ਸਰਬਤ ਦੇ ਭਲੇ ਟਰੱਸਟ ਦੇ ਯਤਨਾਂ ਸਦਕਾ ਦੁਬਈ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚਾਈ ਗਈ ਪੰਜਾਬ

Published: 

06 May 2023 21:51 PM

ਗੁਰਦੀਪ ਸਿੰਘ ਦੀ ਦੁਬਈ ਵਿਖੇ 22 ਅਪ੍ਰੈਲ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਸੀ,, ਸਰਬਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਜਿਸਦੀ ਮ੍ਰਿਤਕ ਦੇਹ ਭਾਰਤ ਪਹੁੰਚਾਈ ਗਈ।

ਸਰਬਤ ਦੇ ਭਲੇ ਟਰੱਸਟ ਦੇ ਯਤਨਾਂ ਸਦਕਾ ਦੁਬਈ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਪਹੁੰਚਾਈ ਗਈ ਪੰਜਾਬ
Follow Us On

ਅੰਮ੍ਰਿਤਸਰ। ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਮੋਗਾ ਦੇ ਪਿੰਡ ਜੋਗੇਵਾਲਾ ਨਾਲ ਸਬੰਧਿਤ 27 ਸਾਲਾ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਵਿਖੇ ਪਹੁੰਚਿਆ।

ਸਰਬੱਤ ਦਾ ਭਲਾ ਟਰੱਸਟ ਦੇ ਆਗੂ ਨੇ ਦੱਸਿਆ ਕਿ ਗੁਰਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਸਾਲ ਪਹਿਲਾਂ ਹੀ ਦੁਬਈ (Dubai) ਆਇਆ ਸੀ ਕਿ ਬੀਤੀ 22 ਅਪ੍ਰੈਲ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ ਸੀ।

‘ਮ੍ਰਿਤਕ ਆਪਣੇ ਮਾਪਿਆਂ ਦਾ ਸਹਾਰਾ ਸੀ’

ਉਨਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮਿ੍ਤਕ ਗੁਰਦੀਪ ਸਿੰਘ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਸਹਾਰਾ ਸੀ, ਉਸਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਸ਼ਨੀਵਾਰ ਨੂੰ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

ਪਰਿਵਾਰ ਨੇ ਸਰਬਤ ਦੇ ਭਲੇ ਟਰੱਸਟ ਦਾ ਕੀਤਾ ਧੰਨਵਾਦ

ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 325 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ, ਗੁਰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਦੀਪ ਦੇ ਬਜ਼ੁਰਗ ਮਾਪਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ