ਬੇਅੰਤ ਸਿੰਘ ਕਤਲ ਮਾਮਲਾ: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Updated On: 

25 Nov 2026 14:22 PM IST

ਰਾਜੋਆਣਾ ਦੀ ਸਜ਼ਾ ਘਟਾਉਣ ਦੀ ਮੰਗ ਦਾ ਇੱਕ ਵੱਡਾ ਆਧਾਰ ਰਹਿਮ ਦੀ ਅਪੀਲ 'ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਰਚ 2012 'ਚ ਉਨ੍ਹਾਂ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

ਬੇਅੰਤ ਸਿੰਘ ਕਤਲ ਮਾਮਲਾ: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਬਲਵੰਤ ਸਿੰਘ ਰਾਜੋਆਣਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਤੋਂ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਆਪਣਾ ਫੈਸਲਾ ਫਿਲਹਾਲ ਸੁਰੱਖਿਅਤ ਰੱਖ ਲਿਆ ਹੈ। ਹੁਣ ਇਸ ਮਾਮਲੇ ‘ਚ ਅਦਾਲਤ ਦੇ ਅਗਲੇ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ।

ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਤਿੰਨ ਮੈਂਬਰੀ ਬੈਂਚ ਨੇ ਕੀਤੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਫੈਸਲਾ ਸੁਣਾਉਣ ਲਈ ਬਾਅਦ ਦੀ ਤਾਰੀਖ਼ ਤੈਅ ਕਰਨ ਦਾ ਫੈਸਲਾ ਕੀਤਾ।

ਧਮਾਕੇ ‘ਚ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਹੋਈ ਸੀ ਮੌਤ

ਇਹ ਮਾਮਲਾ 31 ਅਗਸਤ 1995 ਦਾ ਹੈ, ਜਦੋਂ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਸੀ। ਰਿਪੋਰਟਾਂ ਮੁਤਾਬਕ ਇਸ ਧਮਾਕੇ ‘ਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਜਾਨ ਚਲੀ ਗਈ ਸੀ।

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਾਲ 2007 ‘ਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਉਹ ਜੇਲ੍ਹ ‘ਚ ਬੰਦ ਹਨ ਤੇ ਉਨ੍ਹਾਂ ਦੀ ਸਜ਼ਾ ਨੂੰ ਲੈ ਕੇ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

ਫੈਸਲੇ ‘ਚ ਦੇਰੀ ਨੂੰ ਬਣਾਇਆ ਸੀ ਸਜ਼ਾ ਘਟਾਉਣ ਦਾ ਆਧਾਰ

ਰਾਜੋਆਣਾ ਦੀ ਸਜ਼ਾ ਘਟਾਉਣ ਦੀ ਮੰਗ ਦਾ ਇੱਕ ਵੱਡਾ ਆਧਾਰ ਰਹਿਮ ਦੀ ਅਪੀਲ ‘ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਰਚ 2012 ‘ਚ ਉਨ੍ਹਾਂ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ।

ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਅਪੀਲ ‘ਤੇ ਕੋਈ ਅੰਤਿਮ ਫੈਸਲਾ ਨਹੀਂ ਹੋ ਸਕਿਆ। ਇਸ ਤੋਂ ਬਾਅਦ ਰਾਜੋਆਣਾ ਪੱਖ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਮੰਗ ਹੈ ਕਿ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਹੋਈ ਲੰਬੀ ਦੇਰੀ ਨੂੰ ਧਿਆਨ ‘ਚ ਰੱਖਦਿਆਂ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕੀਤਾ ਜਾਵੇ।

ਹੁਣ ਸੁਪਰੀਮ ਕੋਰਟ ਦੇ ਅਗਲੇ ਹੁਕਮਾਂ ਦੀ ਉਡੀਕ

ਇਸ ਮਾਮਲੇ ‘ਚ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਰਹਿਮ ਦੀ ਅਪੀਲ ‘ਤੇ ਫੈਸਲਾ ਕਰਨ ਲਈ ਹੋਰ ਸਮਾਂ ਮੰਗਿਆ ਜਾ ਚੁੱਕਾ ਹੈ। ਹੁਣ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਫਿਲਹਾਲ ਅਦਾਲਤ ਵੱਲੋਂ ਕੋਈ ਅੰਤਿਮ ਫੈਸਲਾ ਨਹੀਂ ਸੁਣਾਇਆ ਗਿਆ। ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ‘ਚ ਰਾਜੋਆਣਾ ਨੂੰ ਸਜ਼ਾ ਘਟਾਉਣ ਸਬੰਧੀ ਰਾਹਤ ਮਿਲੇਗੀ ਜਾਂ ਫਾਂਸੀ ਦੀ ਸਜ਼ਾ ਬਰਕਰਾਰ ਰਹੇਗੀ, ਹੁਣ ਇਸ ਦੀ ਉਡੀਕ ਕੀਤੀ ਜਾ ਰਹੀ ਹੈ।
Loading...
Unable to load recommendations.
Follow Us