ਦਹਿਸ਼ਤ ਦੇ ਸਾਏ ‘ਚ ਰਹਿ ਰਹੇ ਪੰਜਾਬ ‘ਚ ਕਿਹੜਾ ਨਿਵੇਸ਼ਕ ਕਰੇਗਾ ਨਿਵੇਸ਼: ਅਵਿਨਾਸ਼ ਰਾਏ ਖੰਨਾ
Avinash Rai Khanna ਨੇ ਕਿਹਾ ਕਿ ਭਾਜਪਾ ਪੰਜਾਬ ਦੇ ਮੌਜੂਦਾ ਹਾਲਾਤ ਤੋਂ ਬਹੁਤ ਦੁਖੀ ਅਤੇ ਚਿੰਤਤ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਇੱਕ ਸਾਲ ਦੇ ਰਾਜ ਦੌਰਾਨ ਸੂਬੇ ਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਨਾਕਾਮ ਰਹੀ ਹੈ।

ਚੰਡੀਗੜ੍ਹ ਨਿਊਜ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਤੇ ਭਾਜਪਾ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ (Avinash Rai Khanna) ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਤੇ ਸਵਾਲ ਚੁੱਕਦਿਆਂ ਕਿਹਾ ਕਿ ਹਰ ਵਿਅਕਤੀ ਪੁਲਿਸ ਥਾਣੇ, ਜੇਲ੍ਹ ਜਾਂ ਜਿਸ ਵਿਅਕਤੀ ਨੂੰ ਸੁਰੱਖਿਆ ਮਿਲੀ ਹੋਈ ਹੈ, ਉਸਨੂੰ ਸੱਭ ਤੋਂ ਸੁਰੱਖਿਅਤ ਮੰਨਦਾ ਹੈ। ਅਵਿਨਾਸ਼ ਰਾਏ ਖੰਨਾ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਕੋਈ ਵੀ ਵਿਅਕਤੀ ਕਿਤੇ ਵੀ ਸੁਰੱਖਿਅਤ ਨਹੀਂ ਹੈ। ਅੱਜ ਹਾਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਵਿੱਚ ਹਰ ਕੋਈ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਕਬੱਡੀ ਖਿਡਾਰੀ ਸੰਦੀਪ ਸਿੰਘ ਅੰਬੀਆ ਦਾ ਕਤਲ ਕਰ ਦਿੱਤਾ ਗਿਆ, ਪਰ ਉਸ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ, ਉਸ ਤੋਂ ਬਾਅਦ ਵੀ ਪੰਜ ਹੋਰ ਕਬੱਡੀ ਖਿਡਾਰੀ ਮਾਰੇ ਗਏ, ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ, ਉਸਦੇ ਪਰਿਵਾਰ ਵਾਲੇ ਅੱਜ ਵੀ ਇਨਸਾਫ਼ ਲਈ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਲਾਈ ਬੈਠੇ ਹਨ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਦੇ ਸਾਹਮਣੇ ਗੋਲੀ ਮਾਰ ਕੇ ਮਾਰਿਆ ਗਿਆ। ਅੰਮ੍ਰਿਤਸਰ ‘ਚ ਹੀ ਇਕ ਹੋਰ ਘਟਨਾ ‘ਚ ‘ਆਪ’ ਨੇਤਾ ਦੇ ਬੇਟੇ ਨੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਗੋਲੀ ਚਲਾ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਹੁਣ ਗੈਂਗਸਟਰ ਜੇਲ੍ਹਾਂ ਵਿੱਚੋਂ ਇੰਟਰਵਿਊ ਦੇ ਰਹੇ ਹਨ।
ਗੋਇੰਦਵਾਲ ਸਾਹਿਬ ਜੇਲ ‘ਚ ਆਪਸੀ ਲੜਾਈ ‘ਚ ਜੇਲ ਦੇ ਅੰਦਰ 2 ਲੋਕਾਂ ਦੀ ਮੌਤ ਹੋ ਗਈ ਅਤੇ ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜੇਲ੍ਹਾਂ ਵਿੱਚ ਗੈਂਗਵਾਰ ਕਰਵਾ ਕੇ ਕਤਲ ਕੀਤੇ ਜਾ ਰਹੇ ਹਨ ਤਾਂ ਜੋ ਸਬੂਤ ਮਿਟਾਏ ਜਾ ਸਕਣ। ਥਾਣਾ ਅਜਨਾਲਾ ਦੀ ਘਟਨਾ ਨੇ ਪੁਲਿਸ ਪ੍ਰਸ਼ਾਸਨ ਦੀ ਬੇਵਸੀ ਦਾ ਪਰਦਾਫਾਸ਼ ਕਰ ਦਿੱਤਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ