ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਵਿਰੋਧੀ ਧਿਰ, ਕੇਜਰੀਵਾਲ ਦੇ ਪੰਜਾਬ ਤੋਂ ਰਾਜ ਸਭਾ ਜਾਣ ਦਾ AAP ਨੇ ਕੀਤਾ ਖੰਡਨ
Arvind Kejriwal: ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੀ ਹਾਰ ਤੋਂ ਬਾਅਦ, ਹੁਣ ਉਨ੍ਹਾਂ ਦੇ ਰਾਜਨੀਤਿਕ ਭਵਿੱਖ ਬਾਰੇ ਚਰਚਾਵਾਂ ਚੱਲ ਰਹੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆਈ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਜਾ ਕੇ ਰਾਜ ਸਭਾ ਮੈਂਬਰ ਬਣ ਸਕਦੇ ਹਨ। ਪਰ ਆਮ ਆਦਮੀ ਪਾਰਟੀ ਨੇ ਇਸ ਖਬਰ ਦਾ ਪੂਰੀ ਤਰ੍ਹਾਂ ਨਾਲ ਖੰਡਨ ਕੀਤਾ ਹੈ। ਨਾਲ ਹੀ ਟੀਵੀ9 ਪੰਜਾਬੀ ਵੀ ਇਸ ਦੀ ਬਿਲਕੁੱਲ ਵੀ ਪੁਸ਼ਟੀ ਨਹੀਂ ਕਰਦਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਦੀ ਹਾਰ ਤੋਂ ਬਾਅਦ, ਹੁਣ ਉਨ੍ਹਾਂ ਦੇ ਰਾਜਨੀਤਿਕ ਭਵਿੱਖ ਬਾਰੇ ਚਰਚਾਵਾਂ ਚੱਲ ਰਹੀਆਂ ਹਨ। ਇਸ ਵਿਚਾਲੇ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆਈ ਹੈ ਕਿ ਕੇਜਰੀਵਾਲ ਆਪਣੀ ਨਵੀਂ ਪਾਰੀ ਪੰਜਾਬ ਤੋਂ ਸ਼ੁਰੂ ਕਰ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਤੋਂ ਰਾਜ ਸਭਾ ਜਾ ਸਕਦੇ ਹਨ। ਹਾਲਾਂਕਿ, ਹੁਣ ਤੱਕ ਇਸ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ। ਅਤੇ ਨਾ ਹੀ ਟੀਵੀ9 ਪੰਜਾਬੀ ਇਸ ਖ਼ਬਰ ਦੀ ਪੁਸ਼ਟੀ ਕਰਦਾ ਹੈ।
ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਜਗ੍ਹਾ ਲੈ ਸਕਦੇ ਹਨ। ਜਦੋਂ ਕਿ ਸੰਜੀਵ ਅਰੋੜਾ ਉਪ ਚੋਣ ਰਾਹੀਂ ਸੂਬੇ ਦੀ ਰਾਜਨੀਤੀ ਵਿੱਚ ਪ੍ਰਵੇਸ਼ ਕਰ ਸਕਦੇ ਹਨ। ਅਜਿਹੀਆਂ ਖ਼ਬਰਾਂ ਹਨ ਕਿ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਸੀਟ ਤੋਂ ਆਉਣ ਵਾਲੀ ਵਿਧਾਨ ਸਭਾ ਉਪ ਚੋਣ ਲੜ ਸਕਦੇ ਹਨ। ਜਦਕਿ ਇਸ ਖਬਰ ਦਾ ਖੰਡਨ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਵਿਰੋਧੀ ਧਿਰ ਧਿਆਨ ਭਟਕਾਉਣ ਲਈ ਅਜਿਹੇ ਮੁੱਦੇ ਉਠਾ ਰਹੀ ਹੈ।
ਕੇਜਰੀਵਾਲ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ
ਇਸ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਲੁਧਿਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦੀਆਂ ਅਟਕਲਾਂ ਵੀ ਸਾਹਮਣੇ ਆਈਆਂ ਸਨ। ਹਾਲਾਂਕਿ, ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।
ਧਿਆਨ ਭਟਕਾਉਣ ਲਈ ਵਿਰੋਧੀ ਧਿਰ ਅਜਿਹੇ ਮੁੱਦੇ ਉਠਾ ਰਹੀ – ਆਪ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਤੋਂ ਰਾਜ ਸਭਾ ਭੇਜਣ ਦੀਆਂ ਚਰਚਾਵਾਂ ‘ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੱਧਰ ‘ਤੇ ਅਜੇ ਤੱਕ ਅਜਿਹੀ ਕੋਈ ਗੱਲਬਾਤ ਨਹੀਂ ਹੋਈ ਹੈ। ਵਿਰੋਧੀ ਧਿਰ ਧਿਆਨ ਭਟਕਾਉਣ ਲਈ ਅਜਿਹੇ ਮੁੱਦੇ ਉਠਾ ਰਹੀ ਹੈ। ਵਿਰੋਧੀ ਧਿਰ ਦੇ ਆਗੂ ਵਿਧਾਨ ਸਭਾ ਦੇ ਅੰਦਰ ਕੋਈ ਮੁੱਦਾ ਨਹੀਂ ਉਠਾ ਸਕੇ, ਇਸ ਲਈ ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਅਜਿਹੇ ਮੁੱਦੇ ਉਠਾ ਰਹੇ ਹਨ।