ਕੌਮੀ ਇਨਸਾਫ ਮੋਰਚੇ ਨਾਲ ਟਕਰਾਅ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨੇ ਬਣਾਈ ਸਾਂਝੀ ਰਣਨੀਤੀ
ਕੌਮੀ ਇਨਸਾਫ਼ ਮੋਰਚਾ ਵੱਲੋਂ ਬੀਤੇ ਇਕ ਮਹੀਨੇ ਤੋਂ ਸੰਘਰਸ਼ ਵਿੱਢਿਆ ਹੋਇਆ ਹੈ। ਮੋਰਚੇ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਲਗਾਤਾਰ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੋਹਾਲੀ ਅਤੇ ਚੰਡੀਗੜ੍ਹ ਵਾਲੇ ਪਾਸੇ ਪੁਲਿਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ।
ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ਬਾਰਡਰ ਤੇ ਪੁਲਿਸ ਅਤੇ ਕੌਮੀ ਇਨਸਾਫ ਮੌਰਚੇ ਦੇ ਆਗੂਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਸ਼ੁਕੱਰਵਾਰ ਨੂੰ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਅਤੇ ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਸਾਂਝੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਦੋਹਾਂ ਸੂਬਿਆਂ ਦੇ ਸੀਨੀਅਰ ਪੁਲਿਸ ਅਫਸਰ ਵੀ ਮੌਜੂਦ ਰਹੇ।
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਸੁਰੱਖਿਆ ਵੱਧੀ
ਮੋਹਾਲੀ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਹੈ ਕਿਉਂਕਿ ਪ੍ਰਦਰਸ਼ਨਕਾਰੀਆਂ ਨੇ ਧਰਨਾ ਜਾਰੀ ਰੱਖਿਆ ਹੋਇਆ ਹੈ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਸ਼ੁੱਕਰਵਾਰ ਨੂੰ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹਨ ਜੋ ਸਰਹੱਦ ਦੇ ਦੋਵੇਂ ਪਾਸਿਆਂ ਦੇ ਨਾਲ-ਨਾਲ ਪ੍ਰਦਰਸ਼ਨਕਾਰੀਆਂ ਤੇ ਵੀ ਨਜ਼ਰ ਰੱਖ ਰਹੇ ਹਨ।
ਪ੍ਰਦਰਸ਼ਨਕਾਰੀਆਂ ਤੇ ਤਿੱਖੀ ਨਜਰ
ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਵੀ ਕੁਝ ਖਾਸ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੀ ਤਰ੍ਹਾਂ ਚੌਕਸ ਹੈ। ਮੋਹਾਲੀ ਅਤੇ ਚੰਡੀਗੜ੍ਹ ਵਾਲੇ ਪਾਸੇ ਪੁਲਿਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਦੇ ਡੀ ਜੀ ਪੀ ਸਮੇਤ ਹੋਰ ਅਧਿਕਾਰੀ ਵੀ ਪਹਿਲੇ ਦਿਨ ਤੋਂ ਬੈਕਫੁੱਟ ਤੇ ਆਉਣ ਦੇ ਅਗਲੇ ਦਿਨ ਹੀ ਐਲਾਨ ਕਰਕੇ ਫੋਰਸ ਦੇ ਜਵਾਨਾਂ ਨੂੰ ਹੌਂਸਲਾ ਦੇ ਰਹੇ ਹਨ।
ਡੀਜੀਪੀ ਸਮੇਤ ਉੱਚ ਅਧਿਕਾਰੀਆਂ ਵਿਚਾਲੇ ਮੀਟਿੰਗ
ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਦੋਵਾਂ ਪੁਲਿਸ ਬਲਾਂ ਨਾਲ ਬਿਹਤਰ ਤਾਲਮੇਲ ਲਈ ਇੱਕ ਤਾਲਮੇਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੀ ਡੀਜੀਪੀ ਤੋਂ ਇਲਾਵਾ, ਏ ਡੀ ਜੀ ਪੀ ਐਚ ਐਂਡ ਓ, ਆਈ ਜੀ ਰੂਪਨੰਗਰ ਰੇਂਜ ਸਮੇਤ ਚੰਡੀਗੜ੍ਹ ਅਤੇ ਮੋਹਾਲੀ ਦੇ ਐਸ ਐਸ ਪੀਜ਼ ਸ਼ਾਮਿਲ ਹੋਏ। ਹੁਣ ਦੋਹਾਂ ਸੂਬਿਆਂ ਦੀ ਪੁਲਿਸ ਆਪਸੀ ਤਾਲਮੇਲ ਦੇ ਨਾਲ ਅਜਿਹੇ ਹਾਲਾਤਾਂ ਦੇ ਕਾਬੂ ਪਾਵੇਗੀ।
ਕੌਮੀ ਇਨਸਾਫ ਮੋਰਚੇ ਦੇ ਆਗੂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੇ ਅੜੇ
ਦੂਜੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਬੀਤੇ ਇਕ ਮਹੀਨੇ ਤੋਂ ਸੰਘਰਸ਼ ਵਿੱਢਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਲਗਾਤਾਰ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਦੌਰਾਨ ਹੀ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਸ਼ਿਸ਼ ਕਰਨ ਤੋਂ ਬਾਅਦ ਜਥੇ ਦੇ ਮੈਂਬਰਾਂ ਅਤੇ ਚੰਡੀਗੜ੍ਹ ਪੁਲੀਸ ਵਿਚਾਲੇ ਹਿੰਸਕ ਝੜਪ ਹੋ ਗਈ ਸੀ ਜਿਸ ਵਿਚ ਕੌਮੀ ਇਨਸਾਫ ਮੋਰਚਾ ਦੇ ਪ੍ਰਦਰਸ਼ਨਕਾਰੀਆਂ ਦਰਜਨਾਂ ਪੁਲਿਸ ਕਰਮੀ ਜ਼ਖਮੀ ਹੋ ਗਏ ਸਨ ਅਤੇ ਦਰਜਨਾਂ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਸੀ।ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਹਿੰਸਾ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਸੀ।