ASI ਇਕਬਾਲ ਸਿੰਘ ਕਤਲ ਕਾਂਡ ‘ਚ ਪੁਲਿਸ ਦਾ ਵੱਡਾ ਐਕਸ਼ਨ, ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮਾਂ ਦਾ ਐਨਕਾਊਂਟਰ
ਪੰਜਾਬ ਦੇ ਜ਼ੀਰਕਪੁਰ ਸਥਿਤ KMG ਹੋਟਲ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ ਹੋਇਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਗੈਂਗ ਦੇ ਸ਼ੂਟਰਾਂ ਨੂੰ ਘੇਰਾ ਪਾ ਲਿਆ। ਇਸ ਮੁਕਾਬਲੇ ਦੌਰਾਨ ਹਰਪ੍ਰੀਤ ਸਿੰਘ ਉਰਫ਼ ਹੈਪੀ ਬਹਿਮਣ ਅਤੇ ਭੁਪਿੰਦਰ ਸਿੰਘ ਉਰਫ਼ ਭਿੰਦਾ ਨਾਮਕ ਦੋਵੇਂ ਸ਼ੂਟਰਾਂ ਨੂੰ ਕਈ ਗੋਲ਼ੀਆਂ ਲੱਗੀਆਂ ਹਨ।
ਪੰਜਾਬ ਦੇ ਜ਼ੀਰਕਪੁਰ ਸਥਿਤ KMG ਹੋਟਲ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਐਨਕਾਊਂਟਰ ਹੋਇਆ ਹੈ। ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰ ਡੋਨੀ ਬੱਲ ਗੈਂਗ ਦੇ ਸ਼ੂਟਰਾਂ ਨੂੰ ਘੇਰਾ ਪਾ ਲਿਆ। ਇਸ ਮੁਕਾਬਲੇ ਦੌਰਾਨ ਹਰਪ੍ਰੀਤ ਸਿੰਘ ਉਰਫ਼ ਹੈਪੀ ਬਹਿਮਣ ਅਤੇ ਭੁਪਿੰਦਰ ਸਿੰਘ ਉਰਫ਼ ਭਿੰਦਾ ਨਾਮਕ ਦੋਵੇਂ ਸ਼ੂਟਰਾਂ ਨੂੰ ਕਈ ਗੋਲ਼ੀਆਂ ਲੱਗੀਆਂ ਹਨ।
ਦੱਸਣਯੋਗ ਹੈ ਕਿ ਇਹ ਦੋਵੇਂ ਬਦਮਾਸ਼ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸਨ। ਫ਼ਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ASI ਇਕਬਾਲ ਸਿੰਘ ਦਾ ਬੀਤੀ 11 ਅਕਤੂਬਰ 2026 ਨੂੰ ਕਤਲ ਕਰ ਦਿੱਤਾ ਗਿਆ ਸੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲ਼ੀ ਮਾਰ ਦਿੱਤੀ ਸੀ।
ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ‘ਤੇ ਵਧੇ ਹਮਲੇ
ਪੰਜਾਬ ਵਿੱਚ ਪਿਛਲੇ 3 ਮਹੀਨਿਆਂ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਹਾਲ ਹੀ ਵਿੱਚ 16 ਨਵੰਬਰ ਨੂੰ ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਗੋਲ਼ੀ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਹੈ, ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ਤਰਨਤਾਰਨ ਦੇ ਥਾਣਾ ਸਰਹਾਲੀ ਖੇਤਰ ਵਿੱਚ ASI ਇਕਬਾਲ ਸਿੰਘ ਦੇ ਕਤਲ ਮਗਰੋਂ ਦੋਵੇਂ ਸ਼ੂਟਰ ਆਪਣਾ ਮੋਟਰਸਾਈਕਲ ਉੱਥੇ ਹੀ ਛੱਡ ਕੇ ਕਾਰ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ।
ਇਸ ਤੋਂ ਪਹਿਲਾਂ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਅੰਮ੍ਰਿਤਸਰ ਦੇ ਅਜਨਾਲਾ ਥਾਣਾ ਖੇਤਰ ਅਧੀਨ ਰੇਲਵੇ ਪੁਲਿਸ ਦੇ ASI ਸੁਖਚੈਨ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਡਿਊਟੀ ਖ਼ਤਮ ਕਰਕੇ ਪਿੰਡ ਜਗਦੇਵ ਖੁਰਦ ਸਥਿਤ ਆਪਣੇ ਘਰ ਪਰਤਦੇ ਸਮੇਂ ਨਹਿਰ ਨੇੜੇ 3 ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਬੇਹੱਦ ਨੇੜਿਓਂ ਗੋਲ਼ੀ ਚਲਾਈ ਸੀ, ਜੋ ਉਨ੍ਹਾਂ ਦੇ ਖੱਬੇ ਮੋਢੇ ਦੇ ਆਰ-ਪਾਰ ਹੋ ਗਈ ਸੀ।
ਉੱਥੇ ਹੀ, ਬੀਤੀ 18 ਸਤੰਬਰ ਨੂੰ ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿੱਚ ਰਾਤ ਦੀ ਡਿਊਟੀ ਦੌਰਾਨ ਅਣਪਛਾਤੇ ਹਮਲਾਵਰਾਂ ਨੇ ASI ਹਰਜੀਤ ਸਿੰਘ ਨੂੰ ਗੋਲ਼ੀ ਮਾਰ ਦਿੱਤੀ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਹਮਲਾਵਰਾਂ ਨੇ ਗੋਲ਼ੀ ਮਾਰਨ ਤੋਂ ਬਾਅਦ ਮੁੜ ਮੌਕੇ ‘ਤੇ ਪਰਤ ਕੇ 30 ਤੋਂ 40 ਸੈਕਿੰਡ ਦੀ ਵੀਡੀਓ ਵੀ ਬਣਾਈ ਸੀ। ਹਾਲਾਂਕਿ, ਬਾਅਦ ਵਿੱਚ ਪੁਲਿਸ ਨੇ ਇਸ ਕਤਲ ਕਾਂਡ ਦੇ ਇੱਕ ਮੁਲਜ਼ਮ ਨੂੰ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ ਸੀ।
