ਸਰਕਾਰੀ ਤੋਂ ਬਾਅਦ ਹੁਣ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰੇਗੀ ਪੰਜਾਬ ਸਰਕਾਰ
Private Jobs to Youth: ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਗਤੀਸ਼ੀਲ, ਅਗਾਂਹਵਧੂ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।
ਚੰਡੀਗੜ੍ਹ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ। ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।


