ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਪੰਚਾਇਤ ਨੂੰ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ

Published: 

13 Feb 2023 09:40 AM

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਤਿ ਆਧੁਨਿਕ ਮਸ਼ੀਨਰੀ ਰਾਹੀਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇਗਾ ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਪੰਚਾਇਤ ਨੂੰ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ
Follow Us On

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਨਗਰ ਪੰਚਾਇਤ ਚੀਮਾ ਚ ਕੂੜੇ ਦੀ ਸਹੀ ਵਿਵਸਥਾ ਲਈ 31.70 ਲੱਖ ਰੁਪਏ ਦੀਆਂ ਮਸ਼ੀਨਾਂ ਦੀ ਖਰੀਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਵਾਨਗੀ ਪੱਤਰ ਨਗਰ ਪੰਚਾਇਤ ਨੂੰ ਸੌਂਪਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਤਿ ਆਧੁਨਿਕ ਮਸ਼ੀਨਰੀ ਰਾਹੀਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ 3.49 ਲੱਖ ਰੁਪਏ ਨਾਲ ਲੋਡਰ, 16.54 ਲੱਖ ਦੀ ਲਾਗਤ ਨਾਲ ਸੁੱਕਾ ਤੇ ਗਿੱਲਾ ਕੂੜਾ ਚੁੱਕਣ ਵਾਲੀਆਂ ਦੋ ਮਸ਼ੀਨਾਂ ਤੋਂ ਇਲਾਵਾ 9.17 ਲੱਖ ਨਾਲ ਟਰੈਕਟਰ ਤੇ 2.50 ਲੱਖ ਨਾਲ ਟਰਾਲੀ ਆਦਿ ਜਿਹੀਆਂ ਸਫਾਈ ਮਸ਼ੀਨਾਂ ਖਰੀਦੀਆਂ ਜਾਣਗੀਆਂ ਤਾਂ ਜੋ ਭਵਿੱਖ ਵਿੱਚ ਕੂੜੇ ਦਾ ਉਚਿਤ ਪ੍ਰਬੰਧਨ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਸਰਕਾਰ ਲੋਕਾਂ ਨੂੰ ਸ਼ਾਨਦਾਰ ਸੁਵਿਧਾਵਾਂ ਦੇਣ ਲਈ ਵਚਨਬੱਧ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਖੇਤਰ ਚ ਮਿਆਰੀ ਤੇ ਸ਼ਾਨਦਾਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਅਤੇ ਇਸ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸ਼ੀਨਰੀ ਦੀ ਖਰੀਦ ਪ੍ਰਕ੍ਰਿਆ ਦਾ ਸਮੁੱਚਾ ਅਮਲ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਮਸ਼ੀਨਰੀ ਦੀ ਖਰੀਦ, ਵਾਰਡ ਸੁਧਾਰ ਕਮੇਟੀਆਂ ਦੇ ਗਠਨ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਪਿਛਲੀਆਂ ਸਰਕਾਰਾਂ ਨੇ 70 ਵਰ੍ਹਿਆਂ ਵਿੱਚ ਵੀ ਸੂਬੇ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਦਕਿ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਸਰਗਰਮ ਹੈ।

ਸੂਬੇ ਦਾ ਸਰਵਪੱਖੀ ਵਿਕਾਸ ਕਰਨ ਲਈ ਕੋਈ ਕਮੀ ਬਾਕੀ ਨਹੀਂ

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਹਲਕੇ ਦੇ 7 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੇ ਨਿਰਮਾਣ ਲਈ 98 ਲੱਖ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦਾ ਨਿਰਮਾਣ ਇਸੇ ਵਿੱਤੀ ਸਾਲ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਸਾਧਕ ਅਫਸਰ ਅੰਮ੍ਰਿਤ ਲਾਲ, ਬਲਾਕ ਪ੍ਰਧਾਨ ਨਿਰਭੈ ਸਿੰਘ, ਬੀਰਬਲ ਸਿੰਘ, ਕੁਲਦੀਪ ਸਿੰਘ ਸਿੱਧੂ, ਬਹਾਦਰ ਸਿੰਘ, ਦਰਸਨ ਸਿੰਘ, ਗੁਰਪ੍ਰੀਤ ਸਿੰਘ, ਗੀਤੀ ਮਾਨ, ਜਸਵੀਰ ਸਿੰਘ ਸੀਰਾ ਵੀ ਹਾਜ਼ਰ ਸਨ।