਤ ਨੌਜਵਾਨ ਤੇ ਉਸ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਇਲਾਕੇ ‘ਚ ਕਥਿਤ ਤੌਰ ‘ਤੇ ਨਸ਼ਾ ਵੇਚਣ ਵਾਲੇ ਲੋਕਾਂ ਦਾ ਵਿਰੋਧ ਕਰਨ ਕਾਰਨ ਦੂਜੀ ਧਿਰ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਪਰਿਵਾਰ ਮੁਤਾਬਕ ਝਗੜੇ ਦੌਰਾਨ ਨੌਜਵਾਨ ‘ਤੇ ਕਹੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਪੀੜਤ ਨੇ ਦੱਸਿਆ ਕਿ ਹਮਲਾ ਇੰਨਾ ਗੰਭੀਰ ਸੀ ਕਿ ਜੇਕਰ ਉਹ ਆਪਣਾ ਬਚਾਅ ਨਾ ਕਰਦਾ ਤਾਂ ਉਸ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਸੀ। ਉਸ ਨੇ ਇਲਜ਼ਾਮ ਲਗਾਇਆ ਕਿ ਜਦੋਂ ਉਸ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਨੇ ਵਿਚਕਾਰ ਪੈ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਅਤੇ ਬਦਸਲੂਕੀ ਕੀਤੀ ਗਈ।
ਪੁਲਿਸ ਦੀ ਕਾਰਵਾਈ ‘ਤੇ ਪਰਿਵਾਰ ਨੇ ਚੁੱਕੇ ਸਵਾਲ
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਮੁਤਾਬਕ ਕਾਰਵਾਈ ਨਹੀਂ ਹੋਈ। ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਘਟਨਾ ਤੋਂ ਬਾਅਦ ਰਾਤ ਸਮੇਂ ਦੂਜੀ ਧਿਰ ਦੇ ਇੱਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਸੀ, ਪਰ ਬਾਅਦ ‘ਚ ਉਸ ਨੂੰ ਛੱਡ ਦਿੱਤਾ ਗਿਆ।
ਦੂਜੇ ਪਾਸੇ, ਜਦੋਂ ਮੀਡੀਆ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕੀਤੀ ਗਈ ਤਾਂ ਪੁਲਿਸ ਨੇ ਆਫ ਕੈਮਰਾ ਦੱਸਿਆ ਕਿ ਇਹ ਮਾਮਲਾ ਗਲੀ ਨੂੰ ਲੈ ਕੇ ਹੋਏ ਝਗੜੇ ਦਾ ਵੀ ਹੋ ਸਕਦਾ ਹੈ। ਪੁਲਿਸ ਮੁਤਾਬਕ ਜ਼ਖ਼ਮੀਆਂ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਰਿਪੋਰਟ ਆਉਣ ਤੋਂ ਬਾਅਦ ਉਸ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ
ਇਨਸਾਫ਼ ਨਾ ਮਿਲਣ ‘ਤੇ ਧਰਨੇ ਦੀ ਚਿਤਾਵਨੀ
ਇਸ ਮੌਕੇ ਮੌਜੂਦ ਸ਼ਿਵ ਸੈਨਾ ਦੇ ਆਗੂ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ‘ਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਫਿਲਹਾਲ ਸਾਰਿਆਂ ਦੀ ਨਜ਼ਰ ਮੈਡੀਕਲ ਰਿਪੋਰਟ ਤੇ ਪੁਲਿਸ ਦੀ ਅਗਲੀ ਕਾਰਵਾਈ ‘ਤੇ ਟਿਕੀ ਹੋਈ ਹੈ। ਹੁਣ ਦੇਖਣਾ ਹੋਵੇਗਾ ਕਿ ਜਾਂਚ ਤੋਂ ਬਾਅਦ ਪੁਲਿਸ ਕੀ ਕਦਮ ਚੁੱਕਦੀ ਹੈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਦਾ ਹੈ ਜਾਂ ਨਹੀਂ।


