ED ਰੇਡ ਦਾ ਮਤਲਬ ਭਾਜਪਾ ‘ਚ ਜਾਓ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ‘ਤੇ ਬੋਲੇ CM ਮਾਨ

Updated On: 

09 May 2026 19:35 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਵਿਰੋਧੀ ਧਿਰਾਂ 'ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ 'ਈਡੀ ਰੇਡ' ਦਾ ਸਿੱਧਾ ਮਤਲਬ ਹੈ ਕਿ ਵਿਰੋਧੀ ਆਗੂਆਂ ਨੂੰ ਡਰਾ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ED ਰੇਡ ਦਾ ਮਤਲਬ ਭਾਜਪਾ ਚ ਜਾਓ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੇ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ‘ਈਡੀ ਰੇਡ’ ਦਾ ਸਿੱਧਾ ਮਤਲਬ ਹੈ ਕਿ ਵਿਰੋਧੀ ਆਗੂਆਂ ਨੂੰ ਡਰਾ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬੀ ਅਣਖੀ ਹੁੰਦੇ ਹਨ ਅਤੇ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਹੁਣ ਕਾਨੂੰਨ ਨਹੀਂ ਬਦਲਿਆ ਜਾਵੇਗਾ

ਮੁੱਖ ਮੰਤਰੀ ਮਾਨ ਨੇ ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਰੱਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਬਾਦਲ ਪਰਿਵਾਰ ‘ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਪੂਰਾ ਪੰਜਾਬ ਇਸ ਕਾਨੂੰਨ ਨਾਲ ਸਹਿਮਤ ਹੈ, ਪਰ ਸਿਰਫ਼ ਬਾਦਲ ਪਰਿਵਾਰ ਹੀ ਇਸ ਦਾ ਵਿਰੋਧ ਕਰ ਰਿਹਾ ਹੈ। ਮਾਨ ਨੇ ਸਵਾਲ ਉਠਾਇਆ ਕਿ ਕੀ ਪੰਜਾਬ ਵਿੱਚ ਕੋਈ ਨਵਾਂ ‘ਬਾਦਲ ਪੰਥ’ ਚੱਲ ਰਿਹਾ ਹੈ? ਉਨ੍ਹਾਂ ਕਿਹਾ ਕਿ ਇਹ ਪਰਿਵਾਰ ਪਹਿਲਾਂ ਵੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਿਹਾ ਹੈ, ਇਸ ਲਈ ਉਹ ਅੱਜ ਵੀ ਇਸ ਸਖ਼ਤ ਕਾਨੂੰਨ ਤੋਂ ਘਬਰਾ ਰਿਹਾ ਹੈ।

ਰਾਜਪਾਲ ਵੱਲੋਂ ਇਸ ਕਾਨੂੰਨ ‘ਤੇ ਦਸਤਖਤ ਕੀਤੇ ਜਾਣ ਦਾ ਹਵਾਲਾ ਦਿੰਦੇ ਹੋਏ ਮਾਨ ਨੇ ਕਿਹਾ ਕਿ ਇਸ ਦਾ ਵਿਰੋਧ ਕਰਨ ਲਈ ਬਹੁਤ ਹੀ ‘ਪੱਥਰ ਦਿਲ’ ਹੋਣ ਦੀ ਲੋੜ ਹੈ। ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੋਟ ਬੈਂਕ ਦੀ ਖਾਤਰ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਨੇੜੇ ਆਉਂਦਿਆਂ ਹੀ ਬੰਬ ਧਮਾਕੇ, ਗੋਲੀਬਾਰੀ ਅਤੇ ਬੇਅਦਬੀ ਦੀਆਂ ਸਾਜ਼ਿਸ਼ਾਂ ਰਚ ਕੇ ਲੋਕਾਂ ਨੂੰ ਡਰਾਉਣ ਅਤੇ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੇਂਦਰੀ ਏਜੰਸੀਆਂ ਦਾ ਰਾਜਨੀਤੀਕਰਨ

ਸੀਐਮ ਮਾਨ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਗੰਭੀਰ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ, ਇਨਕਮ ਟੈਕਸ ਵਿਭਾਗ ਅਤੇ ਇੱਥੋਂ ਤੱਕ ਕਿ ਚੋਣ ਕਮਿਸ਼ਨ ਦਾ ਵੀ ਪੂਰੀ ਤਰ੍ਹਾਂ ਰਾਜਨੀਤੀਕਰਨ ਕਰ ਦਿੱਤਾ ਹੈ। ਮਹਾਰਾਸ਼ਟਰ, ਬਿਹਾਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆਂ ਉਦਾਹਰਣਾਂ ਦਿੰਦਿਆਂ ਮਾਨ ਨੇ ਕਿਹਾ ਕਿ ਇਹ ਭਾਜਪਾ ਦਾ ਪੁਰਾਣਾ ਤਰੀਕਾ ਹੈ ਕਿ ਜਿੱਥੇ ਉਹ ਚੋਣਾਂ ਨਹੀਂ ਜਿੱਤ ਸਕਦੇ, ਉੱਥੇ ਏਜੰਸੀਆਂ ਰਾਹੀਂ ਵਿਰੋਧੀਆਂ ਨੂੰ ਦਬਾਇਆ ਜਾਵੇ, ਪਰ ਪੰਜਾਬ ਵਿੱਚ ਇਹ ਫਾਰਮੂਲਾ ਕਾਮਯਾਬ ਨਹੀਂ ਹੋਵੇਗਾ।

Follow Us