ਪੀਐਮ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ, ਪੰਜਾਬ-ਹਰਿਆਣਾ ਸਕੱਤਰੇਤ ਵਿਖੇ ਹਾਈ ਅਲਰਟ
ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਿਸ, ਬੰਬ ਸਕੁਐਡ, ਡੌਗ ਸਕੁਐਡ ਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ। ਸਾਵਧਾਨੀ ਦੇ ਤੌਰ 'ਤੇ, ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਤੇ ਕੰਪਲੈਕਸ 'ਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਦੇ ਮਿਲਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਠੀਕ ਪਹਿਲਾਂ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਹਾਈ ਅਲਰਟ ਮੋਡ ‘ਚ ਆ ਗਈਆਂ। ਕੰਟਰੋਲ ਰੂਮ ਨੂੰ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਤੁਰੰਤ ਬਾਅਦ ਪੂਰੇ ਸਕੱਤਰੇਤ ਕੰਪਲੈਕਸ ‘ਚ ਹਾਈ ਅਲਰਟ ਘੋਸ਼ਿਤ ਕਰ ਦਿੱਤਾ ਗਿਆ।
ਸਕੱਤਰੇਤ ਖਾਲੀ ਕਰਵਾਇਆ ਗਿਆ
ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਿਸ, ਬੰਬ ਸਕੁਐਡ, ਡੌਗ ਸਕੁਐਡ ਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਸਾਵਧਾਨੀ ਦੇ ਤੌਰ ‘ਤੇ, ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਤੇ ਕੰਪਲੈਕਸ ‘ਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਦੇ ਅਨੁਸਾਰ, ਹੁਣ ਤੱਕ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਦੇ ਮਿਲਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਧਮਕੀ ਭਰੇ ਸੁਨੇਹੇ ਵਿੱਚ ਕਈ ਥਾਵਾਂ ਦਾ ਜ਼ਿਕਰ
ਕੰਟਰੋਲ ਰੂਮ ਨੂੰ ਮਿਲੇ ਸੁਨੇਹੇ ‘ਚ ਹਰਿਆਣਾ ਸਕੱਤਰੇਤ, ਮੁੱਖ ਮੰਤਰੀ ਦਫ਼ਤਰ, ਜੀਂਦ, ਸਕੂਲਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਧਾਰਤ ਪ੍ਰੋਗਰਾਮ ਨੂੰ ਨਿਸ਼ਾਨਾ ਬਣਾਉਣ ਦੀਆਂ ਧਮਕੀਆਂ ਸਨ। ਸੁਨੇਹੇ ‘ਚ ਇੱਕ IED (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਹਮਲੇ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਇਸ ‘ਚ ਦੇਸ਼ ਵਿਰੋਧੀ ਨਾਅਰੇ ਤੇ ਕੁਝ ਵਿਅਕਤੀਆਂ ਦੇ ਨਾਮ ਸ਼ਾਮਲ ਸਨ।
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਲਈ ਪਹਿਲਾਂ ਹੀ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਧਮਕੀ ਤੋਂ ਬਾਅਦ, ਸੁਰੱਖਿਆ ਇੰਤਜ਼ਾਮ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਸਕੱਤਰੇਤ ਦੇ ਸਾਰੇ ਐਂਟਰੀ ਤੇ ਐਗਜ਼ਿਟ ਰਸਤਿਆਂ ‘ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਆਲੇ ਦੁਆਲੇ ਦੇ ਖੇਤਰਾਂ’ਚ ਨਿਗਰਾਨੀ ਵਧਾ ਦਿੱਤੀ ਗਈ ਹੈ ਤੇ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਦੀਕੀ ਨਜ਼ਰ ਰੱਖੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਧਮਕੀ ਭਰੇ ਸੰਦੇਸ਼ ਭੇਜਣ ਵਾਲੇ ਤੇ ਉਸ ਦੇ ਮੂਲ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਅਤੇ ਤਕਨੀਕੀ ਮਾਹਿਰਾਂ ਦੀ ਸਹਾਇਤਾ ਲਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਸਕੱਤਰੇਤ ਕੰਪਲੈਕਸ ਦੀ ਲਗਾਤਾਰ ਤਲਾਸ਼ੀ ਲੈ ਰਹੀਆਂ ਹਨ। ਹੁਣ ਕਿਸੇ ਵੀ ਵਿਸਫੋਟਕ ਜਾਂ ਸ਼ੱਕੀ ਸਮੱਗਰੀ ਦੀ ਬਰਾਮਦਗੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
