ਮਜੀਠੀਆ ਕੇਸ ‘ਚ ਸਰਕਾਰ ਕੱਲ੍ਹ ਦਾਖਿਲ ਕਰੇਗੀ HC ਚ ਜਵਾਬ, ਅਕਾਲੀ ਆਗੂ ਖਿਲਾਫ ਜਾਰੀ ਹੈ LOC ਜਾਰੀ

Updated On: 

02 Jun 2026 13:17 PM IST

Bikram Majithia Hearing in HC: ਪੁਲਿਸ ਅਨੁਸਾਰ, ਮਜੀਠੀਆ ਅਤੇ ਉਸ ਦੇ ਸਾਥੀਆਂ ਖਿਲਾਫ ਕੱਲ੍ਹ (31 ਮਈ) ਨੂੰ ਮਜੀਠਾ ਪੁਲਿਸ ਸਟੇਸ਼ਨ ਤੋਂ ਆਪਣੇ ਸਾਥੀ ਨੂੰ ਜ਼ਬਰਦਸਤੀ ਛੁਡਾਉਣ ਦੇ ਇਲਜ਼ਾਮ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਦੇ ਘਰ ਦੇ ਬਾਹਰ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ, ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ, ਚੰਡੀਗੜ੍ਹ ਦੇ ਐਮਐਲਏ ਹੋਸਟਲ ਅਤੇ ਛੇ ਹੋਰ ਥਾਵਾਂ 'ਤੇ ਤਲਾਸ਼ੀ ਲਈ ਗਈ

ਮਜੀਠੀਆ ਕੇਸ ਚ ਸਰਕਾਰ ਕੱਲ੍ਹ ਦਾਖਿਲ ਕਰੇਗੀ HC ਚ ਜਵਾਬ,  ਅਕਾਲੀ ਆਗੂ ਖਿਲਾਫ ਜਾਰੀ ਹੈ LOC ਜਾਰੀ

ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਦਰਜ ਐਫਆਈਆਰ ਨੂੰ ਲੈ ਅੱਜ (2 ਜੂਨ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ। ਹੁਣ ਮਾਮਲੇ ਦੀ ਸੁਣਵਾਈ ਕੱਲ੍ਹ ਮੁੜ ਹੋਵੇਗੀ। ਕੱਲ੍ਹ (1 ਜੂਨ) ਨੂੰ ਹਾਈ ਕੋਰਟ ਨੇ ਅਕਾਲੀ ਦਲ ਦੀ ਪਟੀਸ਼ਨ ‘ਤੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਅਤੇ ਮਜੀਠਾ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਨੋਟਿਸ ਜਾਰੀ ਕੀਤੇ ਸਨ।

ਮਜੀਠੀਆ ‘ਤੇ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਇੱਕ ਮੁਲਜ਼ਮ ਜੋਬਨਜੀਤ ਸਿੰਘ ਨੂੰ ਜ਼ਬਰਦਸਤੀ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕਰਨ ਅਤੇ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦਾ ਆਰੋਪ ਹੈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲਾ ਦਰਜ ਕੀਤਾ ਅਤੇ ਸੋਮਵਾਰ ਨੂੰ ਮਜੀਠੀਆ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਲਈ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਛੇ ਥਾਵਾਂ ‘ਤੇ ਛਾਪੇਮਾਰੀ ਕੀਤੀ।

ਮਜੀਠਿਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਬਾਅਦ, ਪੁਲਿਸ ਨੇ ਦੇਰ ਸ਼ਾਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਸੋਮਵਾਰ ਸ਼ਾਮ ਨੂੰ ਇਸ ਘਟਨਾ ਦੇ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਦਾ ਤਬਾਦਲਾ ਵੀ ਕਰ ਦਿੱਤਾ ਗਿਆ।

ਮਜੀਠੀਆ ਖਿਲਾਫ ਦਰਜ FIR ਵਿੱਚ ਕੀ ਆਰੋਪ?

ਪੁਲਿਸ ਅਨੁਸਾਰ, ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 90 ਵਿੱਚ ਨਾਮਜ਼ਦ ਮੁਲਜਮ ਸੋਹੀਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 31 ਮਈ ਨੂੰ ਪੁਲਿਸ ਸਟੇਸ਼ਨ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਸਟੇਸ਼ਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਘਟਨਾ ਦੌਰਾਨ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਵੀ ਮੌਜੂਦ ਸਨ।

ਉਹ ਵੀ ਥਾਣੇ ਵਿੱਚ ਦਾਖਲ ਹੋ ਗਏ, ਸਰਕਾਰੀ ਰਿਕਾਰਡ ਅਤੇ ਕੇਸ ਫਾਈਲਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਡੀਐਸਪੀ ਅਤੇ ਐਸਐਚਓ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਜੋਬਨਪ੍ਰੀਤ ਨੂੰ ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਗੈਰ-ਕਾਨੂੰਨੀ ਤੌਰ ‘ਤੇ ਨਹੀਂ। ਇਸ ਦੇ ਬਾਵਜੂਦ, ਮੁਲਜ਼ਮ ਨੂੰ ਕਮਰੇ ਵਿੱਚੋਂ ਬਾਹਰ ਲੈ ਜਾਉਣ ਦੀ ਕੋਸ਼ਿਸ਼ ਕੀਤੀ ਗਈ। ਐਸਐਚਓ ਦਾ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਜੋਬਨਪ੍ਰੀਤ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਨੂੰ ਫੜਨ ਲਈ 12 ਟੀਮਾਂ ਬਣਾਈਆਂ ਹਨ। ਸੋਮਵਾਰ ਨੂੰ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਮਜੀਠੀਆ ਦੀ ਤਲਾਸ਼ ਕੀਤੀ ਗਈ।

Follow Us