ਅੰਮ੍ਰਿਤਸਰ: ਨਾਨਕਪੁਰਾ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ, ਮੁਲਜ਼ਮ ਗ੍ਰਿਫ਼ਤਾਰ; ਸਿੱਖ ਜਥੇਬੰਦੀਆਂ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

Published: 

07 Aug 2026 15:44 PM IST

ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਅਤੇ ਸਿੰਘਾਸਨ ਸਾਹਿਬ 'ਤੇ ਸੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕ ਕੇ ਇੱਕ ਟੇਬਲ 'ਤੇ ਰੱਖ ਦਿੱਤਾ। ਇਸ ਤੋਂ ਬਾਅਦ ਉਹ ਖੁਦ ਸਿੰਘਾਸਨ ਸਾਹਿਬ 'ਤੇ ਲੇਟ ਗਿਆ, ਜਿਸ ਨੂੰ ਬੇਅਦਬੀ ਦੀ ਗੰਭੀਰ ਘਟਨਾ ਮੰਨਿਆ ਗਿਆ।

ਅੰਮ੍ਰਿਤਸਰ: ਨਾਨਕਪੁਰਾ ਗੁਰਦੁਆਰਾ ਸਾਹਿਬ ਚ ਬੇਅਦਬੀ ਦੀ ਘਟਨਾ, ਮੁਲਜ਼ਮ ਗ੍ਰਿਫ਼ਤਾਰ; ਸਿੱਖ ਜਥੇਬੰਦੀਆਂ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਅਧੀਨ ਥਾਣਾ ਖਲਚੀਆਂ ਦੇ ਪਿੰਡ ਨਾਨਕਪੁਰਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਸਮੁੱਚੀ ਸਿੱਖ ਸੰਗਤ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦੀ ਲਹਿਰ ਹੈ, ਜਦਕਿ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ ਅਤੇ ਸਿੰਘਾਸਨ ਸਾਹਿਬ ‘ਤੇ ਸੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕ ਕੇ ਇੱਕ ਟੇਬਲ ‘ਤੇ ਰੱਖ ਦਿੱਤਾ। ਇਸ ਤੋਂ ਬਾਅਦ ਉਹ ਖੁਦ ਸਿੰਘਾਸਨ ਸਾਹਿਬ ‘ਤੇ ਲੇਟ ਗਿਆ, ਜਿਸ ਨੂੰ ਬੇਅਦਬੀ ਦੀ ਗੰਭੀਰ ਘਟਨਾ ਮੰਨਿਆ ਗਿਆ।

ਪੁਲਿਸ ਨੇ ਮੁਲਜ਼ਮ ਖਿਲਫ ਦਰਜ ਕੀਤਾ ਮਾਮਲਾ

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਵਿਪਨ ਬੈਨੀਪਾਲ, ਜੋ ਦਿੱਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 299 ਤਹਿਤ ਮਾਮਲਾ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਬਾਬਾ ਬਕਾਲਾ ਦੇ ਯੂਥ ਪ੍ਰਧਾਨ ਯੁਵਰਾਜ ਸਿੰਘ ਨੇ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਮੁੱਚੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੇ ਪਹਿਲਾਂ ਗੁਰੂ ਸਾਹਿਬ ਦੇ ਸਰੂਪ ਨੂੰ ਇੱਕ ਪਾਸੇ ਰੱਖਿਆ ਅਤੇ ਫਿਰ ਸਿੰਘਾਸਨ ਸਾਹਿਬ ‘ਤੇ ਲੇਟ ਗਿਆ, ਜੋ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀ ਦਿੱਲੀ ਤੋਂ ਆਇਆ ਸੀ ਅਤੇ ਇਸ ਘਟਨਾ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਵਿੱਚ ਮਿਲ ਕੇ ਠੋਸ ਕਾਨੂੰਨੀ ਪ੍ਰਬੰਧ ਕਰਨ ਅਤੇ ਗੁਰੂ ਘਰਾਂ ਦੀ ਸੁਰੱਖਿਆ ਹੋਰ ਮਜ਼ਬੂਤ ਬਣਾਈ ਜਾਵੇ।

ਸਿੱਖ ਜਥੇਬੰਦੀਆਂ ਨੇ ਸਖ਼ਤ ਕਾਰਵਾਈ ਦੀ ਕੀਤੀ ਮੰਗ

ਸਿੱਖ ਆਗੂ ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਇਸ ਘਟਨਾ ਨੂੰ ਕਿਸੇ ਵੀ ਹਾਲਤ ਵਿੱਚ ਦਬਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੰਗਤ ਨੇ ਸਮੇਂ ਸਿਰ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਅਤੇ ਹੁਣ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਤਹਿ ਤੱਕ ਜਾ ਕੇ ਪਤਾ ਲਗਾਉਣਾ ਚਾਹੀਦਾ ਹੈ ਕਿ ਦੋਸ਼ੀ ਨੇ ਇਹ ਕਾਰਵਾਈ ਕਿਸ ਦੇ ਇਸ਼ਾਰੇ ‘ਤੇ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਕੋਈ ਢਿੱਲ ਵਰਤੀ ਗਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਜਥੇਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਦੋਸ਼ੀ ਆਪਣੀ ਦਿੱਲੀ ਨੰਬਰ ਦੀ ਗੱਡੀ ਟਾਂਗਰਾ ਨੇੜੇ ਖੜ੍ਹੀ ਕਰਕੇ ਕਰੀਬ 13 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਗੁਰਦੁਆਰਾ ਸਾਹਿਬ ਤੱਕ ਪਹੁੰਚਿਆ। ਉਨ੍ਹਾਂ ਕਿਹਾ ਕਿ ਇਹ ਆਮ ਘਟਨਾ ਨਹੀਂ ਲੱਗਦੀ, ਸਗੋਂ ਇਸ ਦੀ ਹਰ ਪੱਖ ਤੋਂ ਜਾਂਚ ਹੋਣੀ ਚਾਹੀਦੀ ਹੈ ਕਿ ਇਸ ਪਿੱਛੇ ਕਿਹੜੀਆਂ ਤਾਕਤਾਂ ਸਰਗਰਮ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਘਟਨਾ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਥਾਣਾ ਖਲਚੀਆਂ ਵਿਖੇ ਐਸ.ਐਚ.ਓ. ਮੁਖਤਿਆਰ ਸਿੰਘ ਨਾਲ ਮੁਲਾਕਾਤ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਐਸ.ਐਚ.ਓ. ਨੇ ਭਰੋਸਾ ਦਿਵਾਇਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਦੋਸ਼ੀ ਗੁਰਦੁਆਰਾ ਸਾਹਿਬ ਤੱਕ ਇਕੱਲਾ ਪਹੁੰਚਿਆ ਸੀ ਜਾਂ ਕਿਸੇ ਨੇ ਉਸ ਦੀ ਮਦਦ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Loading...
Unable to load recommendations.
Follow Us