ਕੈਬਨਿਟ ਮੰਤਰੀ ਦੇ ਕੇਂਦਰ ਸਰਕਾਰ ‘ਤੇ ਇਲਜ਼ਾਮ, ਕਿਹਾ-ਗਲਤ ਨੀਤੀਆਂ ਦਾ ਹਰਜ਼ਾਨਾ ਭੁਗਤ ਰਹੇ ਕਿਸਾਨ
ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਹੁਣ ਜਾਣਬੁੱਝ ਕੇ ਸਹੀ ਸਮੇਂ 'ਤੇ ਫ਼ਸਲਾਂ ਦੀ ਕਟਾਈ ਨਹੀਂ ਕਰ ਰਹੀ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਸਨ।
ਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਰਾਜ ਨਾਲ ਵਿਤਕਰਾ ਕਰ ਰਹੀ ਹੈ ਅਤੇ ਕਿਸਾਨਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਲਈ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਅੜਿੱਕੇ ਡਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਹੁਣ ਜਾਣਬੁੱਝ ਕੇ ਸਹੀ ਸਮੇਂ ‘ਤੇ ਫ਼ਸਲਾਂ ਦੀ ਕਟਾਈ ਨਹੀਂ ਕਰ ਰਹੀ, ਜਿਸ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਲਗਾਤਾਰ ਪੱਤਰ ਲਿਖੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲਣ ਗਏ ਸਨ ਪਰ ਇਸ ਦੇ ਬਾਵਜੂਦ ਕੇਂਦਰ ਆਪਣੀ ਖੋਖਲੀ ਰਾਜਨੀਤੀ ਲਈ ਪੰਜਾਬ ਦੇ ਗੋਦਾਮ ਖਾਲੀ ਨਹੀਂ ਕਰ ਰਿਹਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੰਨਦਾਤਾ ਦੀ ਗੱਲ ਕਰਨ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਵਾਲੇ ਸੂਬੇ ਪੰਜਾਬ ਨਾਲ ਹੋ ਰਹੀ ਇਸ ਬੇਇਨਸਾਫੀ ਦਾ ਜਵਾਬ ਹੁਣ ਜਨਤਾ ਦੇਵੇਗੀ। ਪੰਜਾਬ ਦੇ ਜਾਗਰੂਕ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੇਂਦਰ ਕਿਸ ਤਰ੍ਹਾਂ ਉਨ੍ਹਾਂ ਦੀਆਂ ਫਸਲਾਂ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।