CM Letter to PM: ਹਿਮਾਚਲ ਪ੍ਰਦੇਸ਼ ਨੂੰ ਬੀਬੀਐਮਬੀ ਵੱਲੋਂ ਪਾਣੀ ਦੇਣ ਦੇ ਫੈਸਲੇ ਦਾ ਵਿਰੋਧ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿੱਖਿਆ ਪੱਤਰ | bbmb decision to supply water to himachal pradesh -cm maan strongly-opposes-the decision-write letter to pm news in punjabi Punjabi news - TV9 Punjabi

CM Letter to PM: ਹਿਮਾਚਲ ਪ੍ਰਦੇਸ਼ ਨੂੰ BBMB ਵੱਲੋਂ ਪਾਣੀ ਦੇਣ ਦੇ ਫੈਸਲੇ ਦਾ ਵਿਰੋਧ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿੱਖਿਆ ਪੱਤਰ

Updated On: 

14 Jun 2023 17:08 PM

ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰ ਵਿੱਚ ਲਿੱਖਿਆ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰ-ਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।

CM Letter to PM: ਹਿਮਾਚਲ ਪ੍ਰਦੇਸ਼ ਨੂੰ BBMB ਵੱਲੋਂ ਪਾਣੀ ਦੇਣ ਦੇ ਫੈਸਲੇ ਦਾ ਵਿਰੋਧ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਿੱਖਿਆ ਪੱਤਰ
Follow Us On

ਚੰਡੀਗੜ੍ਹ ਨਿਊਜ਼। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬੁੱਧਵਾਰ ਨੂੰ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ (ਐਨਓਸੀ) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐਨ.ਓ.ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀਬੀਐਮਬੀ ਪਾਣੀ ਦੀ ਸਪਲਾਈ ਅਤੇ ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ.ਬੀ.ਐਮ.ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ।

‘ਦਰਿਆਵਾਂ ਦੇ ਹਿਮਾਚਲ ਨਹੀਂ ਕਰ ਸਕਦਾ ਦਾਅਵਾ’

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79(1) ਦੇ ਤਹਿਤ ਕੀਤਾ ਗਿਆ ਹੈ ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਮੁਤਾਬਕ ਬੀ.ਬੀ.ਐਮ.ਬੀ. ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ਉਤੇ ਕੋਈ ਦਾਅਵਾ ਨਹੀਂ ਕਰ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਤ ਹੈ ਅਤੇ ਇਹ ਨਿਰਧਾਰਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਅਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਤ ਜਾਂ ਫੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ ਉਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖ਼ੇਤਰ ਵਿੱਚ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਭਾਈਵਾਲ ਸੂਬੇ ਉਦਾਰ ਰੂਪ ਅਖ਼ਤਿਆਰ ਕਰਦਿਆਂ ਬੀਤੇ ਸਮੇਂ ਵਿੱਚ ਪੀਣ ਲਈ ਵਰਤਣ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਅੰਤਰਰਾਜੀ ਨਹਿਰੀ ਚੈਨਲਾਂ ਰਾਹੀਂ ਪਾਣੀ ਮੁਹੱਈਆ ਕਰਦੇ ਰਹੇ ਹਨ।

ਇਕਤਰਫ਼ਾ ਫੈਸਲੇ ‘ਤੇ ਮੁੜ ਵਿਚਾਰ ਕਰੇ ਕੇਂਦਰ – ਸੀਐੱਮ

ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਭਾਰਤ ਸਰਕਾਰ ਨੇ ਹਦਾਇਤਾਂ ਵਿੱਚ ਸਿੰਜਾਈ ਸਕੀਮਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲਾਂ ਦੌਰਾਨ ਬੀ.ਬੀ.ਐਮ.ਬੀ. ਨੇ 16 ਮੌਕਿਆਂ ਉਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੀ ਪ੍ਰਵਾਨਗੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਜਦੋਂ ਦਰਿਆਵਾਂ ਵਿੱਚ ਸਾਲ ਦਰ ਸਾਲ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਸਾਰੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ਵਿੱਚ ਭਾਰਤ ਸਰਕਾਰ ਨੂੰ ਇਸ ਇਕਤਰਫ਼ਾ ਫੈਸਲੇ ਉਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣ ਦੀ ਲੋੜ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version