Chandigarh 131st Amendment Bill: ਜੋ ਕਦਮ ਚੁੱਕਣੇ ਪਏ, ਉਹ ਚੁੱਕਾਂਗੇ, ਚੰਡੀਗੜ੍ਹ ਦੇ ਮੁੱਦੇ ਤੇ ਬੋਲੇ CM ਭਗਵੰਤ ਮਾਨ

Published: 

22 Nov 2025 20:46 PM IST

ਮਾਨ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।

Chandigarh 131st Amendment Bill: ਜੋ ਕਦਮ ਚੁੱਕਣੇ ਪਏ, ਉਹ ਚੁੱਕਾਂਗੇ, ਚੰਡੀਗੜ੍ਹ ਦੇ ਮੁੱਦੇ ਤੇ ਬੋਲੇ CM ਭਗਵੰਤ ਮਾਨ
Follow Us On

ਕੇਂਦਰ ਸਰਕਾਰ ਅਗਲੇ ਪਾਰਲੀਮੈਂਟ ਦੇ ਇਜਲਾਸ ਵਿੱਚ 131ਵਾਂ ਸੰਵਿਧਾਨ ਸੋਧ ਬਿੱਲ ਲੈਕੇ ਆ ਰਿਹਾ ਹੈ। ਜਿਸ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਜਿੱਥੇ ਕਾਂਗਰਸ ਨੇ ਕੇਂਦਰ ਨੂੰ ਅਜਿਹਾ ਕੋਈ ਕਦਮ ਨਾ ਲੈਣ ਦੀ ਅਪੀਲ ਕੀਤੀ ਹੈ ਤਾਂ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਹੱਥੋਂ ਪ੍ਰਸ਼ਾਸਨਿਕ ਅਧਿਕਾਰ ਵੀ ਚਲਾ ਗਿਆ ਤਾਂ ਚੰਡੀਗੜ੍ਹ ਉੱਪਰ ਸੂਬੇ ਦਾ ਅਧਿਕਾਰ ਵੀ ਹਮੇਸ਼ਾ ਲਈ ਖ਼ਤਮ ਹੋ ਜਾਵੇਗਾ।

ਇਹਨਾਂ ਬਿਆਨ ਵਿਚਾਲੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸ਼ੋਸਲ ਮੀਡੀਆ ਰਾਹੀਂ ਇੱਕ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ” ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ ‘ਚ ਵਿਰੋਧ ਕਰਦੇ ਹਾਂ।

ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗੇ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।”

ਕੀ ਹੈ ਸੋਧ ਬਿੱਲ ਵਿੱਚ ?

ਜਾਣਕਾਰੀ ਅਨੁਸਾਰ 131ਵੇਂ ਸੰਵਿਧਾਨਿਕ ਸੋਧ ਰਾਹੀਂ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਸੰਵਿਧਾਨ ਦੇ ਆਰਟੀਕਲ 240 ਦੇ ਅਧੀਨ ਲਿਆਉਣ ਜਾ ਰਹੀ ਹੈ। ਜੇਕਰ ਇਹ ਸੋਧ ਹੋ ਜਾਂਦੀ ਹੈ ਤਾਂ ਚੰਡੀਗੜ੍ਹ ਦਾ ਸਟੇਟਸ ਬਦਲ ਜਾਵੇਗਾ।

ਭਾਰਤੀ ਸੰਵਿਧਾਨ ਦਾ ਆਰਟੀਕਲ 240 ਰਾਸ਼ਟਰਪਤੀ ਨੂੰ ਕੇਂਦਰ ਸਰਕਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ) ਲਈ ਨਿਯਮ ਅਤੇ ਕਾਨੂੰਨ ਬਣਾਉਣ ਦਾ ਅਧਿਕਾਰ ਦਿੰਦਾ ਹੈ। ਇਹ ਧਾਰਾ ਉਨ੍ਹਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਤੇ ਲਾਗੂ ਹੁੰਦੀ ਹੈ ਜਿਨ੍ਹਾਂ ਦੀਆਂ ਆਪਣੀਆਂ ਵਿਧਾਨ ਸਭਾਵਾਂ ਨਹੀਂ ਹਨ। ਇਸ ਤੋਂ ਬਾਅਦ, ਕੇਂਦਰ ਸਰਕਾਰ ਕੋਲ ਸਿੱਧੀ ਵਿਧਾਨਕ ਸ਼ਕਤੀ ਹੋਵੇਗੀ।

ਰਾਸ਼ਟਰਪਤੀ ਚੰਡੀਗੜ੍ਹ ਦੇ ਪ੍ਰਸ਼ਾਸਨ, ਪੁਲਿਸ, ਜ਼ਮੀਨ, ਸਿੱਖਿਆ, ਨਗਰ ਨਿਗਮ ਸੰਸਥਾਵਾਂ ਆਦਿ ਬਾਰੇ ਸਿੱਧੇ ਤੌਰ ‘ਤੇ ਨਿਯਮ ਬਣਾ ਸਕਦੇ ਹਨ। ਵਰਤਮਾਨ ਵਿੱਚ, ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਹੈ। ਇੱਥੇ ਐਸਐਸਪੀ ਪੰਜਾਬ ਕੇਡਰ ਤੋਂ ਨਿਯੁਕਤ ਕੀਤਾ ਜਾਂਦਾ ਹੈ, ਅਤੇ ਡੀਸੀ ਹਰਿਆਣਾ ਕੇਡਰ ਤੋਂ। ਬਿੱਲ ਤੋਂ ਬਾਅਦ, ਇਹ ਨਿਯੁਕਤੀਆਂ ਸਿੱਧੇ ਕੇਂਦਰ ਸਰਕਾਰ ਦੁਆਰਾ ਕੀਤੀਆਂ ਜਾਣਗੀਆਂ।