52 ਪਿੰਡ ਉਜਾੜ ਕੇ ਬਣਿਆ ਚੰਡੀਗੜ੍ਹ, ਯੂਨੀਵਰਸਿਟੀ ਤੇ ਨਹੀਂ ਹੋਣ ਦਿਆਂਗੇ ਕੇਂਦਰ ਦਾ ਕਬਜ਼ਾ- ਚੀਮਾ
Daljit Singh Cheema On Panjab University: ਡਾ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰ ਰਹੀ ਹੈ ਅਤੇ ਸੂਬੇ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੁਰਾਣੀ 91 ਮੈਂਬਰੀ ਸੈਨੇਟ ਨੂੰ ਬਹਾਲ ਕਰੇ ਅਤੇ ਤੁਰੰਤ ਚੋਣਾਂ ਦਾ ਐਲਾਨ ਕਰੇ।
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਰਾਦਾ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦਾ ਹੈ। ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਕੇ, ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਨੂੰ ਸਾਬਤ ਕਰ ਦਿੱਤਾ ਹੈ।
ਡਾ. ਚੀਮਾ ਅਤੇ ਰਾਜੂ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ 59 ਸਾਲ ਪੁਰਾਣੇ ਵਿਰੋਧ ਦੇ ਜਵਾਬ ਵਿੱਚ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਕੇ ਪੰਜਾਬ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਭਗਵਾਂਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਸਨ, ਤਾਂ ਦਿੱਲੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਉਨ੍ਹਾਂ ਨੂੰ ਰੱਦ ਕਰਨ ਲਈ, ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਸਵੀਕਾਰ ਕਰ ਲਿਆ ਅਤੇ ਅੰਦੋਲਨ ਖਤਮ ਕਰ ਦਿੱਤਾ।
52 ਪਿੰਡ ਉਜਾੜ ਕੇ ਵਸਿਆ ਚੰਡੀਗੜ੍ਹ
ਡਾ. ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰ ਰਹੀ ਹੈ ਅਤੇ ਸੂਬੇ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੁਰਾਣੀ 91 ਮੈਂਬਰੀ ਸੈਨੇਟ ਨੂੰ ਬਹਾਲ ਕਰੇ ਅਤੇ ਤੁਰੰਤ ਚੋਣਾਂ ਦਾ ਐਲਾਨ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦਾ ਨਵਾਂ ਨੋਟੀਫਿਕੇਸ਼ਨ ਯੂਨੀਵਰਸਿਟੀ ਨੂੰ ਦਿੱਲੀ ਦੇ ਕੰਟਰੋਲ ਹੇਠ ਲਿਆਉਣ ਦੀ ਕੋਸ਼ਿਸ਼ ਹੈ, ਜੋ ਕਿ ਪੰਜਾਬ ਲਈ ਇੱਕ ਵੱਡਾ ਝਟਕਾ ਹੈ।
ਰਾਜੂ ਖੰਨਾ ਨੇ ਯਾਦ ਦਿਵਾਇਆ ਕਿ ਜਦੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਹੋਂਦ ਵਿੱਚ ਆਈ, ਤਾਂ ਚੰਡੀਗੜ੍ਹ ਸਥਾਪਤ ਕਰਨ ਲਈ ਪੰਜਾਬ ਦੇ 52 ਪਿੰਡਾਂ ਨੂੰ ਉਜਾੜ ਦਿੱਤਾ ਗਿਆ। ਇਸ ਲਈ, ਕੇਂਦਰ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਰਾਜ ਨਾਲ ਸਬੰਧਤ ਸੈਨੇਟ ਮੈਂਬਰਾਂ ਦਾ ਹੀ ਪੰਜਾਬ ਯੂਨੀਵਰਸਿਟੀ ‘ਤੇ ਪੂਰਾ ਅਧਿਕਾਰ ਹੈ।
ਤਰਨਤਾਰਨ ਚੋਣ ਬਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਚੋਣ ਦੇ ਪ੍ਰਚਾਰ ਦੌਰਾਨ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਮਰਥਨ ਦਿੱਤਾ ਹੈ ਅਤੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਇਹ ਚੋਣ ਲੋਕਾਂ ਦੇ ਵੱਡੇ ਫਤਵੇ ਨਾਲ ਜਿੱਤੇਗੀ।


