Public Mines: ਸਸਤੀਆਂ ਦਰਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਦੀ ਸ਼ੁਰੂਆਤ
CM Bhagwant Maan ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਿੱਚ ਵਧੇ-ਫੁੱਲੇ ਰੇਤ ਮਾਫ਼ੀਆ ਦੀ ਜੜ੍ਹ ਵੱਢ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਹੋ ਸਕੇ।
5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਵਿਕਰੀ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾਂ ਉੱਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਵਿਕਰੀ ਕੀਤੀ ਜਾਵੇਗੀ, ਜਿਸ ਨਾਲ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾ ਵਿੱਚ ਕੇਵਲ ਹੱਥਾਂ ਨਾਲ ਹੀ ਰੇਤੇ ਦੀ ਖੁਦਾਈ ਕਰਨ ਦੀ ਆਗਿਆ ਹੋਵੇਗੀ, ਜਦੋਂ ਕਿ ਮਸ਼ੀਨਾਂ ਰਾਹੀਂ ਖੁਦਾਈ ਦਾ ਕਾਰਜ ਨਹੀਂ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ 35 ਜਨਤਕ ਖੱਡਾਂ ਰਾਹੀਂ 5.82 ਲੱਖ ਮੀਟਰਿਕ ਟਨ ਰੇਤੇ ਦੀ ਖਰੀਦ ਲੋਕਾਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 20 ਨਵੀਆਂ ਖੱਡਾ ਸ਼ੁਰੂ ਹੋਣ ਦੇ ਨਾਲ 18.29 ਲੱਖ ਮੀਟਰਿਕ ਟਨ ਰੇਤਾ ਲੋਕਾਂ ਨੂੰ ਮੁਹੱਈਆ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ਨਾਲ ਸਸਤਾ ਰੇਤਾ ਹੀ ਨਹੀਂ ਮਿਲੇਗਾ, ਸਗੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5 ਕਰੋੜ ਰੁਪਏ ਇਨ੍ਹਾਂ ਖੱਡਾਂ ਵਿੱਚ ਮਜ਼ਦੂਰੀ ਕਰਨ ਵਾਲੇ ਲੋਕਾਂ ਵੱਲੋਂ ਕਮਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਸਿਰਫ਼ ਗੈਰ-ਵਪਾਰਿਕ ਪ੍ਰਾਜੈਕਟਾਂ ਲਈ ਹੀ ਰੇਤੇ ਦੀ ਖਰੀਦ ਕੀਤੀ ਜਾ ਸਕੇਗੀ।ਸੂਰਜ ਡੁੱਬਣ ਤੱਕ ਹੀ ਹੋਵੇ ਰੇਤ ਦੀ ਵਿਕਰੀ
ਮੁੱਖ ਮੰਤਰੀ ਨੇ ਕਿਹਾ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ‘ਤੇ ਰੇਤ ਦੀ ਨਿਕਾਸੀ ਰੈਗੂਲੇਟ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਸੂਬੇ ਵਿੱਚ ਰੇਤ ਮਾਫੀਆ ਪੈਦਾ ਕਰਨ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦਾ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਦੀ ਅੰਨ੍ਹੀ ਲੁੱਟ ਕਰਨ ਵਾਲੇ ਮਾਫੀਆ ਨਾਲ ਸਿੱਧੀ ਮਿਲੀਭੁਗਤ ਸੀ।ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ
ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨੂੰ ਲੋਕ ਪੱਖੀ ਫੈਸਲੇ ਲੈ ਕੇ ਵਿੱਤੀ ਘਾਟੇ ਤੋਂ ਵਿੱਤੀ ਲਾਭ ਵਾਲੇ ਸੂਬੇ ਵਜੋਂ ਤਬਦੀਲ ਕੀਤਾ ਗਿਆ ਜਿਸ ਨਾਲ ਸੂਬੇ ਦੀ ਗੁਆਚੀ ਸ਼ਾਨ ਬਹਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਤ ਮਾਫੀਆ ਦੇ ਖਾਤਮੇ ਲਈ ਕਈ ਦਲੇਰਾਨਾ ਫੈਸਲੇ ਲਏ ਹਨ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮਿਲਣੀ ਯਕੀਨੀ ਬਣਾਈ ਜਾ ਸਕੇ ਕਿਉਂ ਜੋ ਇਹ ਮਾਫੀਆ ਪਿਛਲੇ ਸਮੇਂ ਵਿਚ ਆਪਹੁਦਰੀਆਂ ਕਰਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗਾਰੰਟੀ ਨੂੰ ਪੂਰਾ ਕੀਤਾ ਹੈ ਅਤੇ ਹੁਣ ਇਨ੍ਹਾਂ ਜਨਤਕ ਖੱਡਾਂ ‘ਤੇ ਸਿਰਫ 5.50 ਰੁਪਏ ‘ਚ ਰੇਤਾ ਵਿਕ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਰੇਕ ਮਾਫੀਏ ਨਾਲ ਮਿਲੀਭੁਗਤ ਸੀ ਜਿਸ ਨੇ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਨੂੰ ਦੋਵੇਂ ਹੱਥੀਂ ਲੁੱਟਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਦਾਗੀ ਵਿਅਕਤੀ ਨੂੰ ਉਨ੍ਹਾਂ ਦੀ ਸਰਕਾਰ ਅਧੀਨ ਕਿਸੇ ਵੀ ਸਰੋਤ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਫੈਸਲਾ ਕਰੇਗੀ।ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟਾਲਰੇਂਸ ਨੀਤੀ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਹਰੇਕ ਵਿਅਕਤੀ ਭਾਵੇਂ ਕੋਈ ਵੀ ਰੁਤਬਾ ਰੱਖਦੇ ਹੋਵੇ, ਵਿਰੁੱਧ ਹਰਗਿਜ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਜਨਤਾ ਦਾ ਸਰਮਾਇਆ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
