ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਬਣਾਉਣ ‘ਤੇ ਜ਼ੋਰ… ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਪਹਿਲਕਦਮੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਇਨ੍ਹਾਂ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈ ਰਹੇ ਹਨ, ਜੋ ਕਿ ਇਸ ਮਾਡਲ ਦੀ ਸਫਲਤਾ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਤਿਆਰੀ ਦੇ ਨਾਲ-ਨਾਲ NEET, JEE, CLAT ਅਤੇ NIFT ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਉਹ ਨੌਕਰੀ ਭਾਲਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਬਣ ਸਕਣ। ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖ ਦੇ ਮੁਕਾਬਲੇ ਵਾਲੇ ਮਾਹੌਲ ਲਈ ਤਿਆਰ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ‘ਤੇ ਪਹੁੰਚਣ ਦੇ ਯੋਗ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉੱਥੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਕਈ ਯਤਨ ਕੀਤੇ ਜਾ ਰਹੇ ਹਨ।
ਨੌਜਵਾਨ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਦਦ ਕਰ ਰਹੀ ਸਰਕਾਰ
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇ ਜਹਾਜ਼ਾਂ ਨੂੰ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ 2022 ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਤਾਂ ਜੋ ਪੰਜਾਬ ਦੇ ਬੱਚਿਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ‘ਤੇ ਪਹੁੰਚਣ ਵਿੱਚ ਮਦਦ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਪਿੱਛੇ ਮੁੜ ਕੇ ਦੇਖਦੇ ਹਾਂ ਤਾਂ ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਕਿਵੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕੇ ਹਨ ਜਿਨ੍ਹਾਂ ਦੀ ਦੇਸ਼ ਭਰ ਵਿੱਚ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ ਹੁਣ ਤੱਕ 231.74 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਗਰੀਬ ਬੱਚਿਆਂ ਦੇ ਉੱਜਵਲ ਭਵਿੱਖ ਵੱਲ ਇੱਕ ਵਧੀਆ ਸ਼ੁਰੂਆਤ ਮੰਨਿਆ ਜਾ ਰਿਹਾ ਹੈ।
ਸਿੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪ੍ਰੀਖਿਆ ਵਿੱਚ ਯੋਗਤਾ ਪ੍ਰਾਪਤ ਕੀਤੀ, 44 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪਾਸ ਕੀਤਾ, ਅਤੇ 848 ਵਿਦਿਆਰਥੀ ਨੀਟ ਵਿੱਚ ਸਫਲ ਹੋਏ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਹੋਰ ਪਹਿਲ ਸ਼ੁਰੂ ਕੀਤੀ ਗਈ ਹੈ, ਸਕੂਲ ਮੈਂਟਰਸ਼ਿਪ ਪ੍ਰੋਗਰਾਮ, ਜਿਸ ਤਹਿਤ ਸੀਨੀਅਰ ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰ ਰਹੇ ਹਨ।
ਇਹ ਵੀ ਪੜ੍ਹੋ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਮਾਪਿਆਂ ਤੋਂ ਭਾਰੀ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 19,200 ਸਰਕਾਰੀ ਸਕੂਲ ਹਨ, ਅਤੇ ਲਗਭਗ 25 ਲੱਖ ਮਾਪਿਆਂ ਨੇ ਪੀਟੀਐਮ ਵਿੱਚ ਹਿੱਸਾ ਲਿਆ ਹੈ। ਸੂਬਾ ਸਰਕਾਰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਦ੍ਰਿੜ ਯਤਨ ਕਰ ਰਹੀ ਹੈ।


