ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂ ਪਰਤੇ ਵਤਨ, ਦੋਵਾਂ ਦੇਸ਼ਾਂ ਵਿਚਾਲੇ ਅਮਨ-ਸ਼ਾਂਤੀ ਦੀ ਕੀਤੀ ਅਰਦਾਸ

Published: 

05 Nov 2026 12:36 PM IST

ਸ਼ਰਧਾਲੂਆਂ ਦੀ ਮੰਗ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਸੜਕ ਰਸਤੇ ਪਾਕਿਸਤਾਨ ਵਾਪਸ ਜਾਣ ਦੀ ਵਿਸ਼ੇਸ਼ ਇਜਾਜ਼ਤ ਦੇ ਦਿੱਤੀ। ਇਸ ਤੋਂ ਬਾਅਦ ਅਟਾਰੀ ਸਰਹੱਦ 'ਤੇ ਇਮੀਗ੍ਰੇਸ਼ਨ ਅਤੇ ਸੁਰੱਖਿਆ ਸਬੰਧੀ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਕੇ ਜਥੇ ਨੂੰ ਸਨਮਾਨ ਸਹਿਤ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂ ਪਰਤੇ ਵਤਨ, ਦੋਵਾਂ ਦੇਸ਼ਾਂ ਵਿਚਾਲੇ ਅਮਨ-ਸ਼ਾਂਤੀ ਦੀ ਕੀਤੀ ਅਰਦਾਸ

ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂ ਪਰਤੇ ਵਤਨ

ਭਾਰਤ ਦੇ ਪ੍ਰਮੁੱਖ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਦਾ ਜਥਾ ਆਪਣੀ ਕਰੀਬ ਇੱਕ ਮਹੀਨੇ ਦੀ ਧਾਰਮਿਕ ਯਾਤਰਾ ਪੂਰੀ ਕਰਕੇ ਅਟਾਰੀ-ਵਾਹਗਾ ਸਰਹੱਦ ਰਾਹੀਂ ਸੁਰੱਖਿਅਤ ਆਪਣੇ ਵਤਨ ਪਰਤ ਗਿਆ। ਨਨਕਾਣਾ ਸਾਹਿਬ (ਪਾਕਿਸਤਾਨ) ਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਇਸ ਜਥੇ ਨੇ ਸ੍ਰੀ ਹੇਮਕੁੰਟ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਤੇ ਦਿੱਲੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ। ਇਸ ਦੌਰਾਨ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਅਮਨ, ਸ਼ਾਂਤੀ ਤੇ ਆਪਸੀ ਭਾਈਚਾਰੇ ਲਈ ਅਰਦਾਸ ਵੀ ਕੀਤੀ।

ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਪਸੀ ਸਮੇਂ ਆਵਾਜਾਈ ਦੇ ਰਸਤੇ ਸਬੰਧੀ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਿਯਮਾਂ ਅਨੁਸਾਰ ਉਨ੍ਹਾਂ ਨੂੰ ਹਵਾਈ ਰਸਤੇ ਰਾਹੀਂ ਪਾਕਿਸਤਾਨ ਵਾਪਸ ਜਾਣਾ ਪੈਣਾ ਸੀ, ਜਿਸ ਕਾਰਨ ਕਨੈਕਟਿੰਗ ਉਡਾਣਾਂ ਤੇ ਲੰਬੀਆਂ ਕਾਗਜ਼ੀ ਕਾਰਵਾਈਆਂ ਕਰਕੇ ਕਰੀਬ 22 ਤੋਂ 24 ਘੰਟੇ ਦਾ ਸਮਾਂ ਲੱਗਦਾ ਸੀ।

ਸ਼ਰਧਾਲੂਆਂ ਦੀ ਇਸ ਮੁਸ਼ਕਲ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਾਰਤ ਸਰਕਾਰ ਕੋਲ ਵਿਸ਼ੇਸ਼ ਬੇਨਤੀ ਕੀਤੀ ਸੀ।

ਭਾਰਤ ਸਰਕਾਰ ਨੇ ਸੜਕ ਰਸਤੇ ਵਾਪਸੀ ਦੀ ਦਿੱਤੀ ਮਨਜ਼ੂਰੀ

ਸ਼ਰਧਾਲੂਆਂ ਦੀ ਮੰਗ ਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਸੜਕ ਰਸਤੇ ਪਾਕਿਸਤਾਨ ਵਾਪਸ ਜਾਣ ਦੀ ਵਿਸ਼ੇਸ਼ ਇਜਾਜ਼ਤ ਦੇ ਦਿੱਤੀ। ਇਸ ਤੋਂ ਬਾਅਦ ਅਟਾਰੀ ਸਰਹੱਦ ‘ਤੇ ਇਮੀਗ੍ਰੇਸ਼ਨ ਅਤੇ ਸੁਰੱਖਿਆ ਸਬੰਧੀ ਸਾਰੀਆਂ ਜ਼ਰੂਰੀ ਕਾਰਵਾਈਆਂ ਪੂਰੀਆਂ ਕਰਕੇ ਜਥੇ ਨੂੰ ਸਨਮਾਨ ਸਹਿਤ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਦਰਸ਼ਨਾਂ ਨੂੰ ਦੱਸਿਆ ਜੀਵਨ ਦਾ ਯਾਦਗਾਰ ਪਲ

ਜਥੇ ਵਿੱਚ ਸ਼ਾਮਲ ਨਨਕਾਣਾ ਸਾਹਿਬ ਦੇ ਸ਼ਰਧਾਲੂ ਭੁਪਿੰਦਰ ਸਿੰਘ ਨੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਦੱਸਿਆ ਕਿ ਉਹ 8 ਤਰੀਕ ਨੂੰ 30 ਦਿਨਾਂ ਦੇ ਵੀਜ਼ੇ ‘ਤੇ ਭਾਰਤ ਆਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਅਤੇ ਸੁਖਦ ਅਨੁਭਵ ਰਿਹਾ ਹੈ।

ਉਨ੍ਹਾਂ ਨੇ ਯਾਤਰਾ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਸਹਿਯੋਗ ਸਦਕਾ ਉਨ੍ਹਾਂ ਦੀ ਇਹ ਧਾਰਮਿਕ ਯਾਤਰਾ ਬੇਹੱਦ ਸੁਖਾਲੇ ਤੇ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋਈ ਹੈ।

ਸਰਕਾਰਾਂ ਨੂੰ ਕੀਤੀ ਧਾਰਮਿਕ ਯਾਤਰਾ ਆਸਾਨ ਬਣਾਉਣ ਦੀ ਅਪੀਲ

ਵਤਨ ਵਾਪਸੀ ਸਮੇਂ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ, ਉਸੇ ਤਰ੍ਹਾਂ ਪਾਕਿਸਤਾਨ ‘ਚ ਰਹਿਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀ ਭਾਰਤ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਰਸਤੇ ਆਸਾਨ ਤੇ ਸੁਖਾਲੇ ਬਣਾਏ ਜਾਣੇ ਚਾਹੀਦੇ ਹਨ।

ਸ਼ਰਧਾਲੂਆਂ ਨੇ ਕਿਹਾ ਕਿ ਅਜਿਹੇ ਧਾਰਮਿਕ ਤੇ ਆਪਸੀ ਸੱਭਿਆਚਾਰਕ ਆਦਾਨ-ਪ੍ਰਦਾਨ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਤੇ ਸਰਹੱਦਾਂ ‘ਤੇ ਅਮਨ-ਸ਼ਾਂਤੀ ਤੇ ਸਦਭਾਵਨਾ ਦਾ ਮਾਹੌਲ ਬਣਾਉਣ ‘ਚ ਮਦਦ ਮਿਲੇਗੀ।

Loading...
Unable to load recommendations.
Follow Us