ਲੁਧਿਆਣਾ ‘ਚ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ ਤੇ CM ਮਾਨ, ਪਰਿਵਾਰ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਫੇਰੀ ਦੌਰਾਨ ਦੋਵਾਂ ਸਿਖਰਲੇ ਆਗੂਆਂ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਟੀਮ ਨਾਲ ਅਹਿਮ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ। ਇਸ ਫੇਰੀ ਦੌਰਾਨ ਦੋਵਾਂ ਸਿਖਰਲੇ ਆਗੂਆਂ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਟੀਮ ਨਾਲ ਅਹਿਮ ਮੁਲਾਕਾਤ ਕੀਤੀ।
ਸਿਆਸੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸ ਬੈਠਕ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਵਿਸਤਾਰਪੂਰਵਕ ਵਿਚਾਰ-ਵਟਾਂਦਰਾ ਕੀਤੇ। ਇਸ ਦੇ ਨਾਲ ਹੀ ਸੂਬੇ ਨਾਲ ਜੁੜੇ ਹੋਰ ਅਹਿਮ ਸਿਆਸੀ ਅਤੇ ਜਥੇਬੰਦਕ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।
ਪਾਰਟੀ ਵਰਕਰਾਂ ‘ਚ ਉਤਸ਼ਾਹ ਭਰਨ ਲਈ ਕੀਤੀ ਮੁਲਾਕਾਤ: OSD ਘੁੰਮਣ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਰਾਜਵੀਰ ਘੁੰਮਣ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਪਰਿਵਾਰਕ ਮੈਂਬਰਾਂ ਅਤੇ ਟੀਮ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਕਰਨ ਦੇ ਮਕਸਦ ਨਾਲ ਇਹ ਮੁਲਾਕਾਤ ਕੀਤੀ ਗਈ ਹੈ।
ਭਲਕੇ ਮੋਗਾ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਕਰਨਗੇ ਸ਼ਿਰਕਤ
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਮੋਗਾ ਵਿਖੇ ਆਯੋਜਿਤ ਕੀਤੀ ਜਾ ਰਹੀ ਵਿਸ਼ਾਲ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੀ ਸ਼ਿਰਕਤ ਕਰਨਗੇ। ਇਸ ਮੈਗਾ ਰੈਲੀ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
