CM ਦਾ ਸਵਾਲ, ਗੁਰਬਾਣੀ ਪ੍ਰਸਾਰਣ ਤੋਂ ਬਾਦਲਾਂ ਦਾ ਕਬਜ਼ਾ ਹਟਾਉਣ ਦੀ ਗੱਲ ਕਰਨਾ ਧਾਰਮਿਕ ਦਖਲਅੰਦਾਜ਼ੀ ਹੈ ?

Updated On: 

23 May 2023 11:57 AM

ਸ੍ਰੀ ਦਰਬਾਰ ਸਾਹਿਬ ਤੋਂ ਇੱਕ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਦੇਣ ਦੇ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੇ ਆਕਾਵਾਂ ਤੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ। ਇੱਕ ਦਿਨ ਪਹਿਲਾਂ ਸੀਐਮ ਨੇ ਬੇਲੋੜਾ ਵਿਵਾਦ ਨਾ ਪੈਦਾ ਕਰਨ ਦੀ ਹਦਾਇਤ ਕੀਤੀ ਸੀ। ਸੀਐੱਮ ਨੇ ਕਿਹਾ ਕਿ ਇੱਕ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਕਰਨ ਦਾ ਅਧਿਕਾਰੀ ਨਹੀਂ ਮਿਲਣਾ ਚਾਹੀਦਾ।

Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਹਰਿਮੰਦਰ ਸਾਹਿਬ ‘ਚ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਨਿਸ਼ਾਨਾ ਸਾਧਿਆ ਹੈ।

ਚੀਮਾ ਵਿਖੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੇ ਆਕਾਵਾਂ ਵੱਲੋਂ ਤੈਅ ਕੀਤੀ ਲਾਈਨ ਦੀ ਪਾਲਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਲਈ ਧਾਮੀ ਦੀ ਆਲੋਚਨਾ ਕੀਤੀ।

‘ਸੱਚ ਬੋਲਣ ਨੂੰ ਕਿਹਾ ਜਾ ਰਿਹਾ ਧਾਰਮਿਕ ਦਖਲਅੰਦਾਜ਼ੀ’

ਮਾਨ ਨੇ ਦਾਅਵਾ ਕੀਤਾ ਕਿ ਐੱਸਜੀਪੀਸੀ (SGPC) ਪ੍ਰਧਾਨ ਨੇ ਉਨ੍ਹਾਂ ਨੂੰ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਲਈ ਕਿਹਾ ਹੈ। ਸੀਐਮ ਨੇ ਕਿਹਾ ਕਿ ਜੇਕਰ ਕੋਈ ਗੁਰਬਾਣੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣ ਦੀ ਗੱਲ ਕਰਦਾ ਹੈ ਤਾਂ ਇਹ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਹੈ। ਸੀਐਮ ਨੇ ਕਿਹਾ ਕਿ ਸੱਚ ਬੋਲਣ ਨੂੰ ਹੁਣ ਧਾਰਮਿਕ ਦਖਲਅੰਦਜ਼ੀ ਕਿਹਾ ਜਾ ਰਿਹਾ ਹੈ। ਸੀਐੱਮ ਨੇ ਕਿਹਾ ਕਿ ਜੇਕਰ ਧਾਮੀ ਜਲੰਧਰ ਵਿੱਚ ਅਕਾਲੀ ਦਲ ਲਈ ਵੋਟਾਂ ਮੰਗਦੇ ਹਨ ਤਾਂ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ। SGPC ਦਾ ਕੰਮ ਸਿਰਫ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨਾ ਹੈ, ਫਿਰ ਉਹ ਰਾਜਨੀਤੀ ਵਿੱਚ ਦਖਲ ਕਿਉਂ ਦੇ ਰਹੇ ਹਨ?

‘ਸਾਰੇ ਚੈਨਲਾਂ ਨੂੰ ਮਿਲੇ ਪ੍ਰਸਾਰਣ ਦਾ ਅਧਿਕਾਰ’

ਗੁਰਬਾਣੀ ਦੇ ਪ੍ਰਸਾਰਣ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ (Chief Minister) ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਚੈਨਲਾਂ ‘ਤੇ ਗੁਰਬਾਣੀ ਦੇ ਪ੍ਰਸਾਰਣ ਲਈ ਹਾਈ-ਟੈਕ ਉਪਕਰਨ ਲਗਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਇਸ ਮੁੱਦੇ ‘ਤੇ ਬੇਲੋੜਾ ਵਿਵਾਦ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਸੀ।

‘ਸਭ ਨੂੰ ਪ੍ਰਸਾਰਣ ਦੇਣ ਨਾਲ ਧਰਮ ਕਿਵੇਂ ਖ਼ਤਰੇ ‘ਚ ਹੋਵੇਗਾ’

ਧਾਮੀ ਨੂੰ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰਿਆਂ ਨੂੰ ਦੱਸਣ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਹਰ ਕਿਸੇ ਨੂੰ ਦੇਣਾ ਧਰਮ ਲਈ ਖ਼ਤਰਾ ਹੈ। ਇਸ ਦੇ ਨਾਲ ਹੀ ਮਾਨ ਨੇ ਸ਼੍ਰੋਮਣੀ ਕਮੇਟੀ ਤੇ ਸੰਗਰੂਰ ਮੈਡੀਕਲ ਕਾਲਜ ਦਾ ਕੰਮ ਠੱਪ ਕਰਨ ਦਾ ਦੋਸ਼ ਵੀ ਲਾਇਆ।

ਸਵਾਰਥੀ ਸਿਆਸਤ ਕਰਨ ਦਾ ਇਲਜ਼ਾਮ

ਉਨ੍ਹਾਂ ਬਾਦਲਾਂ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦੇ ਪ੍ਰਾਜੈਕਟ ਨੂੰ ਠੱਪ ਕਰਕੇ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਗਈ ਹੈ। ਇਹ ਲੋਕ ਭਲਾਈ ਦੇ ਚਾਹਵਾਨ ਨਹੀਂ ਹਨ, ਪਰ ਇਹ ਹਮੇਸ਼ਾ ਆਪਣੇ ਸਵਾਰਥੀ ਰਾਜਨੀਤਿਕ ਹਿੱਤਾਂ ਦੀ ਚਿੰਤਾ ਕਰਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ