Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। 95 ਸਾਲ ਦੇ ਬਾਦਲ ਬੀਤੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ। ਨਾਲ ਹੀ ਕੱਲ੍ਹ ਯਾਨੀ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਕੱਲ੍ਹ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਹਸਪਤਾਲ ਦੇ ਬਾਹਰ ਸਮਰਥਕਾਂ ਦਾ ਇੱਕਠ
ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਦੀ ਖਬਰ ਸੁਣਦਿਆਂ ਹੀ ਹਸਪਤਾਲ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਇੱਕਠ ਹੋਣਾ ਸ਼ੁਰੂ ਹੋ ਗਿਆ। ਹਰ ਕੋਈ ਆਪਣੇ ਪਿਆਰੇ ਨੇਤਾ ਦੇ ਆਖਰੀ ਦਰਸ਼ਨ ਕਰਨ ਲਈ ਬੇਚੈਨ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਕੱਲ੍ਹ ਸਵੇਰੇ 10 ਤੋਂ 12 ਵਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਆਖਰੀ ਦਰਸ਼ਨਾਂ ਲਈ ਰੱਖੀ ਜਾਵੇਗੀ।
5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ
ਵੱਡੇ ਬਾਦਲ ਦੇ ਨਾਂ ਨਾਲ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਉਹ 1970 ਤੋਂ 71, 1977 ਤੋਂ 80, 1997 ਤੋਂ 2002, 2007 ਤੋਂ 12 ਅਤੇ 2012 ਤੋਂ 2017 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ। ਇਸ ਦੇ ਨਾਲ ਹੀ ਉਹ ਇੱਕ ਵਾਰ ਲੋਕ ਸਭਾ ਦੇ ਮੈਂਬਰ ਵੀ ਰਹੇ। 1997 ਵਿੱਚ ਉਹ ਕੁਝ ਮਹੀਨਿਆਂ ਲਈ ਕੇਂਦਰੀ ਖੇਤੀਬਾੜੀ ਮੰਤਰੀ ਵੀ ਰਹੇ।
ਉਨ੍ਹਾਂ ਦਾ ਸਿਆਸੀ ਕਰੀਅਰ 20 ਸਾਲ ਦੀ ਉਮਰ ਵਿੱਚ ਸ਼ੁਰੂ ਹੋਇਆ ਸੀ। 1957 ਵਿੱਚ ਉਹ ਪਹਿਲੀ ਵਾਰ ਵਿਧਾਇਕ ਚੁਣੇ ਗਏ। ਉਹ 1972, 1980 ਅਤੇ 2002 ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਸੂਬੇ ਦੇ ਅਬੁਲ ਖੁਰਾਣਾ ਵਿੱਚ ਹੋਇਆ ਸੀ।ਉਹ 10 ਵਾਰ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1995 ਤੋਂ 2008 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਮੁਖੀ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ