ਆਪ੍ਰੇਸ਼ਨ ਸਿੰਦੂਰ ਦੌਰਾਨ ਨੁਕਸਾਨੇ ਗਏ ਘਰਾਂ ਲਈ ਮਿਲੇਗੀ ਮਦਦ ਰਾਸ਼ੀ, 25 ਕਰੋੜ ਹੋਏ ਮਨਜੂਰ
ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਕਾਰਨ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਂਦਾ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ, ਜਿਸ ਨਾਲ ਸੈਂਕੜੇ ਪਰਿਵਾਰ ਪ੍ਰਭਾਵਿਤ ਹੋਏ ਸਨ।

Operation Sindoor: ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿੱਚ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨੀ ਗੋਲੀਬਾਰੀ ਨਾਲ ਨੁਕਸਾਨੇ ਗਏ ਘਰਾਂ ਲਈ 25 ਕਰੋੜ ਰੁਪਏ ਦੀ ਵਾਧੂ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਪਾਕਿਸਤਾਨੀ ਗੋਲੀਬਾਰੀ ਨਾਲ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ 2 ਲੱਖ ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਹਰੇਕ ਘਰ ਲਈ 1 ਲੱਖ ਰੁਪਏ ਦੀ ਵਾਧੂ ਸਹਾਇਤਾ ਦਿੱਤੀ ਜਾਵੇਗੀ।
ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2,060 ਘਰਾਂ ਲਈ ਗ੍ਰਹਿ ਮੰਤਰਾਲੇ ਤੋਂ 25 ਕਰੋੜ ਰੁਪਏ ਦਾ ਵਾਧੂ ਪ੍ਰਬੰਧ ਕਰਕੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ। ਇਸ ਬਿਆਨ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਰਾਹਤ ਫੰਡ ਮੁਹੱਈਆ ਕਰਵਾਏ ਜਾਣਗੇ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 29-30 ਮਈ ਨੂੰ ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁੰਛ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਸਨ।
ਮਾਪਦੰਡਾਂ ਦੇ ਅਨੁਸਾਰ, ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਕਾਰਨ ਹੋਏ ਨੁਕਸਾਨ ਲਈ ਤੁਰੰਤ ਮੁਆਵਜ਼ਾ ਦਿੱਤਾ ਜਾਂਦਾ ਹੈ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ, ਜਿਸ ਨਾਲ ਸੈਂਕੜੇ ਪਰਿਵਾਰ ਪ੍ਰਭਾਵਿਤ ਹੋਏ ਸਨ। ਇਨ੍ਹਾਂ ਘਟਨਾਵਾਂ ਵਿੱਚ ਰਿਹਾਇਸ਼ੀ ਇਲਾਕਿਆਂ ਦੇ ਨਾਲ-ਨਾਲ ਸਕੂਲਾਂ, ਧਾਰਮਿਕ ਸਥਾਨਾਂ ਅਤੇ ਵਪਾਰਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ।
ਭਾਰਤੀ ਸੇਨਾ ਨੇ ਚਲਾਇਆ ਸੀ ਆਪ੍ਰੇਸ਼ਨ ਸਿੰਦੂਰ
ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਦੁਆਰਾ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਗਿਆ ਸੀ। ਇਸ ਕਾਰਵਾਈ ਰਾਹੀਂ ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਦਾਖਲ ਹੋ ਕੇ ਨੌਂ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਖੇਤਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਪਰ ਇਸ ਦੇ ਜਵਾਬ ਵਿੱਚ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਨੇ ਪਾਕਿਸਤਾਨ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ। ਇਹ ਕਾਰਵਾਈ ਲਗਭਗ ਚਾਰ ਦਿਨ ਚੱਲੀ ਅਤੇ ਫਿਰ 10 ਮਈ ਦੀ ਸ਼ਾਮ ਨੂੰ ਦੋਵਾਂ ਦੇਸ਼ਾਂ ਨੇ ਜੰਗਬੰਦੀ ਦਾ ਐਲਾਨ ਕੀਤਾ।