BJP ਉਮੀਦਵਾਰ ਜੀਵਨ ਗੁਪਤਾ ਨੇ ਭਰਿਆ ਨਾਮਜ਼ਦਗੀ-ਪੱਤਰ, ਜਿੱਤ ਦਾ ਕੀਤਾ ਦਾਅਵਾ
ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਦੀ ਜਿੱਤ ਦਾ ਦਾਅਵਾ ਕੀਤਾ। ਉੱਥੇ ਹੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਬਾਹਰੀ ਲੋਕਾਂ ਦੇ ਇਸ਼ਾਰੇ ਦੇ ਕੰਮ ਕਰ ਰਹੀ ਹੈ।

Ludhiana West By-poll: ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਿਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਨਾਲ ਸੂਬਾ ਭਾਜਪਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਕੁਮਾਰ ਰੂਪਾਨੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਰਹੇ।
ਜੀਵਨ ਗੁਪਤਾ ਨੇ ਕਿਹਾ ਕਿ ਅਸੀਂ ਉਪ ਚੋਣ ਵੱਡੇ ਫਰਕ ਨਾਲ ਜਿੱਤਾਂਗੇ। ਸਰਕਾਰ ਬਦਲਾਅ ਦੀ ਗੱਲ ਕਰਦੀ ਸੀ, ਅੱਜ ਜਨਤਾ ਉਨ੍ਹਾਂ ਨੂੰ ਬਦਲਾਅ ਦਿਖਾਏਗੀ। ਜਨਤਾ ਨੇ ਇਸ ਸਰਕਾਰ ਨੂੰ ਸਾਢੇ 3 ਸਾਲਾਂ ਤੋਂ ਦੇਖਿਆ ਹੈ। ਸਾਢੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੇ ਦੀ ਲਤ ਵਧੀ ਹੈ। ਸਰਕਾਰ ਰੇਤ ਦੀ ਖੁਦਾਈ ਕਰਵਾ ਰਹੀ ਹੈ। ਲੁਧਿਆਣਾ ਪੱਛਮੀ ਦੇ ਵੋਟਰ ਪੰਜਾਬ ਦਾ ਨਵਾਂ ਇਤਿਹਾਸ ਲਿਖਣ ਜਾ ਰਹੇ ਹਨ। ਮੈਂ ਅਗਲੇ ਦੋ ਦਿਨਾਂ ਲਈ ਲੋਕਾਂ ਵਿੱਚ ਜਾ ਕੇ ਵੋਟਾਂ ਮੰਗ ਰਿਹਾ ਹਾਂ। ਮੈਨੂੰ ਲੋਕਾਂ ਤੋਂ ਬਹੁਤ ਪਿਆਰ ਮਿਲ ਰਿਹਾ ਹੈ। ਜੀਵਨ ਗੁਪਤਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਪ੍ਰਗਟਾਇਆ ਹੈ।
ਰਵਨੀਤ ਬਿੱਟੂ ਨੇ ਘੇਰੇ ਵਿਰੋਧੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਦੀ ਜਿੱਤ ਦਾ ਦਾਅਵਾ ਕੀਤਾ। ਉੱਥੇ ਹੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਬਾਹਰੀ ਲੋਕਾਂ ਦੇ ਇਸ਼ਾਰੇ ਦੇ ਕੰਮ ਕਰ ਰਹੀ ਹੈ। ਇਸ ਦੌਰਾਨ ਉਹ ਕਾਂਗਰਸ ਪਾਰਟੀ ਦੀ ਧੜੇਬੰਦੀ ਉੱਪਰ ਵੀ ਬੋਲੇ ਹਨ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਨੂੰ ਲੈ ਕੇ ਵੀ ਸਖਤ ਟਿੱਪਣੀ ਕੀਤੀ।
ਇਸ ਚੋਣ ਨੂੰ ਸਾਰੀਆਂ ਪਾਰਟੀਆਂ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਜਦੋਂ ਕਿ ਕਾਂਗਰਸ ਨੇ ਆਪਣੇ ਸੀਨੀਅਰ ਨੇਤਾ ਭਾਰਤ ਭੂਸ਼ਣ ਆਸ਼ੂ ‘ਤੇ ਭਰੋਸਾ ਪ੍ਰਗਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਸਾਲ 2022 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਲਪ੍ਰੀਤ ਸਿੰਘ ਬੱਸੀ ਗੋਗੀ ਵਿਧਾਇਕ ਬਣਨ ਵਿੱਚ ਸਫਲ ਰਹੇ ਸਨ, ਪਰ ਉਨ੍ਹਾਂ ਦੀ ਮੌਤ ਤੋਂ ਬਾਅਦ ਲੁਧਿਆਣਾ ਵਿਧਾਨ ਸਭਾ ਸੀਟ ‘ਤੇ ਉਪ ਚੋਣ ਦਾ ਐਲਾਨ ਹੋ ਗਿਆ ਹੈ।