ਚੰਡੀਗੜ੍ਹ ਨਗਰ ਨਿਗਮ ਚੋਣਾਂ: AAP ਨੇ 8 ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, ਹੁਣ ਤੱਕ 25 ਉਮੀਦਵਾਰ ਐਲਾਨੇ
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਆਪਣੇ 8 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਆਈਆਂ ਦੋ ਸੂਚੀਆਂ ਵਿੱਚ 17 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਸੀ।
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (AAP) ਵੱਲੋਂ ਅੱਜ ਆਪਣੇ 8 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਆਈਆਂ ਦੋ ਸੂਚੀਆਂ ਵਿੱਚ 17 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਸੀ।
ਇਨ੍ਹਾਂ ਤਿੰਨਾਂ ਸੂਚੀਆਂ ਨੂੰ ਮਿਲਾ ਕੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚੋਂ ਹੁਣ ਤੱਕ 25 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਨਗਰ ਨਿਗਮ ਦੇ 35 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (BJP) ਅਤੇ ਕਾਂਗਰਸ ਵੱਲੋਂ ਵੀ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਪ੍ਰਾਪਤ ਵੇਰਵਿਆਂ ਮੁਤਾਬਕ ਭਾਜਪਾ ਵੱਲੋਂ ਹੁਣ ਤੱਕ 23 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਦਕਿ ਕਾਂਗਰਸ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਕਾਂਗਰਸ ਨੇ ਸੇਵਾਮੁਕਤ DSP ਸਣੇ 30 ਉਮੀਦਵਾਰ ਉਤਾਰੇ
ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10 ਵਜੇ ਕਾਂਗਰਸ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ.ਐੱਸ. ਲੱਕੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਵਾਰਡ ਨੰਬਰ 1 ਤੋਂ 35 ਤੱਕ ਦੇ 30 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ, ਜਨਰਲ, ਐੱਸ.ਸੀ. (SC) ਅਤੇ ਮਹਿਲਾ ਰਾਖਵੇਂ ਵਾਰਡਾਂ ਦੇ ਹਿਸਾਬ ਨਾਲ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਵਿੱਚ ਸਾਬਕਾ ਮੇਅਰ ਅਤੇ ਇੱਕ ਸੇਵਾਮੁਕਤ ਡੀ.ਐੱਸ.ਪੀ. (DSP) ਦਾ ਨਾਮ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ, ਜਿਸ ਤੋਂ ਬਾਅਦ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਅਕਾਲੀ ਦਲ ਦੀ ਵੀ ਭਾਜਪਾ ਨਾਲ ਚੱਲ ਰਹੀ ਹੈ ਚਰਚਾ
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਿਆਸੀ ਹਲਕਿਆਂ ਮੁਤਾਬਕ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਲਗਾਤਾਰ ਮੰਥਨ ਜਾਰੀ ਹੈ। ਦੋਵਾਂ ਪਾਰਟੀਆਂ ਦਰਮਿਆਨ ਚੱਲ ਰਹੀ ਇਸ ਚਰਚਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜਲਦ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।


