Takht Sri Damdama Sahib: 14 ਅਪ੍ਰੈਲ ਨੂੰ ਲੱਗੇਗਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ
Baisakhi fair: ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸਾਖੀ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅਧਿਕਾਰੀਆਂ ਨਾਲ ਬੈਠਕ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ
14 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਦੇ ਮੇਲੇ ਨੂੰ ਲੈ ਕੇ ਡੀਸੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਬਠਿੰਡਾ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (Talwandi Sabo) ਵਿਖੇ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਜਿੰਮੇਵਾਰੀਆਂ ਸੌਪੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਅਪ੍ਰੈਲ ਨੂੰ ਪੂਰੀ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਬੈਠਕ ਦੌਰਾਨ ਡੀਸੀ ਵੱਲੋਂ ਐਸ.ਡੀ.ਐਮ. ਤਲਵੰਡੀ ਸਾਬੋ ਨੂੰ ਮੇਲਾ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖ਼ੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਡੀਐਸਪੀ ਤਲਵੰਡੀ ਸਾਬੋ ਨੂੰ ਕਿਹਾ ਕਿ ਉਹ ਪੁੱਛਗਿੱਛ ਕੇਂਦਰਾਂ ਅਤੇ ਕੰਟਰੋਲ ਰੂਮਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਪੈਟਰੋਲਿੰਗ ਟੀਮਾਂ ਦਾ ਪ੍ਰਬੰਧ ਕਰਨਗੇ।


