ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਮੁਅੱਤਲ
ਨਸ਼ਿਆਂ ਵਿਰੁੱਧ ਜੰਗ ਨੂੰ ਲੈ ਕੇ ਪੰਜਾਬ ਸ਼ੁਰੂ ਤੋਂ ਹੀ ਐਕਸ਼ਨ ਮੋਡ ਵਿੱਚ ਹੈ। ਇਸ ਤੋਂ ਪਹਿਲਾਂ ਬਠਿੰਡਾ ਵਿੱਚ ਵੀ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ 'ਤੇ ਆਪਣੇ ਵਾਹਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਇਲਜ਼ਾਮ ਸੀ।

Bathinda DSP Harbans Singh: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਤੋਂ ਪਤਾ ਲੱਗਾ ਕਿ ਉਹ ਨਸ਼ੀਲੇ ਪਦਾਰਥਾਂ ਦੇ ਇਲਜ਼ਾਮਾਂ ‘ਤੇ ਕਾਰਵਾਈ ਕਰਨ ਵਿੱਚ ਢਿੱਲੇ ਰਹੇ ਸਨ।
ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਇਹ ਹੈ ਕਿ ਉਹ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕਰੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਸਦਾ ਅਹੁਦਾ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ।
ਜਾਣਕਾਰੀ ਅਨੁਸਾਰ, ਨਸ਼ਿਆਂ ਵਿਰੁੱਧ ਜੰਗ ਨੂੰ ਲੈ ਕੇ ਪੰਜਾਬ ਸ਼ੁਰੂ ਤੋਂ ਹੀ ਐਕਸ਼ਨ ਮੋਡ ਵਿੱਚ ਹੈ। ਇਸ ਤੋਂ ਪਹਿਲਾਂ ਬਠਿੰਡਾ ਵਿੱਚ ਵੀ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ ‘ਤੇ ਆਪਣੇ ਵਾਹਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਇਲਜ਼ਾਮ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਹੁਣ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਹੈ। ਉਹ ਇਸ ਵੇਲੇ ਜੇਲ੍ਹ ਵਿੱਚ ਹੈ। ਇਸ ਦੇ ਨਾਲ ਹੀ ਬਠਿੰਡਾ ਦੇ ਵਿਜੀਲੈਂਸ ਬਿਊਰੋ ਦੀ ਟੀਮ ਦੁਬਾਰਾ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ। ਇਸ ਲਈ ਜੇਲ੍ਹ ਅਥਾਰਟੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।
ਡੀਐਸਪੀ ਨੂੰ ਪਹਿਲਾਂ ਕੀਤਾ ਗਿਆ ਸੀ ਗ੍ਰਿਫ਼ਤਾਰ
ਕੁਝ ਦਿਨ ਪਹਿਲਾਂ ਸੰਗਰੂਰ ਜੇਲ੍ਹ ਦੇ ਅੰਦਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਲੈ ਕੇ ਖੁਲਾਸਾ ਹੋਇਆ ਸੀ। ਇਸ ਮਾਮਲੇ ‘ਚ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਵੀ ਇਸ ਧੰਦੇ ‘ਚ ਸ਼ਾਮਲ ਸੀ। ਪੁਲਿਸ ਨੇ ਇਸ ਸਬੰਧ ‘ਚ ਪਹਿਲਾਂ ਹੀ ਐਨਡੀਪੀਐਸ (NDPS) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਸੀ। ਜਦੋਂ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਬਾਅਦ ‘ਚ ਜੋੜ ਦਿੱਤੀ ਗਈ ਸੀ। ਹੁਣ ਤੱਕ ਕੁੱਲ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।