24 ਦਿਨਾਂ ਬਾਅਦ ਪਰਵਿੰਦਰ ਝੋਟਾ ਦਾ ਅੱਜ ਹੋਵੇਗਾ ਪੋਸਟਮਾਰਟਮ ਤੇ ਅੰਤਿਮ ਸਸਕਾਰ, ਪਿਤਾ ਦਾ SSP ਦੇ ਤਬਾਦਲੇ ਤੱਕ ਭੁੱਖ ਹੜਤਾਲ
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ ਪੀ.ਜੀ.ਆਈ. (PGI) ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਉਨ੍ਹਾਂ ਦੀ ਦੇਹ ਨੂੰ ਮਾਨਸਾ ਲਿਆਂਦਾ ਜਾਵੇਗਾ, ਜਿੱਥੇ ਦੁਪਹਿਰ ਲਗਭਗ 1 ਵਜੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਅੱਜ ਪੀ.ਜੀ.ਆਈ. (PGI) ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਉਨ੍ਹਾਂ ਦੀ ਦੇਹ ਨੂੰ ਮਾਨਸਾ ਲਿਆਂਦਾ ਜਾਵੇਗਾ, ਜਿੱਥੇ ਦੁਪਹਿਰ ਲਗਭਗ 1 ਵਜੇ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। ਅੰਤਿਮ ਸਸਕਾਰ ਸਬੰਧੀ ਪਰਿਵਾਰ ਅਤੇ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਦੱਸਣਯੋਗ ਹੈ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਿਛਲੇ ਕਰੀਬ 24 ਦਿਨਾਂ ਤੋਂ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਸੀ। ਵੀਰਵਾਰ ਅੱਧੀ ਰਾਤ (5 ਨਵੰਬਰ) ਨੂੰ ਉਨ੍ਹਾਂ ਦੀ ਦੇਹ ਨੂੰ ਪੋਸਟਮਾਰਟਮ ਲਈ ਮਾਨਸਾ ਤੋਂ ਚੰਡੀਗੜ੍ਹ ਪੀ.ਜੀ.ਆਈ. ਰਵਾਨਾ ਕੀਤਾ ਗਿਆ ਸੀ। ਬੀਤੀ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਮੁਆਵਜ਼ੇ ਨੂੰ ਲੈ ਕੇ ਹੋ ਰਹੀ ਟਰੋਲਿੰਗ ‘ਤੇ ਭੜਕੀ ਪਤਨੀ
ਦੂਜੇ ਪਾਸੇ, ਸਰਕਾਰੀ ਨੌਕਰੀ ਅਤੇ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਪੇਸ਼ਕਸ਼ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚੱਲ ਰਹੀ ਟਰੋਲਿੰਗ ‘ਤੇ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਆਲੋਚਕਾਂ ਨੂੰ ਕਰੜੇ ਹੱਥੀਂ ਲੈਂਦਿਆਂ ਬੇਹੱਦ ਭਾਵੁਕ ਅਤੇ ਤਲਖ਼ ਅੰਦਾਜ਼ ਵਿੱਚ ਕਿਹਾ ਕਿ ਅਜਿਹੀਆਂ ਗੱਲਾਂ ਕਰਨ ਵਾਲੇ ਲੋਕ 12 ਬੋਰ ਦੀ ਬੰਦੂਕ ਚੁੱਕ ਕੇ ਮਾਨਸਾ ਆ ਜਾਣ ਅਤੇ ਸਾਡੇ ਪੂਰੇ ਪਰਿਵਾਰ ਨੂੰ ਗੋਲੀਆਂ ਨਾਲ ਭੁੰਨ ਦੇਣ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਲਈ ਆਪਣੇ ਜੀਅ ਦੀ ਕੁਰਬਾਨੀ ਤੋਂ ਵੱਡਾ ਕੋਈ ਪੈਸਾ ਨਹੀਂ ਹੈ।
SSP ਦੇ ਤਬਾਦਲੇ ਦੀ ਮੰਗ ‘ਤੇ ਅੜੇ ਪਿਤਾ ਭੀਮ ਸਿੰਘ
ਇਸ ਦੌਰਾਨ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਅੱਗੇ ਸਖ਼ਤ ਮੰਗ ਰੱਖਦਿਆਂ ਕਿਹਾ ਕਿ ਪਰਵਿੰਦਰ ਦੇ ਸਸਕਾਰ ਤੋਂ ਪਹਿਲਾਂ ਮਾਨਸਾ ਦੇ ਐੱਸ.ਐੱਸ.ਪੀ. (SSP) ਵੈਭਵ ਚੌਧਰੀ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ ਵਿੱਚ ਨਾਕਾਮ ਰਹਿਣ ਕਾਰਨ ਹੀ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਇਆ ਹੈ। ਭੀਮ ਸਿੰਘ ਨੇ ਐਲਾਨ ਕੀਤਾ ਕਿ ਜਦੋਂ ਤੱਕ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਅੰਨ ਦਾ ਇੱਕ ਦਾਣਾ ਵੀ ਮੂੰਹ ਵਿੱਚ ਨਹੀਂ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਉੱਚ-ਪੱਧਰੀ ਮੀਟਿੰਗ ਵਿੱਚ ਵੀ ਚਰਚਾ ਹੋ ਚੁੱਕੀ ਸੀ।
ਨੌਜਵਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੰਕਲਪ ਲੈਣ
ਪਰਵਿੰਦਰ ਝੋਟਾ ਦੇ ਕਰੀਬੀ ਸਾਥੀ ਇੰਦਰਜੀਤ ਸਿੰਘ ਮੁਨਸ਼ੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਵਾਲਾ ਹਰ ਨੌਜਵਾਨ ਇਹ ਪੱਕਾ ਪ੍ਰਣ ਲੈ ਕੇ ਜਾਵੇ ਕਿ ਉਹ ਆਪਣੀ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੱਥੇ ਵੀ ਸ਼ਰੇਆਮ ਨਸ਼ਾ ਵਿਕ ਰਿਹਾ ਹੋਵੇ, ਉਸ ਵਿਰੁੱਧ ਡਟ ਕੇ ਆਪਣੀ ਆਵਾਜ਼ ਬੁਲੰਦ ਕਰਨੀ ਹੋਵੇਗੀ। ਉਨ੍ਹਾਂ ਸਮੂਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਕੋਹੜ ਖ਼ਿਲਾਫ਼ ਇੱਕਜੁੱਟ ਹੋ ਕੇ ਆਰ-ਪਾਰ ਦੀ ਲੜਾਈ ਲੜਨ ਦਾ ਸੱਦਾ ਦਿੱਤਾ।
