ਮਜੀਠੀਆ ਦੀ ਪਟੀਸ਼ਨ ‘ਤੇ 26 ਅਗਸਤ ਨੂੰ ਅਗਲੀ ਸੁਣਵਾਈ, ਹਾਈ ਕੋਰਟ ‘ਚ ਗ੍ਰਿਫ਼ਤਾਰੀ ਨੂੰ ਦਿੱਤੀ ਹੈ ਚੁਣੌਤੀ
Bikram Majithia Petition Hearing in High Court: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੁਣ 26 ਅਗਸਤ ਨੂੰ ਹੋਵੇਗੀ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਹੁਣ 26 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਸੋਧ ਲਈ ਸਮਾਂ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਸੀ।
25 ਜੂਨ ਨੂੰ ਹੋਈ ਸੀ ਗ੍ਰਿਫ਼ਤਾਰੀ
ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇਲਜ਼ਾਮ ਹੈ। ਇਸ ਤੋਂ ਇਲਾਵਾ 2021 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਣ ਤੱਕ ਉਸ ਮਾਮਲੇ ਵਿੱਚ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ, ਮਜੀਠੀਆ ਦੇ ਸਾਬਕਾ ਪੀਏ ਸ਼ਾਮਲ ਹਨ।
ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਛਾਪੇ ਮਾਰੇ ਗਏ ਹਨ। ਇਸ ਦੌਰਾਨ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਪੁਖਤਾ ਸਬੂਤ ਹਨ। ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕੋਈ ਠੋਸ ਆਧਾਰ ਨਹੀਂ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸਰਕਾਰ ਮੀਡੀਆ ਵਿੱਚ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਅਦਾਲਤ ਵਿੱਚ ਉਨ੍ਹਾਂ ਦੇ ਵਕੀਲ ਪਿੱਛੇ ਹਟ ਜਾਂਦੇ ਹਨ।
ਇੰਨ ਕੈਮਰਾ ਨਹੀਂ, ਲਾਈਵ ਸਟ੍ਰੀਮਿੰਗ ਦੀ ਮੰਗ
ਬਿਕਰਮ ਮਜੀਠੀਆ ਦੇ ਵਕੀਲਾਂ ਨੇ ਮੋਹਾਲੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੁਣਵਾਈ ਕੈਮਰੇ ਵਿੱਚ ਨਹੀਂ, ਲਾਈਵ ਸਟ੍ਰੀਮਿੰਗ ਰਾਹੀਂ ਕੀਤੀ ਜਾਵੇ। ਉਨ੍ਹਾਂ ਦਾ ਤਰਕ ਹੈ ਕਿ ਪੂਰੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਲੋਕ ਵੀ ਇਸ ਮਾਮਲੇ ਵਿੱਚ ਸੱਚਾਈ ਜਾਣਨਾ ਚਾਹੁੰਦੇ ਹਨ।


