ਕੈਨੇਡਾ ਤੋਂ ਗੈਂਗਸਟਰਾਂ ਨੂੰ ਡਿਪੋਰਟ ਕਰਨ ਦੀ ਮੰਗ ਤੇਜ਼, ਪੰਜਾਬ ਪੁਲਿਸ ਗ੍ਰਿਫ਼ਤਾਰ ਕਰਨ ਲਈ ਤਿਆਰ
ਕੈਨੇਡਾ ਵਿੱਚ ਸ਼ਰਨਾਰਥੀ ਬਣ ਕੇ ਰਹਿ ਰਹੇ ਗੈਂਗਸਟਰਾਂ ਨੂੰ ਡਿਪੋਰਟ (ਦੇਸ਼ ਨਿਕਾਲਾ) ਕਰਨ ਦੀ ਮੰਗ ਹੁਣ ਜ਼ੋਰ ਫੜਨ ਲੱਗੀ ਹੈ। ਕੈਨੇਡਾ ਦੀ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਨੂੰ ਬਾਹਰ ਕੱਢਣ ਦੀ ਮੰਗ ਪਹਿਲਾਂ ਹੀ ਕਰ ਚੁੱਕੇ ਹਨ ਅਤੇ ਹੁਣ 'ਪੀਪਲਜ਼ ਪਾਰਟੀ ਆਫ ਕੈਨੇਡਾ' ਦੇ ਮੁਖੀ ਮੈਕਸਿਮ ਬਰਨੀਅਰ ਨੇ ਵੀ ਗੈਂਗਸਟਰਾਂ ਨੂੰ ਡਿਪੋਰਟ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਕੈਨੇਡਾ ਵਿੱਚ ਸ਼ਰਨਾਰਥੀ ਬਣ ਕੇ ਰਹਿ ਰਹੇ ਗੈਂਗਸਟਰਾਂ ਨੂੰ ਡਿਪੋਰਟ (ਦੇਸ਼ ਨਿਕਾਲਾ) ਕਰਨ ਦੀ ਮੰਗ ਹੁਣ ਜ਼ੋਰ ਫੜਨ ਲੱਗੀ ਹੈ। ਕੈਨੇਡਾ ਦੀ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਨੂੰ ਬਾਹਰ ਕੱਢਣ ਦੀ ਮੰਗ ਪਹਿਲਾਂ ਹੀ ਕਰ ਚੁੱਕੇ ਹਨ ਅਤੇ ਹੁਣ ‘ਪੀਪਲਜ਼ ਪਾਰਟੀ ਆਫ ਕੈਨੇਡਾ’ ਦੇ ਮੁਖੀ ਮੈਕਸਿਮ ਬਰਨੀਅਰ ਨੇ ਵੀ ਗੈਂਗਸਟਰਾਂ ਨੂੰ ਡਿਪੋਰਟ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਕੈਨੇਡਾ ਦੀਆਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਪੰਜਾਬ ਪੁਲਿਸ ਵੀ ਕੈਨੇਡਾ ਤੋਂ ਗੈਂਗ ਚਲਾਉਣ ਵਾਲੇ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਪਰਾਧੀਆਂ ਨੂੰ ਭਾਰਤ ਲਿਆਉਣਾ ਚਾਹੁੰਦੀ ਹੈ। ਵਿਰੋਧੀ ਧਿਰਾਂ ਕੈਨੇਡਾ ਸਰਕਾਰ ‘ਤੇ ਲਗਾਤਾਰ ਦਬਾਅ ਬਣਾ ਰਹੀਆਂ ਹਨ ਕਿ ਇਮੀਗ੍ਰੇਸ਼ਨ ਨੀਤੀ ਵਿੱਚ ਬਦਲਾਅ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਕੈਨੇਡਾ ਪਹੁੰਚੇ ਗੈਂਗਸਟਰਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਵੇ ਤਾਂ ਜੋ ਦੇਸ਼ ਵਿੱਚ ਵਧ ਰਹੇ ਅਪਰਾਧਾਂ ਨੂੰ ਨੱਥ ਪਾਈ ਜਾ ਸਕੇ।
ਮੈਕਸਿਮ ਬਰਨੀਅਰ ਨੇ ਸਰਕਾਰ ਨੂੰ ਪਾਈ ਝਾੜ
ਪੀਪਲਜ਼ ਪਾਰਟੀ ਦੇ ਮੈਕਸਿਮ ਬਰਨੀਅਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਲਿਖਿਆ ਹੈ ਕਿ ਗੈਂਗਸਟਰ ਕੈਨੇਡਾ ਦੇ ਸਰੀ ਅਤੇ ਬਰੈਂਪਟਨ ਵਰਗੇ ਸ਼ਹਿਰਾਂ ਵਿੱਚ ਅਪਰਾਧ ਦਾ ਜਾਲ ਵਿਛਾ ਕੇ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਦੀ ਲੋੜ ਹੈ।
ਬਰਨੀਅਰ ਅਨੁਸਾਰ, ਕੁਝ ਸਿਆਸੀ ਪਾਰਟੀਆਂ ਆਪਣੇ ਫਾਇਦੇ ਲਈ ਵਿਦੇਸ਼ੀ ਵੱਖਵਾਦੀਆਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ ਅਤੇ ਕੈਨੇਡਾ ਵਿੱਚ ਆਪਣੇ ਸਮਰਥਕਾਂ ਦੀ ਗਿਣਤੀ ਵਧਾਉਣ ਲਈ ਫਰਜ਼ੀ ਵਿਦਿਅਕ ਅਦਾਰਿਆਂ ਤੇ ਇਮੀਗ੍ਰੇਸ਼ਨ ਨੀਤੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਧੋਖਾਧੜੀ ਨਾਲ ਨਾਗਰਿਕਤਾ ਹਾਸਲ ਕੀਤੀ ਹੈ, ਉਨ੍ਹਾਂ ਦੀ ਨਾਗਰਿਕਤਾ ਰੱਦ ਕੀਤੀ ਜਾਣੀ ਚਾਹੀਦੀ ਹੈ।
ਕੈਨੇਡੀਅਨ ਸੰਸਦ ਵਿੱਚ ਗੂੰਜਿਆ ਲਾਰੈਂਸ ਗੈਂਗ ਦਾ ਮੁੱਦਾ
ਹਾਊਸ ਆਫ ਕਾਮਨਜ਼ (ਕੈਨੇਡਾ ਦੀ ਸੰਸਦ) ਵਿੱਚ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪਿਅਰੇ ਪੋਇਲੀਵਰੇ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਐਂਟਰੀ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਪੁਖਤਾ ਜਾਂਚ ਦੇ ਇਨ੍ਹਾਂ ਗੈਂਗਸਟਰਾਂ ਨੂੰ ਦੇਸ਼ ਵਿੱਚ ਆਉਣ ਦੀ ਇਜਾਜ਼ਤ ਦਿੱਤੀ, ਜਿਸ ਕਾਰਨ ਕੈਨੇਡਾ ਵਿੱਚ ‘ਰੰਗਦਾਰੀ’ (Extortion) ਦਾ ਸੰਕਟ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ
ਪਿਅਰੇ ਪੋਇਲੀਵਰੇ ਦੇ ਸੰਸਦ ਵਿੱਚ ਮੁੱਖ ਨੁਕਤੇ:
ਫੇਲ ਇਮੀਗ੍ਰੇਸ਼ਨ ਨੀਤੀ: ਲਿਬਰਲ ਪਾਰਟੀ ਦੀਆਂ ਆਰਥਿਕ ਅਤੇ ਇਮੀਗ੍ਰੇਸ਼ਨ ਨੀਤੀਆਂ ਪੂਰੀ ਤਰ੍ਹਾਂ ਫੇਲ ਹੋ ਚੁੱਕੀਆਂ ਹਨ, ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਰੰਗਦਾਰੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਦੇ ਰੂਪ ਵਿੱਚ ਭੁਗਤਣਾ ਪੈ ਰਿਹਾ ਹੈ।
ਫਰਜ਼ੀ ਸ਼ਰਨਾਰਥੀ: ਗੈਂਗਸਟਰ ਦੋਸ਼ੀ ਠਹਿਰਾਏ ਜਾਣ ਦੇ ਬਾਵਜੂਦ ਫਰਜ਼ੀ ਸ਼ਰਨਾਰਥੀ (Refugee) ਹੋਣ ਦਾ ਦਾਅਵਾ ਕਰਕੇ ਕੈਨੇਡਾ ਵਿੱਚ ਟਿਕੇ ਹੋਏ ਹਨ।
ਕਾਨੂੰਨ ਵਿੱਚ ਸੋਧ: ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ ਰੰਗਦਾਰੀ ਮੰਗਣ ਵਾਲੇ ਅਤੇ ਅਪਰਾਧਿਕ ਵਾਰਦਾਤਾਂ ਕਰਨ ਵਾਲੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਾਨੂੰਨ ਵਿੱਚ ਸੋਧ ਕੀਤੀ ਜਾਵੇ।
ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਕਰਾਰ
ਦੂਜੇ ਪਾਸੇ, ਕੈਨੇਡਾ ਦੇ ਕਾਨੂੰਨ ਮੰਤਰੀ ਸੀਨ ਫਰੇਜ਼ਰ ਨੇ ਸੰਸਦ ਵਿੱਚ ਕਿਹਾ ਕਿ ਵਿਰੋਧੀ ਧਿਰ ਅਜਿਹੇ ਗੈਂਗਸਟਰਾਂ ਵਿਰੁੱਧ ਕਾਨੂੰਨ ਬਣਾਉਣ ਵਿੱਚ ਸਹਿਯੋਗ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੁਲਿਸ ਲਗਾਤਾਰ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੀ ਹੈ, ਪਰ ਕੰਜ਼ਰਵੇਟਿਵ ਪਾਰਟੀ ਉਨ੍ਹਾਂ ਨੂੰ ਪਾਸ ਕਰਨ ਵਿੱਚ ਮਦਦ ਨਹੀਂ ਕਰ ਰਹੀ।
ਗੋਲਡੀ ਬਰਾੜ ਤੇ ਹੋਰ ਗੈਂਗਸਟਰਾਂ ਦਾ ਕੈਨੇਡਾ ਵਿੱਚ ਹੋਣ ਦਾ ਸ਼ੱਕ
ਗੋਲਡੀ ਬਰਾੜ, ਅਰਸ਼ਦੀਪ ਡੱਲਾ ਅਤੇ ਲਾਰੈਂਸ ਗੈਂਗ ਦੇ ਕਈ ਹੋਰ ਮੈਂਬਰਾਂ ਦੇ ਕੈਨੇਡਾ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਗੈਂਗਸਟਰ ਕੈਨੇਡਾ ਵਿੱਚ ਬੈਠ ਕੇ ਪੰਜਾਬ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਆਪਣੀਆਂ ਅਪਰਾਧਿਕ ਗਤੀਵਿਧੀਆਂ ਚਲਾ ਰਹੇ ਹਨ। ਇਸ ਤੋਂ ਇਲਾਵਾ, ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨਾਂ ਅਤੇ ਗੈਂਗਸਟਰਾਂ ਵੱਲੋਂ ਮੰਗੀ ਜਾ ਰਹੀ ਰੰਗਦਾਰੀ ਨੇ ਸਥਾਨਕ ਪੁਲਿਸ ਦੀ ਚਿੰਤਾ ਵਧਾ ਦਿੱਤੀ ਹੈ।


