ਅੰਮ੍ਰਿਤਸਰ ‘ਚ ਵੱਡਾ ਹਥਿਆਰ ਤਸਕਰੀ ਨੈੱਟਵਰਕ ਬੇਨਕਾਬ, 14 ਵਿਦੇਸ਼ੀ ਪਿਸਤੌਲ ਬਰਾਮਦ; 6 ਤਸਕਰ ਗ੍ਰਿਫ਼ਤਾਰ
ਪੰਜਾਬ ਵਿੱਚ ਨਾਜਾਇਜ਼ ਅਸਲ੍ਹੇ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਇਸ ਵਿਸ਼ੇਸ਼ ਕਾਰਵਾਈ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ।
ਪੰਜਾਬ ਵਿੱਚ ਨਾਜਾਇਜ਼ ਅਸਲ੍ਹੇ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਇਸ ਵਿਸ਼ੇਸ਼ ਕਾਰਵਾਈ ਦੌਰਾਨ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਵੱਡੀ ਕਾਰਵਾਈ ਦੀ ਅਧਿਕਾਰਤ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਸਾਂਝੀ ਕੀਤੀ ਗਈ ਹੈ।
ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ‘ਚ ਸੀ ਮੁਲਜ਼ਮ
ਮੁੱਢਲੀ ਪੁਲਿਸ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਕਰਕੇ ਮੁਲਜ਼ਮਾਂ ਨਾਲ ਗੱਲਬਾਤ ਕਰਦੇ ਸਨ ਅਤੇ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਦਿੰਦੇ ਸਨ। ਜਾਂਚ ਅਨੁਸਾਰ ਸਰਹੱਦ ਪਾਰੋਂ ਡਰੋਨਾਂ ਦੀ ਵਰਤੋਂ ਕਰਕੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਭਾਰਤੀ ਖੇਤਰ ਵਿੱਚ ਪਹੁੰਚਾਈਆਂ ਜਾਂਦੀਆਂ ਸਨ। ਇਸ ਤੋਂ ਬਾਅਦ ਇਹ ਮੁਲਜ਼ਮ ਤੈਅ ਕੀਤੇ ਗਏ ਟਿਕਾਣਿਆਂ ਤੋਂ ਹਥਿਆਰਾਂ ਦੀ ਡਿਲੀਵਰੀ ਹਾਸਲ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਤੱਕ ਪਹੁੰਚਾਉਂਦੇ ਸਨ।
ਅਪਰਾਧਿਕ ਵਾਰਦਾਤਾਂ ਲਈ ਸਪਲਾਈ, ਨੈੱਟਵਰਕ ਦੇ ਸਰਗਨਿਆਂ ਦੀ ਭਾਲ ਤੇਜ਼
ਪੁਲਿਸ ਅਨੁਸਾਰ ਇਸ ਪੂਰੇ ਗਠਜੋੜ ਰਾਹੀਂ ਪੰਜਾਬ ਅੰਦਰ ਅਪਰਾਧਿਕ ਵਾਰਦਾਤਾਂ ਨੂੰ ਹੱਲਾਸ਼ੇਰੀ ਦੇਣ ਲਈ ਨਾਜਾਇਜ਼ ਹਥਿਆਰਾਂ ਦੀ ਵੱਡੇ ਪੱਧਰ ‘ਤੇ ਸਪਲਾਈ ਕੀਤੀ ਜਾ ਰਹੀ ਸੀ। ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਪਿੱਛੇ ਸਰਗਰਮ ਹੋਰ ਲੋਕਾਂ ਅਤੇ ਵਿਦੇਸ਼ੀ ਹੈਂਡਲਰਾਂ ਬਾਰੇ ਪੁਖ਼ਤਾ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
ਥਾਣਾ ਛੇਹਰਟਾ ਅਤੇ ਸਿਵਲ ਲਾਈਨਜ਼ ‘ਚ ਦੋ FIR ਦਰਜ
ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼ ਵਿਖੇ ਦੋ ਵੱਖ-ਵੱਖ ਐਫ਼.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਮੁਲਜ਼ਮਾਂ ਦੇ ਮੋਬਾਈਲ ਅਤੇ ਸੋਸ਼ਲ ਮੀਡੀਆ ਸੰਪਰਕਾਂ, ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਇਹ ਹਥਿਆਰ ਅੱਗੇ ਕਿਨ੍ਹਾਂ-ਕਿਨ੍ਹਾਂ ਗਰੋਹਾਂ ਜਾਂ ਵਿਅਕਤੀਆਂ ਤੱਕ ਪਹੁੰਚਾਏ ਜਾਣੇ ਸਨ, ਉਨ੍ਹਾਂ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ
ਅਗਲੀ-ਪਿਛਲੀ ਕੜੀ ਦੀ ਪੜਤਾਲ
ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦਾ ਮੁੱਖ ਮਕਸਦ ਇਸ ਗ਼ੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰਨਾਂ ਮੁਲਜ਼ਮਾਂ ਦੀ ਸ਼ਨਾਖ਼ਤ ਕਰਨਾ, ਹਥਿਆਰਾਂ ਦੀ ਸਪਲਾਈ ਦੀ ਅਗਲੀ-ਪਿਛਲੀ ਕੜੀ ਦਾ ਪਤਾ ਲਗਾਉਣਾ ਅਤੇ ਨਾਜਾਇਜ਼ ਅਸਲ੍ਹਾ ਤਸਕਰੀ ਦੇ ਪੂਰੇ ਸਿਸਟਮ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਸੂਬੇ ਅੰਦਰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਆਮਦ ‘ਤੇ ਮੁਕੰਮਲ ਰੋਕ ਲਗਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।
