SGPC Budget: ਸ਼੍ਰੋਮਣੀ ਕਮੇਟੀ ਦਾ 1138 ਕਰੋੜ ਰੁਪਏ ਦਾ ਬਜਟ ਪਾਸ

Published: 

28 Mar 2023 19:35 PM

General Secretary ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਬਜਟ ਭਾਸ਼ਣ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕਰਦਿਆਂ ਵੱਖ-ਵੱਖ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ।

SGPC Budget:  ਸ਼੍ਰੋਮਣੀ ਕਮੇਟੀ ਦਾ 1138 ਕਰੋੜ ਰੁਪਏ ਦਾ ਬਜਟ ਪਾਸ

SGPC Budget: ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

Follow Us On

ਅੰਮ੍ਰਿਤਸਰ ਨਿਊਜ: ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ 11 ਅਰਬ 38 ਕਰੋੜ 14 ਲੱਖ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ।

ਬਜਟ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

ਬਜਟ ਵਿਚ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵਾਧਾ

ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਇਸ ਵਾਰ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦਾ ਬਜਟ 9 ਅਰਬ 88 ਕਰੋੜ ਰੁਪਏ ਦੇ ਲਗਭਗ ਸੀ, ਜਦਕਿ ਇਸ ਵਾਰ 11 ਅਰਬ 38 ਕਰੋੜ ਰੁਪਏ ਦਾ ਅਨੁਮਾਨ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪਾਸ ਕੀਤੇ ਗਏ ਬਜਟ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85 ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ ਆਦਿ ਸ਼ਾਮਲ ਹਨ। ਕੁਲ ਬਜਟ ਵਿੱਚੋਂ ਗੁਰਦੁਆਰਾ ਸਾਹਿਬਾਨ ਦਾ ਬਜਟ 8 ਅਰਬ 55 ਕਰੋੜ ਰੁਪਏ ਹੈ।

ਉਨ੍ਹਾਂ ਦੱਸਿਆ ਕਿ ਇਸ ਬਜਟ ਵਿਚ ਭਵਿੱਖੀ ਯੋਜਨਾਵਾਂ ਤਹਿਤ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਲਈ 1 ਕਰੋੜ ਰੁਪਏ, ਵਿਦੇਸ਼ਾਂ ਵਿਚ ਸਿੱਖੀ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ 7 ਕਰੋੜ 9 ਲੱਖ ਰੁਪਏ, ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਵਿਖੇ ਸੋਲਰ ਪਲਾਂਟ ਲਗਾਉਣ ਲਈ 4 ਕਰੋੜ 72 ਲੱਖ ਰੁਪਏ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਵੀਆਂ ਸਰਾਵਾਂ ਲਈ 24 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਧਾਮੀ ਨੇ ਅੱਗ ਦੱਸਿਆ ਕਿ ਭਾਈਚਾਰਕ ਭਲਾਈ ਲੈਬ ਅਤੇ ਦਵਾਖਾਨੇ ਲਈ 60 ਲੱਖ ਰੁਪਏ, ਪੰਥਕ ਮਾਮਲਿਆਂ ਅਤੇ ਮੁਕੱਦਮਿਆਂ ਲਈ 1 ਕਰੋੜ 80 ਲੱਖ ਰੁਪਏ, ਧਰਮ ਅਰਥ ਫੰਡ ਅਤੇ ਪੰਥਕ ਭਲਾਈ ਫੰਡ ਵਾਸਤੇ 3 ਕਰੋੜ 69 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 11 ਲੱਖ ਰੁਪਏ, ਗੁਰਸਿੱਖ ਵਿਦਿਆਰਥੀਆਂ ਦੀ ਵਿਦਿਆ ਲਈ 1 ਕਰੋੜ 70 ਲੱਖ ਰੱਖੇ ਗਏ ਹਨ। ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਰਾਜਾਂ ਵਿਚ ਸਿੱਖੀ ਪ੍ਰਚਾਰ ਵਾਸਤੇ 3 ਕਰੋੜ 70 ਲੱਖ ਰੁਪਏ, ਆਉਣ ਵਾਲੀਆਂ ਸ਼ਤਾਬਦੀਆਂ ਲਈ 2 ਕਰੋੜ ਰੁਪਏ, ਗੁਰਮਤਿ ਸਮਾਗਮਾਂ ਲਈ 2 ਕਰੋੜ 50 ਲੱਖ ਰੁਪਏ, ਖੇਡ ਅਕੈਡਮੀਆਂ ਲਈ 3 ਕਰੋੜ 5 ਲੱਖ ਰੁਪਏ ਖਰਚ ਕੀਤੇ ਜਾਣਗੇ।

ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵੀ ਲਈ ਬਜਟ ਰਾਖਵਾਂ

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੇਸਾਂ ਦੀ ਪੈਰਵਾਈ ਲਈ ਦੇ ਨਾਲ-ਨਾਲ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗਰੀਬ ਵਿਦਿਆਰਥੀਆਂ, ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫੇ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਵੀ ਬਜਟ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਵਿਚ ਸਿੱਖ ਮਸਲਿਆਂ ਦੀ ਪੈਰਵਾਈ, ਧਰਮ ਪ੍ਰਚਾਰ, ਲੋਕ ਭਲਾਈ ਕਾਰਜ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪ੍ਰਚਾਰ ਪ੍ਰਸਾਰ ਦੀਆਂ ਤਰਜੀਹਾਂ ਸ਼ਾਮਲ ਹਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਵਿਚ ਲਿਆਉਣ ਲਈ ਖੋਲ੍ਹੀ ਗਈ ਅਕੈਡਮੀ ਦਾ ਜ਼ਿਕਰ ਕੀਤਾ।

ਹਰਿਆਣਾ ਲਈ 57 ਕਰੋੜ ਦਾ ਸਪਲੀਮੈਂਟਰੀ ਬਜਟ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਬਜਟ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਹਰਿਆਣਾ ਵਿਚਲੇ ਗੁਰ-ਅਸਥਾਨਾਂ ਲਈ ਵੱਖਰੇ ਤੌਰ ਤੇ 57 ਕਰੋੜ 11 ਲੱਖ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਦੀ ਮੰਦ-ਮਨਸ਼ਾ ਕਰਕੇ ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸੋਂ ਜਬਰੀ ਹਥਿਆ ਲਿਆ ਗਿਆ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਨੇ ਇਸ ਲਈ ਬਜਟ ਰੱਖਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ