Operation Amritpal ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਿਸਾਨਾਂ ਦਾ ਪ੍ਰਦਰਸ਼ਨ

Published: 

03 Apr 2023 19:34 PM

Operation Amritpal ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਿਸਾਨਾਂ ਦਾ ਪ੍ਰਦਰਸ਼ਨ

Operation Amritpal ਦੌਰਾਨ ਫੜੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਕਿਸਾਨਾਂ ਦਾ ਪ੍ਰਦਰਸ਼ਨ

Follow Us On

ਬਠਿੰਡਾ ਨਿਊਜ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharti Kisan Union Ekta Ugraha) ਸੂਬਾ ਕਮੇਟੀ ਦੇ ਸੱਦੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦੇਣ ਤੋਂ ਬਾਅਦ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਨੇ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਸਾਹਮਣੇ ਕਈ ਮੰਗਾਂ ਰੱਖੀਆਂ।

ਕਿਸਾਨਾਂ ਨੇ ਕਿਹਾ ਕਿ ਫਿਰਕਾਪ੍ਰਸਤੀ ਨਾਲ ਨਜਿੱਠਣ ਦੇ ਨਾਂ ਹੇਠ ਨੋਜਵਾਨਾਂ ਤੇ ਲਾਇਆ NSA ਵਾਪਸ ਲਿਆ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇ ,ਪੰਜਾਬ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਨੂੰ ਤੁਰੰਤ ਵਾਪਸ ਭੇਜਿਆ ਜਾਵੇ, NIA ਅਤੇ ED ਵਰਗੀਆਂ ਏਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ, ਪੰਜਾਬ ਅੰਦਰ ਖ਼ਾਲਸਤਾਨੀ ਲਹਿਰ ਦੇ ਵੱਡੇ ਉਭਾਰ ਦਾ ਝੂਠਾ ਵਿਰਤਾਂਤ ਸਿਰਜਣ ਵਾਲੀ ਮੁਹਿੰਮ ਤੁਰੰਤ ਬੰਦ ਕੀਤੀ ਜਾਵੇ।

ਫਿਰਕੂ ਅਤੇ ਗੈਰਕਾਨੂੰਨੀ ਕਾਰਵਾਈਆਂ ਕਰਨ ਵਾਲੇ ਫਿਰਕੂ ਅਨਸਰਾਂ ਨੂੰ ਨੱਥ ਪਾਈ ਜਾਵੇ, ਫਿਰਕੂ ਪ੍ਰਚਾਰ ਰਾਹੀਂ ਭੜਕਾਹਟ ਚ ਆਏ ਨੋਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਦੇ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਫਿਰਕੂ ਤਾਕਤਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਫਿਰਕਾਪ੍ਰਸਤੀ ਦਾ ਮਹੌਲ ਸਿਰਜ ਰਹੀਆਂ ਸਰਕਾਰਾਂ

ਇਕੱਠ ਨੂੰ ਸੰਬੋਧਨ ਕਰਦਿਆਂ ਸ਼ਿੰਗਾਰਾ ਸਿੰਘ ਅਤੇ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਸਰਕਾਰਾਂ ਸਰਮਾਏਦਾਰੀ ਲੁੱਟ ਨੂੰ ਹੋਰ ਤੇਜ਼ ਕਰਨ ਲਈ ਫਿਰਕਾਪ੍ਰਸਤੀ ਦਾ ਮਹੌਲ ਸਿਰਜਦੀਆਂ ਹਨ। ਉਨ੍ਹਾਂ ਕਿਹਾ ਕਿ ਸਰਮਾਏਦਾਰਾਂ ਦੀ ਲੁੱਟ ਨੂੰ ਹੋਰ ਤੇਜ਼ ਕਰਨ ਵਾਲੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਖੇਤੀ ਕਨੂੰਨ ਲੋਕਾਂ ਨੇ ਆਪਣੀ ਤਾਕਤ ਦੇ ਜ਼ੋਰ ਵਾਪਸ ਮੋੜੇ ਹਨ। ਸਰਕਾਰਾਂ ਨੂੰ ਸਰਮਾਏਦਾਰਾਂ , ਜਗੀਰਦਾਰਾਂ ਅਤੇ ਸੂਦਖੋਰਾਂ ਦੀ ਲੁੱਟ ਖ਼ਿਲਾਫ਼ ਖੜ੍ਹੀ ਹੋ ਰਹੀ ਲੋਕ ਤਾਕਤ ਬਰਦਾਸ਼ਤ ਨਹੀਂ ਹੋ ਰਹੀ।

ਇਸ ਲਈ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕੀ ਸੰਘਰਸ਼ ਤੇ ਟੇਕ ਰੱਖਣ ਅਤੇ ਆਪਣੀਆਂ ਜਥੇਬੰਦੀਆਂ ਨੂੰ ਹੋਰ ਮਜ਼ਬੂਤ ਕਰਨ । ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਮੋਰਚੇ ਦੌਰਾਨ ਸੰਘਰਸੀ ਲੋਕਾਂ ਨੇ ਅਜਿਹੀਆਂ ਫੁੱਟ ਪਾਊ ਫਿਰਕਾਪ੍ਰਸਤ ਤਾਕਤਾਂ ਤੋਂ ਸੁਚੇਤ ਹੋ ਕੇ ਮੋਰਚਾ ਜਿੱਤਿਆ ਹੈ ਹੁਣ ਅਜਿਹੀਆਂ ਤਾਕਤਾਂ ਜੋ ਸਦਾ ਇਹ ਫਿਰਕਾਪ੍ਰਸਤੀ ਦਾ ਮਾਹੌਲ ਬਣਾਉਣ ਲਈ ਯਤਨਸ਼ੀਲ ਰਹਿੰਦੀਆਂ ਹਨ ਤੋਂ ਹੋਰ ਚੌਕਸ ਹੋਣ ਦੀ ਲੋੜ ਹੈ।

ਉੱਧਰ,ਦਰਸ਼ਨ ਸਿੰਘ ਮਾਈਸਰਖਾਨਾ ਅਤੇ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਚ ਇੰਟਰਨੈੱਟ ਸੇਵਾਵਾਂ ਬੰਦ ਕਰਕੇ,ਐਨਆਈਏ ਨੂੰ ਪੰਜਾਬ ਵਿੱਚ ਭੇਜ ਕੇ, ਐਨਐਸਏ ਵਰਗੇ ਕਾਨੂੰਨ ਮੜ੍ਹ ਕੇ ਅਤੇ ਕੇਂਦਰੀ ਸੁਰੱਖਿਆ ਬਲ ਦੇ ਫਲੈਗ ਮਾਰਚਾਂ ਰਾਹੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਜਗਦੇਵ ਸਿੰਘ ਜੋਗੇਵਾਲਾ ਅਤੇ ਕਰਮਜੀਤ ਕੌਰ ਲਹਿਰਾ ਖਾਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਸਰਕਾਰਾਂ ਦੀ ਸ਼ਾਜਿਸ ਤਹਿਤ ਸਿਰਜੀ ਹੋਈ ਧਾਰਮਿਕ ਫਿਰਕਾਪ੍ਰਸਤੀ ਦੀ ਅੱਗ ਦਾ ਸੇਕ ਝੱਲ ਚੁੱਕੇ ਹਨ।

ਸ਼ਿੰਗਾਰਾ ਸਿੰਘ ਮਾਨ ਨੇ ਐਲਾਨ ਕੀਤਾ ਕਿ ਤੂਫ਼ਾਨ ਅਤੇ ਗੜੇਮਾਰੀ ਨਾਲ ਹੋਏ ਭਾਰੀ ਫ਼ਸਲੀ ਨੁਕਸਾਨ ਅਤੇ ਰਿਹਾਇਸ਼ੀ ਮਕਾਨਾਂ ਜਾਂ ਹੋਰ ਜਾਇਦਾਦ ਦੇ ਨੁਕਸਾਨ ਦੀ ਪੂਰੀ ਪੂਰੀ ਭਰਪਾਈ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇ, ਨਹੀਂ ਤਾਂ ਆਪਣੀਆਂ ਮੰਗਾਂ ਨੂੰ ਲੈ ਕੇ 5 ਅਪ੍ਰੈਲ ਨੂੰ ਮੁੜ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਲਾਏ ਜਾਣਗੇ ਅਤੇ ਮੰਗ ਪੱਤਰ ਦਿੱਤੇ ਜਾਣਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ