ਅਗਵਾ ਕਰਕੇ ਕੁੱਟਮਾਰ ਕਰਨ ਦਾ ਮਾਮਲਾ : ਅੰਮ੍ਰਿਤਪਾਲ ਸਿੰਘ ਸਮੇਤ ਦੋ ਦਰਜਨ ‘ਤੇ ਮਾਮਲਾ ਦਰਜ
ਵਰਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘ ਉਸਨੂੰ =ਗੱਲਾਂ ਚ ਫਸਾ ਕੇ ਅਗਵਾ ਕਰਕੇ ਜੰਡਿਆਲਾ ਗੁਰੂ ਲੈ ਗਏ ਜਿੱਥੇ ਉਨ੍ਹਾਂ ਵੱਲੋਂ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ।
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਵੀਡੀਓ ਪਾਉਣ ਤੋਂ ਬਾਅਦ ਅੰਮ੍ਰਿਤਸਰ ਪਹੁੰਚੇ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤ ਨੌਜਵਾਨ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਮਿਲੀ ਸ਼ਿਕਾਇਤ ਤੇ ਅਜਨਾਲਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 26 ਹੋਰਨਾਂ ਦੇ ਖਿਲਾਫ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ‘ਤੇ ਛਿੜਿਆ ਵਿਵਾਦ
ਚਮਕੌਰ ਸਾਹਿਬ ਇਲਾਕੇ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਹ ਦਮਦਮੀ ਟਕਸਾਲ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਗਿਆ ਸੀ, ਉਦੋਂ ਹੀ ਕੁਝ ਸਿੰਘ ਉਸਨੂੰ ਆਪਣੀਆਂ ਗੱਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਜੰਡਿਆਲਾ ਗੁਰੂ ਲੈ ਗਏ ਜਿੱਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਬੁਰੀ ਤਰੀਕੇ ਨਾਲ ਕੁੱਟ ਮਾਰ ਕੀਤੀ ਗਈ। ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਦੋਸ਼ੀ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਜਨਾਲਾ ਤੋਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਵਰਿੰਦਰ ਸਿੰਘ ਨਾਮਕ ਨੌਜਵਾਨ ਨਾਲ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਰਿੰਦਰ ਸਿੰਘ ਦੇ ਬਿਆਨ ਉੱਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਇਸ ਵਿੱਚ ਉਹ ਭਾਈ ਅੰਮ੍ਰਿਤਪਾਲ ਸਿੰਘ ਦਾ ਵੀ ਨਾਮ ਲੈ ਰਿਹਾ ਹੈ। ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਛੇ ਸਾਲਾਂ ਬਾਅਦ ਭਾਰਤ ਪਰਤਿਆ ਹੈ ਅੰਮ੍ਰਿਤਪਾਲ ਸਿੰਘ
ਦੱਸ ਦੇਈਏ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੀ ਸੰਸਥਾ ਦਾ ਮੁਖੀ ਬਣਿਆ। ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ । ਉਹ ਦੁਬਈ ਵਿੱਚ ਰਹਿ ਕੇ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਸੀ। ਪਰ ਹੁਣ ਉਹ ਦੁਬਈ ਤੋਂ ਆਪਣਾ ਕੰਮ ਸਮੇਟ ਕੇ ਵਾਪਸ ਭਾਰਤ ਆ ਗਿਆ। ਅੰਮ੍ਰਿਤਪਾਲ ਸਿੰਘ ਛੇ ਸਾਲਾਂ ਮਗਰੋਂ ਸਤੰਬਰ 2022 ਵਿੱਚ ਭਾਰਤ ਆ ਗਿਆ ਸੀ। ਇਹ ਗੱਲਾਂ ਉਨ੍ਹਾਂ ਨੇ ਖੁਦ ਇਕ ਮੀਡੀਆ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਕਹੀਆਂ ਹਨ।