ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰ ਮੁਲਾਕਾਤ ਕਰਕੇ ਪਰਤੇ ਵਾਪਸ, ਐੱਸਜੀਪੀਸੀ ਦੇ ਸਹਿਯੋਗ ਨਾਲ ਹੋਈ ਮੁਲਾਕਾਤ
ਸ਼੍ਰੋਮਣੀ ਕਮੇਟੀ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਕਰਵਾਈ। ਤੇ ਹੁਣ ਇਹ ਪਰਿਵਾਰਕ ਮੈਂਬਰ ਮੁਲਾਕਾਤ ਕਰਕੇ ਸ਼ੁੱਕਰਵਾਰ ਸ੍ਰੀ ਅੰਮ੍ਰਿਤਸਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਾਪਸ ਪਹੁੰਚੇ।
ਅੰਮ੍ਰਿਤਸਰ। ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਗਈ। ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੁਲਾਕਾਤ ਕਰਕੇ ਸ਼ੁਕਰਵਾਰ ਸ੍ਰੀ ਅੰਮ੍ਰਿਤਸਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਾਪਸ ਪੁੱਜੇ ਹਨ। ਇਹ ਮੁਲਾਕਾਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਹੋਈ।
ਐਡਵੋਕੇਟ ਸਿਆਲਕਾ 27 ਅਪ੍ਰੈਲ ਨੂੰ ਸਵੇਰੇ ਪੰਜਾਬ ਤੋਂ ਹਵਾਈ ਮਾਰਗ ਰਾਹੀਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਬਰੂਗੜ੍ਹ ਪੁੱਜੇ ਸਨ ਅਤੇ ਜੇਲ੍ਹ ਪ੍ਰਸਾਸ਼ਨ ਨਾਲ ਗੱਲਬਾਤ ਕਰਕੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਖੇ ਨਜ਼ਰਬੰਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮਿਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਸਨ।
‘ਸੁਖਾਵੇਂ ਮਾਹੌਲ ‘ਚ ਹੋਈ ਮੁਲਾਕਾਤ’
ਉਨ੍ਹਾਂ ਕਿਹਾ ਕਿ ਮੁਲਾਕਾਤ ਲਈ ਅੰਮ੍ਰਿਤਸਰ (Amritsar) ਦੇ ਡਿਪਟੀ ਕਮਿਸ਼ਨਰ, ਡਿਬਰੂਗੜ੍ਹ ਜੇਲ੍ਹ ਪ੍ਰਸਾਸ਼ਨ ਅਤੇ ਸਥਾਨਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਹਿਯੋਗ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ 27 ਅਪ੍ਰੈਲ ਨੂੰ ਪੰਜਾਬ ਅੰਦਰ ਛੁੱਟੀ ਹੋਣ ਕਰਕੇ ਮੁਲਾਕਾਤ ਦੀ ਪਰਵਾਨਗੀ ਵਾਸਤੇ ਕੁਝ ਦੇਰੀ ਹੋਈ ਸੀ ਪਰੰਤੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮਨਜ਼ੂਰੀ ਆਉਣ ਉਪਰੰਤ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ।
‘ਮੁਲਾਕਾਤ ਕਰਕੇ ਤਸੱਲੀ ‘ਚ ਹਨ ਸਾਰੇ ਪਰਿਵਾਰ’
ਮੁਲਾਕਾਤ ਕਰਕੇ ਨਜ਼ਰਬੰਦਾਂ ਦੇ ਪਰਿਵਾਰਕ ਮੈਂਬਰ ਤਸੱਲੀ ਵਿਚ ਹਨ। ਐਡਵੋਕਟ ਸਿਆਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਤੇ ਸੰਜੀਦਾ ਭੂਮਿਕਾ ਨਿਭਾਈ ਜਾ ਰਹੀ ਹੈ। ਐਡਵਕੇਟ ਸਿਆਲਕਾ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਵਾਸਤੇ ਉਸਾਰੂ ਸੋਚ ਰੱਖਣ ਵਾਲੇ ਨਿਆਂ ਪਸੰਦ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖ਼ਸ਼ੀਅਤਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ