ਜ਼ਿਲ੍ਹੇ ਭਰ ਦੀਆਂ ਮੰਡੀਆਂ ‘ਚ ਹੁਣ ਤੱਕ ਕਣਕ ਦੀ 70 ਫੀਸਦੀ ਹੋ ਚੁੱਕੀ ਹੈ ਲਿਫਟਿੰਗ : ਡੀਸੀ
ਡੀਸੀ ਨੇ ਕਿਹਾ ਕਿ ਖਰੀਦ ਕੀਤੀ ਕਣਕ ਦੀ 1629.22 ਕਰੋੜ ਅਦਾਇਗੀ ਵੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ। ਡੀਸੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਬਠਿੰਡਾ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ (Deputy Commissioner Shaukat Ahmed Pare) ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੀਰਵਾਰ ਦੇਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 8,30,271 ਆਮਦ ਹੋਈ, ਜਿਸ ਵਿੱਚੋਂ 8,25,461 ਖਰੀਦ ਕੀਤੀ ਗਈ ਅਤੇ 70 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਤਾਂ ਜੋ ਮੰਡੀਆਂ ਵਿੱਚ ਕਣਕ ਦੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
’48 ਘੰਟਿਆਂ ‘ਚ ਹੋ ਰਹੀ ਕਣਕ ਦੀ ਅਦਾਇਗੀ’
ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 48 ਘੰਟਿਆਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਜੋ ਕਿ 1628.49 ਕਰੋੜ ਬਣਦੀ ਸੀ ਦੀ ਬਜਾਏ 1629.22 ਕਰੋੜ ਕੀਤੀ ਜਾ ਚੁੱਕੀ ਹੈ ਜੋ ਕਿ 100.04 ਫ਼ੀਸਦੀ ਬਣਦੀ ਹੈ।
‘ਕਿਸਾਨਾਂ ਨੂੰ ਨਹੀਂ ਹੋਵੇਗੀ ਕੋਈ ਪਰੇਸ਼ਾਨੀ’
ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਵੱਲੋਂ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਪਨਗਰੇਨ ਵੱਲੋਂ 2,46,107 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,20,769, ਪਨਸਪ ਵੱਲੋਂ 2,02,304, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,20,653 ਅਤੇ ਵਪਾਰੀਆਂ ਵੱਲੋਂ 35,628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ