ਪੰਜਾਬ ਵਿੱਚ ਸਨਅਤਕਾਰਾਂ ਨੂੰ ਪਰੇਸ਼ਾਨ ਕਰਨ ਵਾਲਾ ਦੌਰ ਖ਼ਤਮ, ਸਰਕਾਰ ਦੇਵੇਗੀ ਪੂਰਾ ਸਹਿਯੋਗ: ਮੁੱਖ ਮੰਤਰੀ

Updated On: 

07 Feb 2023 14:19 PM

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਥਾਰ ਲਈ ਸੂਬਾ ਸਰਕਾਰ ਹਰ ਕੋਸ਼ਿਸ਼ ਕਰੇਗੀ। ਉਨ੍ਹਾਂ ਨੇ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਤ ਕੀਤਾ।

ਪੰਜਾਬ ਵਿੱਚ ਸਨਅਤਕਾਰਾਂ ਨੂੰ ਪਰੇਸ਼ਾਨ ਕਰਨ ਵਾਲਾ ਦੌਰ ਖ਼ਤਮ, ਸਰਕਾਰ ਦੇਵੇਗੀ ਪੂਰਾ ਸਹਿਯੋਗ: ਮੁੱਖ ਮੰਤਰੀ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਸੋਮਵਾਰ ਨੂੰ ਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ।

‘ਹਰ ਪਰੇਸ਼ਾਨੀ ਦਾ ਹੱਲ ਸਿੰਗਲ ਵਿੰਡੋ ਪ੍ਰਣਾਲੀ’

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।

‘ਸੰਮੇਲਨ ਵਿੱਚ ਸਥਾਨਕ ਸਨਅਤ ਦੀ ਹੋਵੇ ਵੱਧ ਤੋਂ ਵੱਧ ਸ਼ਮੂਲੀਅਤ’

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।

ਪੰਜਾਬ ਦੇ ਬ੍ਰਾਂਡ ਅੰਬੈਸਡਰ ਬਣੇ ਸਨਅਤਕਾਰ

ਮੁੱਖ ਮੰਤਰੀ ਨੇ ਦੁਹਰਾਇਆ ਕਿ ਦੁਨੀਆ ਭਰ ਵਿੱਚ ਪੰਜਾਬ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਸਥਾਨਕ ਸਨਅਤ ਨੂੰ ਸੂਬੇ ਦਾ ਬਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਬਹੁਤ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਸਨਅਤੀ ਵਿਕਾਸ ਦੇ ਸਿਖਰਲੇ ਪੰਧ ਉਤੇ ਪਾਉਣ ਲਈ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ।

ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਤੇ ਮੰਨਵਾਇਆ ਲੋਹਾ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਬੂਹੇ ਖੁੱਲ੍ਹਣ ਦੇ ਨਾਲ-ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸਨਅਤ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀਆਂ ਸਨਅਤੀ ਇਕਾਈਆਂ ਸਥਾਪਤ ਕਰਨ ਵਿੱਚ ਸਹਿਯੋਗ ਦੇਣ ਵਾਸਤੇ ਇਹ ਹੱਬ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬ ਵਿੱਚ ਆਪਣੀਆਂ ਸਨਅਤੀ ਇਕਾਈਆਂ ਲਾਉਣ ਦੇ ਇੱਛੁਕ ਸਨਅਤਕਾਰਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਕੰਮ ਲਈ ਕੋਈ ਵੀ ਢਿੱਲ ਨਹੀਂ ਛੱਡੀ ਜਾਵੇਗੀ।

‘ਚੇਨਈ, ਹੈਦਰਾਬਾਦ ਤੇ ਮੁੰਬਈ ਦੇ ਸਨਅਤਕਾਰਾਂ ਨੂੰ ਦਿੱਤਾ ਸੱਦਾ’

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਚੇਨਈ, ਹੈਦਰਾਬਾਦ ਤੇ ਮੁੰਬਈ ਦਾ ਦੌਰਾ ਕਰ ਕੇ ਆਏ ਹਨ ਅਤੇ ਉੱਥੋਂ ਦੇ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਂਨਗਰਾਂ ਦੇ ਕਾਰੋਬਾਰੀ ਇਸ ਗੱਲੋਂ ਹੈਰਾਨ ਸਨ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਇੰਨੀਆਂ ਸੰਭਾਵਨਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਕਾਰੋਬਾਰੀ ਹੁਣ ਪੰਜਾਬ ਵਿੱਚ ਨਿਵੇਸ਼ ਲਈ ਤਿਆਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਤੇ ਵਣਜ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਲਈ ਨਵੀਂ ਸਨਅਤੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਨਅਤਕਾਰਾਂ ਤੇ ਹੋਰ ਸਾਰੇ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਲਈ ਇਸ ਸਬੰਧੀ ਸਨਅਤਕਾਰਾਂ ਦੇ ਹੋਰ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਸਨਅਤਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੂਰਾਲ, ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ, ਪ੍ਰਮੁੱਖ ਸਕੱਤਰ ਸਨਅਤਾਂ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਧੀਕ ਸੀ.ਈ.ਓ. ਇਨਵੈਸਟ ਪੰਜਾਬ ਸੰਦੀਪ ਹਾਂਸ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਹਾਜ਼ਰ ਸਨ।

Related Stories
ਪੰਜਾਬ ਦੀ ਰੀੜ ਦੀ ਹੱਡੀ ਹਨ ਬਲਾਕ ਪ੍ਰਧਾਨ, ਵਲੰਟੀਅਰਾਂ ਦੀ ਹੀ ਕੀਤੀ ਗਈ ਹੈ ਚੋਣ, ਮੁੱਖ ਮੰਤਰੀ ਮਾਨ ਨੇ 1609 ਪ੍ਰਧਾਨਾਂ ਨੂੰ ਚੁਕਵਾਈ ਸਹੁੰ
AAP State Body: ‘ਆਪ’ ਦੇ ਸੂਬਾਈ ਅਹੁਦੇਦਾਰਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਨੇ ਸੌਂਪੀਆਂ ਜ਼ਿੰਮੇਵਾਰੀਆਂ
ਸਰਕਾਰ ਦਾ ਵਿਧਾਨ ਸਭਾ ਸੈਸ਼ਨ ਗੈਰ-ਸੰਵਿਧਾਨਕ; ਗੁਰਦੁਆਰਾ ਐਕਟ ਸੋਧ ਸਮੇਤ ਚਾਰੋਂ ਬਿੱਲ ਕਾਨੂੰਨਾਂ ਦੀ ਉਲੰਘਣਾ, ਮੁੱਖ ਮੰਤਰੀ ਦੇ ਪੱਤਰ ਤੇ ਰਾਜਪਾਲ ਦਾ ਜਵਾਬ
Action on Drug Smugglers : ਇਕ ਸਾਲ ‘ਚ ਫੜੀ ਇਕ ਹਜ਼ਾਰ ਕਿਲੋ ਹੈਰੋਇਨ, ਭਗਵੰਤ ਮਾਨ ਨੇ ਗ੍ਰਹਿ ਮੰਤਰੀ ਨੂੰ ਦਿੱਤੀ ਜਾਣਕਾਰੀ
ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਗੱਲਬਾਤ ਤੋਂ ਬਾਅਦ ਬੋਲੇ ਸੀਐੱਮ ਮਾਨ
ਠੱਗ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਰੋਕਣ ਲਈ ਚੁੱਕਾਂਗੇ ਸਖ਼ਤ ਕਦਮ, ਸੀਐੱਮ ਨੇ ਮਨੁੱਖੀ ਤਸਕਰੀ ਰੋਕੂ ਯੂਨਿਟ ‘ਚ ਸ਼ਾਮਲ ਕਰਵਾਏ ਨਵੇਂ ਵਾਹਨ
Exit mobile version