Arvind Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਦਿੱਲੀ ਤੋਂ ਪੰਜਾਬ ਤੱਕ ਜਸ਼ਨਾਂ ਦਾ ਮਾਹੌਲ

Updated On: 

13 Sep 2024 12:44 PM

Arvind Kejriwal Got Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਵੀ ਲੈ ਚੁੱਕੇ ਹਨ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ 'ਤੇ ਜ਼ਮਾਨਤ ਮਿਲੀ ਹੈ।

Arvind Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਦਿੱਲੀ ਤੋਂ ਪੰਜਾਬ ਤੱਕ ਜਸ਼ਨਾਂ ਦਾ ਮਾਹੌਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਤਸਵੀਰ

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਸੀਬੀਆਈ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਨ। ਪਰ ਹੁਣ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ ਅੱਜ ਸ਼ਾਮ ਜਾਂ ਰਾਤ ਤੱਕ ਉਹ ਬਾਹਰ ਆ ਜਾਣਗੇ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ।

ਸੱਚ ਦੀ ਹੋਈ ਜਿੱਤ – ਮੁੱਖ ਮੰਤਰੀ ਮਾਨ

ਪੰਜਾਬ ਵਿੱਚ ਪਾਰਟੀ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਲ ਖੋਲ ਕੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਆਖਿਰ ਸੱਚ ਦੀ ਹੀ ਜਿੱਤ ਹੋਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਹਰਪਾਲ ਚੀਮਾ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਕਸ ਤੇ ਸ਼ੇਅਰ ਕੀਤੀ ਪੋਸਟ ਵਿੱਚ ਲਿਖਿਆ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਇਸ ਵੱਡੀ ਰਾਹਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਸੱਚ ਨੂੰ ਭਾਵੇਂ ਜਿੰਨਾ ਵੀ ਦਬਾ ਲਵੋ, ਉਹ ਸਭ ਦੇ ਸਾਹਮਣੇ ਆ ਹੀ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਅਤੇ ਸਾਰੇ ਪਾਰਟੀ ਆਗੂਆਂ ਨੂੰ ਵਧਾਈ ਵੀ ਦਿੱਤੀ ਹੈ।

ਡਾ. ਬਲਬੀਰ ਸਿੰਘ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

ਕੈਬਿਨੇਟ ਮੰਤਰੀ ਡਾ. ਬਲਬੀਰ ਸਿੰਘ ਨੇ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ ਤੇ ਲਿੱਖਿਆ ਕਿ ਆਖਰਕਾਰ ਰਾਜਨੀਤਿਕ ਜ਼ੁਲਮ ਦੀ ਲੰਮੀ ਹਨੇਰੀ ਰਾਤ ਬੀਤ ਗਈ। ਅਰਵਿੰਦ ਕੇਜਰੀਵਾਲ ਨੂੰ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਨੇ ਜ਼ਮਾਨਤ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੱਚ ਕਦੇ ਨਹੀਂ ਮਰਦਾ। ਨਾਲ ਹੀ ਉਨ੍ਹਾਂ ਨੇ ਇੰਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਲਿੱਖਿਆ।

ਰਾਘਵ ਚੱਢਾ ਨੇ ਵੀ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

ਪੰਜਾਬ ਤੋਂ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਸਿਰਫ ਇੱਕ ਨਾਂ ਨਹੀਂ ਹੈ, ਉਹ ਇਮਾਨਦਾਰ ਸਿਆਸਤ ਦੇ ਬ੍ਰਾਂਡ ਹਨ। ਲੋਕਾਂ ਵਿੱਚ ਵੱਧਦੀ ਉਨ੍ਹਾਂ ਦੀ ਪ੍ਰਸਿੱਧੀ ਦੇ ਚੱਲਦਿਆਂ ਉਨ੍ਹਾਂ ਨੂੰ 6 ਮਹੀਨਿਆਂ ਲਈ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਪਰ ਆਮ ਆਦਮੀ ਪਾਰਟੀ ਨੂੰ ਹਾਲੇ ਬਹੁਤ ਕੁਝ ਮਿਲਣਾ ਬਾਕੀ ਹੈ।

ਹਰਭਜਨ ਸਿੰਘ ਨੇ ਜਤਾਈ ਖੁਸ਼ੀ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਸਾਂਸਦ ਹਰਭਜਨ ਮਾਨ ਨੇ ਵੀ ਟਵੀਟ ਕਰਕੇ ਸੁਪਰੀਮ ਕੋਰਟ ਦੇ ਫੈਸਲੇ ਤੇ ਖੁਸ਼ੀ ਜਤਾਈ ਹੈ। ਉਨ੍ਹਾਂ ਸੋਸ਼ਲ ਮੀਡੀਆ ਸਾਈਟ ਐਕਸ ਤੇ ਲਿਖਿਆ, ਕੇਜਰੀਵਾਲ ਨੂੰ ਮਿਲੀ ਇਸ ਰਾਹਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਹਰਿਆਣਾ ਚੋਣ ਪ੍ਰਚਾਰ ਦੌਰਾਨ ਨਵੀਂ ਊਰਜਾ ਮਿਲੇਗੀ। ਉਹ ਮੁੜ ਤੋਂ ਬੇਰੋਕ-ਟੋਕ ਲੋਕਾਂ ਦੀ ਸੇਵਾ ਕਰ ਸਕਣਗੇ।

ਸੁਪਰੀਮ ਕੋਰਟ ਨੇ ਦਿੱਤੀ ਹੈ ਕੇਜਰੀਵਾਲ ਨੂੰ ਜ਼ਮਾਨਤ

ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਬਾਰੇ ਵੱਡੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ। ਭੂਈਆ ਨੇ ਕਿਹਾ ਕਿ ਸੀਬੀਆਈ ਨੂੰ ਦਿਖਾਉਣਾ ਹੋਵੇਗਾ ਕਿ ਇਹ ਪਿੰਜਰੇ ਵਿੱਚ ਬੰਦ ਤੋਤਾ ਨਹੀਂ ਹੈ। ਉਹ ਇਸ ਤੋਂ ਮੁਕਤ ਹੈ।